ਪੰਜਾਬ 'ਚ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਨੇ ਵਿਧਾਨ ਸਭਾ ਚੋਣਾਂ- ਬਘੇਲ ਦਾ ਵੱਡਾ ਬਿਆਨ!
ਪੰਜਾਬ ਵਿੱਚ ਸਮੇਂ ਤੋਂ ਪਹਿਲਾਂ ਚੋਣਾਂ ਦੇ ਸੰਕੇਤ! ਨਵੰਬਰ-ਦਸੰਬਰ ਵਿੱਚ ਹੋ ਸਕਦੀ ਹੈ ਵੋਟਿੰਗ, ਕਾਂਗਰਸ ਨੇ ਤਿਆਰੀਆਂ ਕੀਤੀਆਂ ਤੇਜ਼: ਭੂਪੇਸ਼ ਬਘੇਲ
ਚੰਡੀਗੜ੍ਹ, 30 ਜੁਲਾਈ 2026- ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਮਿਲ ਰਹੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਨਵੰਬਰ ਜਾਂ ਦਸੰਬਰ ਮਹੀਨੇ ਦੌਰਾਨ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਇਸ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਕਾਂਗਰਸ ਨੇ ਆਪਣੀਆਂ ਸੰਗਠਨਾਤਮਕ ਅਤੇ ਚੋਣਾਂ ਦੀਆਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ।
ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੂਪੇਸ਼ ਬਘੇਲ ਨੇ ਦੱਸਿਆ ਕਿ ਪਾਰਟੀ ਦੀ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਚੋਣਾਂ ਆਪਣੇ ਨਿਰਧਾਰਿਤ ਸਮੇਂ 'ਤੇ ਹੋਣ ਜਾਂ ਸਮੇਂ ਤੋਂ ਪਹਿਲਾਂ, ਕਾਂਗਰਸ ਹਰ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੁੰਦੀ ਹੈ।
ਭੂਪੇਸ਼ ਬਘੇਲ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਸੰਕੇਤ ਮਿਲੇ ਹਨ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨਵੰਬਰ-ਦਸੰਬਰ ਵਿੱਚ ਕਰਵਾਈਆਂ ਜਾ ਸਕਦੀਆਂ ਹਨ। ਇਸ ਲਈ ਪਾਰਟੀ ਨੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਆਪਣੇ ਸੰਗਠਨ ਨੂੰ ਸਰਗਰਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਅਤੇ ਸੀਨੀਅਰ ਲੀਡਰਾਂ ਨੂੰ ਲੋਕਾਂ ਵਿੱਚ ਜਾ ਕੇ, ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸੰਗਠਨ ਦੀ ਮੌਜੂਦਾ ਸਥਿਤੀ, ਵੱਖ-ਵੱਖ ਹਲਕਿਆਂ ਦੀ ਰਾਜਨੀਤਿਕ ਹਾਲਤ, ਪਾਰਟੀ ਦੀ ਮਜ਼ਬੂਤੀ ਅਤੇ ਚੋਣੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਨਾਲ ਹੀ ਆਉਣ ਵਾਲੇ ਮਹੀਨਿਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਜਨਤਾ ਨਾਲ ਸਿੱਧਾ ਸੰਪਰਕ ਵਧਾਉਣ 'ਤੇ ਵੀ ਜ਼ੋਰ ਦਿੱਤਾ ਗਿਆ।
ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਦਾ ਟੀਚਾ ਪੰਜਾਬ ਦੇ ਲੋਕਾਂ ਦੇ ਭਰੋਸੇ 'ਤੇ ਖਰਾ ਉਤਰਨਾ ਹੈ ਅਤੇ ਪਾਰਟੀ ਹਰ ਸੰਭਾਵਿਤ ਚੋਣੀ ਸਥਿਤੀ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਐਕਸ਼ਨ ਮੋਡ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਜੇਕਰ ਚੋਣਾਂ ਸਮੇਂ ਤੋਂ ਪਹਿਲਾਂ ਐਲਾਨ ਦਿੱਤੀਆਂ ਜਾਂਦੀਆਂ ਹਨ ਤਾਂ ਕਾਂਗਰਸ ਕਿਸੇ ਵੀ ਪੱਖੋਂ ਪਿੱਛੇ ਨਾ ਰਹੇ।
ਹਾਲਾਂਕਿ, ਭੂਪੇਸ਼ ਬਘੇਲ ਵੱਲੋਂ ਸਮੇਂ ਤੋਂ ਪਹਿਲਾਂ ਚੋਣਾਂ ਹੋਣ ਬਾਰੇ ਕੀਤੀ ਗਈ ਇਹ ਟਿੱਪਣੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ। ਅਜੇ ਤੱਕ ਚੋਣਾਂ ਦੇ ਸਮੇਂ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ, ਪਰ ਕਾਂਗਰਸ ਨੇ ਸੰਭਾਵਿਤ ਸਥਿਤੀ ਨੂੰ ਦੇਖਦਿਆਂ ਆਪਣੀਆਂ ਤਿਆਰੀਆਂ ਤੇਜ਼ ਕਰਨ ਦਾ ਫੈਸਲਾ ਕਰ ਲਿਆ ਹੈ।
- Download Babushahi App
-
-