ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਵਾਰਡ ਨੰਬਰ ਅੱਠ ਵਿੱਚ ਲੋਕ ਮਿਲਣੀ ਪ੍ਰੋਗਰਾਮ
ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਦਿੱਤੇ ਹੱਲ ਕਰਨ ਦੇ ਨਿਰਦੇਸ਼
ਅਸ਼ੋਕ ਵਰਮਾ
ਬਠਿੰਡਾ,15 ਜੁਲਾਈ 2026 : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਲੋਕ ਸੇਵਾ ਨੂੰ ਸਮਰਪਿਤ ‘ਲੋਕ ਮਿਲਣੀ ਮੁਹਿੰਮ’ ਤਹਿਤ ਨਗਰ ਨਿਗਮ ਦੀ ਕੌਂਸਲਰ ਸ੍ਰੀਮਤੀ ਸੁਮਨ ਬਾਲਾ ਦੇ ਵਾਰਡ ਨੰਬਰ 8 ਦਾ ਦੌਰਾ ਕਰਕੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਮੌਕੇ ਸ੍ਰੀ ਮਹਿਤਾ ਨੇ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਗੰਭੀਰਤਾ ਨਾਲ ਜਾਇਜ਼ਾ ਲੈਂਦਿਆਂ ਮੌਕੇ ’ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸ੍ਰੀ ਰਾਕੇਸ਼ ਕਾਕਾ, ਬਲਾਕ ਪ੍ਰਧਾਨ ਸ੍ਰੀ ਪ੍ਰੇਮ ਗਰਗ, ਸ੍ਰੀ ਅਸ਼ਵਨੀ ਬੰਟੀ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਲੋਕ ਮਿਲਣੀ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਕਾਇਮ ਕਰਕੇ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਮੇਅਰ ਸ੍ਰੀ ਪਰਮਜੀਤ ਸਿੰਘ ਮਹਿਤਾ ਆਪਣੀ ਟੀਮ ਨਾਲ ਲਗਾਤਾਰ ਸ਼ਹਿਰ ਦੇ ਹਰ ਵਾਰਡ ਵਿੱਚ ਪਹੁੰਚ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰਕੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਯਤਨਸ਼ੀਲ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਆਪਣੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਹਰ ਸ਼ਿਕਾਇਤ ਨੂੰ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਸ ਦਾ ਹੱਲ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ “ਸਮੱਸਿਆ-ਮੁਕਤ ਅਤੇ ਆਧੁਨਿਕ ਬਠਿੰਡਾ” ਦੇ ਸੁਪਨੇ ਨੂੰ ਹਕੀਕਤ ਦਾ ਰੂਪ ਦਿੱਤਾ ਜਾਵੇਗਾ।ਸ੍ਰੀ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਾ ਅਤੇ ਲੋਕ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕ ਹਿੱਤ ਨਾਲ ਜੁੜੇ ਹਰ ਮਾਮਲੇ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਰੰਗਲਾ ਪੰਜਾਬ” ਦੀ ਸਿਰਜਣਾ ਲਈ ਸਿੱਖਿਆ, ਸਿਹਤ, ਰੋਜ਼ਗਾਰ, ਮਹਿਲਾ ਸਸ਼ਕਤੀਕਰਨ, ਕਿਸਾਨ ਭਲਾਈ, ਭ੍ਰਿਸ਼ਟਾਚਾਰ ’ਤੇ ਨਕੇਲ, ਬਿਹਤਰ ਬੁਨਿਆਦੀ ਢਾਂਚੇ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ ਕਈ ਲੋਕ ਭਲਾਈ ਯੋਜਨਾਵਾਂ ਨੂੰ ਸਫ਼ਲਤਾਪੂਰਵਕ ਲਾਗੂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਮਾਜ ਦੇ ਹਰ ਵਰਗ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਹੈ। ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨਾਗਰਿਕ ਸਹੂਲਤਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਿਕਾਸ ਕਾਰਜਾਂ ਵਿੱਚ ਆਪਣਾ ਸਰਗਰਮ ਸਹਿਯੋਗ ਦੇਣ।
ਅੰਤ ਵਿੱਚ ਵਾਰਡ ਵਾਸੀਆਂ ਨੇ ਸ੍ਰੀ ਅਮਰਜੀਤ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕ ਮਿਲਣੀ ਮੁਹਿੰਮ ਸਦਕਾ ਇਲਾਕੇ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦਾ ਜਲਦ ਹੱਲ ਹੋਵੇਗਾ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ।
- Download Babushahi App
-
-