ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ
*ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦਾਣਾ ਮੰਡੀ ਸੁਨਾਮ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੁਨਾਮ, 28 ਜੁਲਾਈ:
ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 31 ਜੁਲਾਈ ਨੂੰ ਦਾਣਾ ਮੰਡੀ, ਸੁਨਾਮ ਊਧਮ ਸਿੰਘ ਵਾਲਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਹੁਣ ਅੰਤਿਮ ਪੜਾਅ ਵਿੱਚ ਪਹੁੰਚ ਚੁੱਕੀਆਂ ਹਨ। ਸਮਾਗਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਯਾਦਗਾਰੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਅੱਜ ਦਾਣਾ ਮੰਡੀ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰੈਪਰੇਟਰੀ ਮੀਟਿੰਗ ਕਰ ਕੇ ਸਮੁੱਚੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਸਮਾਗਮ ਸਥਾਨ 'ਤੇ ਸਟੇਜ, ਬੈਠਣ ਦੀ ਵਿਵਸਥਾ, ਪਾਰਕਿੰਗ, ਟਰੈਫਿਕ ਪ੍ਰਬੰਧਨ, ਪੀਣ ਵਾਲੇ ਪਾਣੀ, ਸਫ਼ਾਈ, ਬਿਜਲੀ ਸਪਲਾਈ, ਮੈਡੀਕਲ ਸਹੂਲਤਾਂ, ਐਮਰਜੈਂਸੀ ਸੇਵਾਵਾਂ, ਸੁਰੱਖਿਆ ਪ੍ਰਬੰਧ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਨਾ ਆਵੇ ਅਤੇ ਹਰ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ 'ਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਉਣਾ ਸਮੁੱਚੇ ਪੰਜਾਬ ਅਤੇ ਖਾਸ ਕਰ ਕੇ ਸੁਨਾਮ ਵਾਸੀਆਂ ਲਈ ਬੇਹੱਦ ਮਾਣ ਅਤੇ ਫ਼ਖ਼ਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਬਦਲਾ ਲੈ ਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ।
ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਦੇ ਸਮੇਂ ਸਾਲ 1993-94 ਤੋਂ ਸ਼ੁਰੂ ਹੋਇਆ ਇਹ ਸਰਕਾਰੀ ਸਮਾਗਮ ਹਰ ਸਾਲ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਵੀ ਪਾਰਟੀ ਦੀ ਸਰਕਾਰ ਰਹੀ ਹੋਵੇ, ਪਰ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਦਾ ਹੀ ਉੱਚੇ ਸਨਮਾਨ ਨਾਲ ਯਾਦ ਕੀਤਾ ਜਾਂਦਾ ਰਿਹਾ ਹੈ ਅਤੇ ਇਹ ਪਰੰਪਰਾ ਅੱਜ ਵੀ ਉਸੇ ਸ਼ਰਧਾ ਨਾਲ ਨਿਭਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ, ਵਿਧਾਇਕ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸਮਾਗਮ ਵਿੱਚ ਹਾਜ਼ਰੀ ਭਰੇਗੀ।
ਕੈਬਨਿਟ ਮੰਤਰੀ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 31 ਜੁਲਾਈ ਨੂੰ ਸਵੇਰੇ 11 ਵਜੇ ਦਾਣਾ ਮੰਡੀ, ਸੁਨਾਮ ਊਧਮ ਸਿੰਘ ਵਾਲਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮਹਾਨ ਸ਼ਹੀਦ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਉਨ੍ਹਾਂ ਦੇ ਮਹਾਨ ਜੀਵਨ ਤੋਂ ਪ੍ਰੇਰਣਾ ਲੈਣ।
ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰੈਪਰੇਟਰੀ ਮੀਟਿੰਗ ਕਰਕੇ ਹਰ ਵਿਭਾਗ ਨੂੰ ਉਸ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਦੌਰਾਨ ਟਰੈਫਿਕ ਪ੍ਰਬੰਧਨ, ਪਾਰਕਿੰਗ, ਸੁਰੱਖਿਆ, ਸਿਹਤ ਸੇਵਾਵਾਂ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਯਾਦਗਾਰੀ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਹਰ ਲੋੜੀਂਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਮੌਕੇ 'ਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਨ ਅਤੇ ਦੇਸ਼ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ।]
- Download Babushahi App
-
-