ਸ਼ਹੀਦ ਤੇਜਾ ਸਿੰਘ ਸਮੁੰਦਰੀ ਦੇ 100ਵੇਂ ਸ਼ਹੀਦੀ ਦਿਹਾੜੇ ਮੌਕੇ DSGMC ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ, ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ
ਨਵੀਂ ਦਿੱਲੀ 17 ਜੁਲਾਈ 2026- ਸਿੱਖ ਕੌਮ ਦੇ ਮਹਾਨ ਸ਼ਖ਼ਸੀਅਤ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੇ 100ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਨਾਲ ਕੀਤਾ ਗਿਆ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਦਾ ਜੀਵਨ ਸਿੱਖ ਕੌਮ ਲਈ ਸੇਵਾ, ਕੁਰਬਾਨੀ, ਨਿਸ਼ਕਾਮ ਸਮਰਪਣ ਅਤੇ ਪੰਥਕ ਅਗਵਾਈ ਦਾ ਸਦੀਵੀ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਵਿੱਚ ਉਨ੍ਹਾਂ ਵੱਲੋਂ ਨਿਭਾਈ ਗਈ ਇਤਿਹਾਸਕ ਭੂਮਿਕਾ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਦਿੱਤਾ ਗਿਆ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਮੁੱਚੀ ਟੀਮ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ।
ਇਸ ਮੌਕੇ ਦਿੱਲੀ ਦੇ ਉਪ ਰਾਜਪਾਲ ਸ. ਤਰਨਜੀਤ ਸਿੰਘ ਸੰਧੂ, ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਦਿੱਲੀ ਸਰਕਾਰ ਦੇ ਕੈਬਿਨੇਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਖਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੀਆਂ ਪੰਥਕ ਸੇਵਾਵਾਂ, ਦੂਰਅੰਦੇਸ਼ੀ ਅਤੇ ਮਹਾਨ ਕੁਰਬਾਨੀ ਨੂੰ ਸ਼ਰਧਾ ਸਹਿਤ ਯਾਦ ਕੀਤਾ।
ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨਾਂ ਵਿੱਚ ਕਿਹਾ ਕਿ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਵੱਲੋਂ ਸਿੱਖ ਕੌਮ ਦੀ ਧਾਰਮਿਕ ਅਜ਼ਾਦੀ, ਗੁਰਦੁਆਰਿਆਂ ਦੀ ਸੁਤੰਤਰਤਾ ਅਤੇ ਪੰਥਕ ਮਰਿਆਦਾ ਦੀ ਰੱਖਿਆ ਲਈ ਦਿੱਤੀ ਗਈ ਕੁਰਬਾਨੀ ਇਤਿਹਾਸ ਦੇ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ। ਉਨ੍ਹਾਂ ਦੇ ਆਦਰਸ਼ ਅੱਜ ਵੀ ਨੌਜਵਾਨ ਪੀੜ੍ਹੀ ਨੂੰ ਪੰਥ ਅਤੇ ਸਮਾਜ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰਦੇ ਹਨ।
ਇਸ ਵਿਸ਼ੇਸ਼ ਸਮਾਗਮ ਵਿੱਚ ਸਮੂਹ ਸੰਗਤ ਵੱਲੋਂ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੀ ਯਾਦ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਪ੍ਰਣ ਨਾਲ ਹੋਇਆ।
- Download Babushahi App
-
-