ਮਜ਼ਦੂਰਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਸਰਕਾਰ ਦੀ ਤਾਨਾਸ਼ਾਹੀ ਕਾਰਵਾਈ: ਸੁਖਜਿੰਦਰ ਰੰਧਾਵਾ
ਨਰੇਗਾ ਮਜ਼ਦੂਰਾਂ ਦੀ 8 ਮਹੀਨਿਆਂ ਤੋਂ ਬਕਾਇਆ ਮਜ਼ਦੂਰੀ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ
ਘਟਨਾ ਦੀ ਨਿਆਂਇਕ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ
ਚੰਡੀਗੜ੍ਹ, 15 ਜੁਲਾਈ:
ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਖੰਨਾ ਦੀ ਸਨ ਸਿਟੀ ਕਾਲੋਨੀ ਵਿੱਚ ਨਰੇਗਾ ਦੇ ਕੱਚੇ ਮਜ਼ਦੂਰਾਂ 'ਤੇ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਰੇਗਾ ਮਜ਼ਦੂਰ ਪਿਛਲੇ ਅੱਠ ਮਹੀਨਿਆਂ ਤੋਂ ਆਪਣੀ ਬਕਾਇਆ ਮਜ਼ਦੂਰੀ ਦੀ ਮੰਗ ਕਰ ਰਹੇ ਸਨ। ਆਪਣੀ ਮਿਹਨਤ ਦੀ ਕਮਾਈ ਮੰਗਣ ਵਾਲੇ ਗਰੀਬ ਮਜ਼ਦੂਰਾਂ ਨਾਲ ਅਪਰਾਧੀਆਂ ਵਾਂਗ ਸਲੂਕ ਕਰਨਾ ਬਹੁਤ ਹੀ ਦੁਖਦਾਈ ਹੈ। ਇਹ ਪੁਲਿਸ ਕਾਰਵਾਈ ਭਗਵੰਤ ਮਾਨ ਸਰਕਾਰ ਦੇ ਤਾਨਾਸ਼ਾਹੀ ਚਿਹਰੇ ਨੂੰ ਬੇਨਕਾਬ ਕਰਦੀ ਹੈ।
ਰੰਧਾਵਾ ਨੇ ਕਿਹਾ ਕਿ ਮਜ਼ਦੂਰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੇ ਨਿਵਾਸ ਦੇ ਬਾਹਰ ਸ਼ਾਂਤਮਈ ਢੰਗ ਨਾਲ ਧਰਨੇ 'ਤੇ ਬੈਠੇ ਸਨ, ਪਰ ਸਰਕਾਰ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਬਲ ਦੀ ਵਰਤੋਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਮਜ਼ਦੂਰ ਜ਼ਖ਼ਮੀ ਹੋਏ ਅਤੇ ਔਰਤਾਂ ਤੇ ਬਜ਼ੁਰਗਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਨਰੇਗਾ ਮਜ਼ਦੂਰਾਂ ਦੀ ਅੱਠ ਮਹੀਨਿਆਂ ਤੋਂ ਬਕਾਇਆ ਮਜ਼ਦੂਰੀ ਤੁਰੰਤ ਜਾਰੀ ਕੀਤੀ ਜਾਵੇ, ਇਸ ਪੂਰੀ ਘਟਨਾ ਦੀ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਬੇਕਸੂਰ ਮਜ਼ਦੂਰਾਂ 'ਤੇ ਬਲ ਪ੍ਰਯੋਗ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ।
- Download Babushahi App
-
-