NEET ਪੇਪਰ ਲੀਕ ਮਾਮਲੇ 'ਤੇ ਕੇਂਦਰ ਦਾ ਵੱਡਾ ਫੈਸਲਾ; ਪ੍ਰੀਖਿਆ ਸੁਧਾਰਾਂ ਲਈ ਹਾਈ ਲੈਵਲ ਟਾਸਕ ਫੋਰਸ ਦਾ ਗਠਨ
ਨਵੀਂ ਦਿੱਲੀ, 26 ਜੁਲਾਈ 2026: ਨੀਟ (NEET) ਪੇਪਰ ਲੀਕ ਵਿਵਾਦ ਤੋਂ ਬਾਅਦ ਕੇਂਦਰ ਸਰਕਾਰ ਨੇ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਵੱਡਾ ਕਦਮ ਚੁੱਕਿਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪ੍ਰੀਖਿਆ ਸੁਧਾਰਾਂ ਨੂੰ ਲੈ ਕੇ ਮਹੱਤਵਪੂਰਨ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੋਣ ਵਾਲੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਪੂਰੀ ਪ੍ਰਣਾਲੀ ਦੀ ਸਮੀਖਿਆ ਅਤੇ ਸੁਧਾਰ ਲਈ ਇੱਕ ਹਾਈ ਲੈਵਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਟਾਸਕ ਫੋਰਸ ਦੀ ਅਗਵਾਈ ਇਨਫੋਸਿਸ ਦੇ ਸਹਿ-ਸੰਸਥਾਪਕ ਅਤੇ ਆਧਾਰ ਪ੍ਰੋਜੈਕਟ ਦੇ ਮੁੱਖ ਆਰਕੀਟੈਕਟ ਰਹੇ ਨੰਦਨ ਨੀਲੇਕਣੀ ਕਰਨਗੇ। ਇਹ ਕਮੇਟੀ ਪ੍ਰੀਖਿਆ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧਾਉਣ, ਤਕਨੀਕੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਸਿਫਾਰਸ਼ਾਂ ਪੇਸ਼ ਕਰੇਗੀ।
ਸਰਕਾਰ ਦਾ ਕਹਿਣਾ ਹੈ ਕਿ ਟਾਸਕ ਫੋਰਸ ਦੇਸ਼ ਭਰ ਵਿੱਚ ਹੋਣ ਵਾਲੀਆਂ ਪ੍ਰਵੇਸ਼ ਅਤੇ ਭਰਤੀ ਪ੍ਰੀਖਿਆਵਾਂ ਦੀ ਮੌਜੂਦਾ ਪ੍ਰਣਾਲੀ ਦਾ ਵਿਸਤ੍ਰਿਤ ਅਧਿਐਨ ਕਰੇਗੀ। ਇਸ ਦੇ ਨਾਲ ਹੀ ਡਿਜ਼ਿਟਲ ਸੁਰੱਖਿਆ, ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ, ਡਾਟਾ ਸੁਰੱਖਿਆ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੀ ਸੁਝਾਅ ਦਿੱਤੇ ਜਾਣਗੇ।
ਗੌਰਤਲਬ ਹੈ ਕਿ NEET ਪੇਪਰ ਲੀਕ ਮਾਮਲੇ ਤੋਂ ਬਾਅਦ ਦੇਸ਼ ਭਰ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਏ ਜਾ ਰਹੇ ਸਨ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਵੀ ਕੇਂਦਰ ਸਰਕਾਰ 'ਤੇ ਲਗਾਤਾਰ ਹਮਲਾਵਰ ਰਹੀ ਹੈ। ਅਜਿਹੇ ਹਾਲਾਤਾਂ ਵਿੱਚ ਸਰਕਾਰ ਵੱਲੋਂ ਉੱਚ ਪੱਧਰੀ ਟਾਸਕ ਫੋਰਸ ਦਾ ਗਠਨ ਪ੍ਰੀਖਿਆ ਪ੍ਰਣਾਲੀ ਵਿੱਚ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹੁਣ ਸਭ ਦੀ ਨਜ਼ਰ ਟਾਸਕ ਫੋਰਸ ਦੀਆਂ ਸਿਫਾਰਸ਼ਾਂ ਅਤੇ ਉਨ੍ਹਾਂ ਦੇ ਅਮਲ 'ਤੇ ਟਿਕੀ ਹੋਈ ਹੈ।
- Download Babushahi App
-
-