'ਯੁੱਧ ਨਸ਼ਿਆਂ ਵਿਰੁੱਧ' : ਬਠਿੰਡਾ ਪੁਲਿਸ ਦੀ ਵੱਡੀ ਸਫਲਤਾ- 3 ਲੱਖ ਤੋਂ ਵੱਧ ਨਸ਼ੀਲੇ ਕੈਪਸੂਲ ਬਰਾਮਦ
ਅਸ਼ੋਕ ਵਰਮਾ
ਬਠਿੰਡਾ, 30 ਜੁਲਾਈ 2026: 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਬਠਿੰਡਾ ਪੁਲਿਸ ਦੇ ਸੀਆਈਏ ਸਟਾਫ-2 ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਟੀਮ ਨੇ ਸਤਨਾਮ ਸਿੰਘ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 3,10,000 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕੀਤੇ। ਇਸ ਸਬੰਧੀ ਧਾਰਾ 223 ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ। ਤਫ਼ਤੀਸ਼ ਦੌਰਾਨ ਸਤਨਾਮ ਸਿੰਘ ਦੀ ਪਤਨੀ ਦੀ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਮੂਲੀਅਤ ਸਾਹਮਣੇ ਆਉਣ 'ਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਇਸੇ ਦੌਰਾਨ ਸੋਨੂ ਮੌੜ ਨਾਮਕ ਵਿਅਕਤੀ ਦੀ ਸ਼ਮੂਲੀਅਤ ਵੀ ਸਾਹਮਣੇ ਆਈ, ਜਿਸ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਪ੍ਰੈਗਾਬਾਲਿਨ ਕੈਪਸੂਲ ਪਾਰਸਲਾਂ ਰਾਹੀਂ ਮੰਗਵਾਏ ਜਾਂਦੇ ਸਨ। ਭਾਵੇਂ ਮੁਲਜ਼ਮਾਂ ਨੇ ਕਰੀਬ ਛੇ ਮਹੀਨਿਆਂ ਤੋਂ ਇਹ ਧੰਦਾ ਕਰਨ ਦੀ ਗੱਲ ਕਹੀ ਹੈ, ਪਰ ਮੁੱਢਲੀ ਜਾਂਚ ਤੋਂ ਜਾਪਦਾ ਹੈ ਕਿ ਇਹ ਕਾਫ਼ੀ ਲੰਬੇ ਸਮੇਂ ਤੋਂ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਪੂਰੇ ਨੈੱਟਵਰਕ ਅਤੇ ਸਪਲਾਈ ਚੇਨ ਸਬੰਧੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਮੁਲਜ਼ਮਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
- Download Babushahi App
-
-