ਵੱਡੀ ਖ਼ਬਰ: ਪੰਜਾਬ 'ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਸਰਕਾਰ ਵੱਲੋਂ ਤਨਖ਼ਾਹਾਂ 'ਚ ਵੱਡਾ ਵਾਧਾ
ਚੰਡੀਗੜ੍ਹ, 27 ਜੁਲਾਈ 2026: ਪੰਜਾਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਲਈ ਆਖਰਕਾਰ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਅਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਹਿਮਤੀ ਬਣ ਗਈ ਹੈ, ਜਿਸ ਦੇ ਨਤੀਜੇ ਵਜੋਂ ਸਫ਼ਾਈ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਭਾਰੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਅੱਜ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਫ਼ਾਈ ਕਾਮਿਆਂ ਨੇ ਜਿੱਥੇ ਹੜਤਾਲ ਵਾਪਸ ਲੈਣ ਦੀ ਗੱਲ ਕਹੀ, ਉੱਥੇ ਹੀ ਕਿਹਾ ਕਿ ਜਲਦ ਹੀ ਉਹ ਪੰਜਾਬ ਦੇ ਅੰਦਰ ਸਫ਼ਾਈ ਦਾ ਕੰਮ ਸ਼ੁਰੂ ਕਰ ਦੇਣਗੇ। ਇਸ ਤੇ ਪੰਜਾਬ ਸਰਕਾਰ ਨੇ ਤੁਰੰਤ ਫੈਸਲਾ ਲੈਂਦਿਆਂ ਹੋਇਆ, ਸਫ਼ਾਈ ਸੇਵਕਾਂ ਦੀ ਮਾਸਿਕ ਤਨਖ਼ਾਹ ਨੂੰ 10,500 ਰੁਪਏ ਤੋਂ ਵਧਾ ਕੇ ਸਿੱਧਾ 20,500 ਰੁਪਏ ਕਰ ਦਿੱਤਾ ਹੈ।
ਤਨਖ਼ਾਹ ਵਿੱਚ ਹੋਏ ਇਸ ਭਾਰੀ ਵਾਧੇ ਨਾਲ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਰਮਚਾਰੀ ਯੂਨੀਅਨਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀ ਮਿਹਨਤ ਦੇ ਹਿਸਾਬ ਨਾਲ ਉਚਿਤ ਮਿਹਨਤਾਨਾ ਮਿਲਣ ਦੀ ਮੰਗ ਕਰ ਰਹੇ ਸਨ ਅਤੇ ਆਖਰਕਾਰ ਸਰਕਾਰ ਨੇ ਉਨ੍ਹਾਂ ਦੀ ਆਵਾਜ਼ ਸੁਣ ਲਈ ਹੈ।
ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀਆਂ ਦੀ ਇਸ ਹੜਤਾਲ ਕਾਰਨ ਪੂਰੇ ਪੰਜਾਬ ਵਿੱਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਗਲੀਆਂ ਅਤੇ ਬਾਜ਼ਾਰਾਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ। ਇਸ ਦੇ ਨਾਲ ਹੀ ਸੀਵਰੇਜ ਸਿਸਟਮ ਵੀ ਪ੍ਰਭਾਵਿਤ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਦਫ਼ਤਰਾਂ ਅੱਗੇ ਕਰਮਚਾਰੀਆਂ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਹਾਲਾਤ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਤੁਰੰਤ ਦਖ਼ਲਅੰਦਾਜ਼ੀ ਕੀਤੀ।
- Download Babushahi App
-
-