ਈਟੀਟੀ ਅਧਿਆਪਕ ਯੂਨੀਅਨ ਵੱਲੋਂ ਜੰਤਰ-ਮੰਤਰ ਵਿਖੇ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ
ਰੋਹਿਤ ਗੁਪਤਾ
ਗੁਰਦਾਸਪੁਰ, 23 ਜੁਲਾਈ ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਸ. ਉਂਕਾਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਪਿਛਲੇ ਦਿਨੀਂ ਜੰਤਰ-ਮੰਤਰ ਵਿਖੇ ਸਿਸਟਮ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰ ਰਹੇ ਵਿਦਿਆਰਥੀਆਂ ਉੱਪਰ ਹੋਏ ਅਣਮਨੁੱਖੀ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਸੰਵਿਧਾਨਕ ਅਧਿਕਾਰ ਹੈ। ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਬਲ ਦੀ ਵਰਤੋਂ ਕਰਨਾ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਅਧਿਕਾਰਾਂ ਦੇ ਵੀ ਉਲਟ ਹੈ।
ਸ. ਉਂਕਾਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ ਅਤੇ ਗੱਲਬਾਤ ਰਾਹੀਂ ਉਨ੍ਹਾਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਨਮਾਨ ਦੇ ਕੇ ਸੁਣਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਅੰਤ ਵਿੱਚ ਮੰਗ ਕੀਤੀ ਕਿ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਲੋਕਤੰਤਰੀ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਅਨੁਸਾਰ ਕਾਰਵਾਈ ਯਕੀਨੀ ਬਣਾਏ।
- Download Babushahi App
-
-