ਭੁਪੇਸ਼ ਬਘੇਲ ਦੀ ਹਾਜ਼ਰੀ ਵਿੱਚ ਬਠਿੰਡਾ 'ਚ ਵੀ ਰਾਜਾ ਵੜਿੰਗ ਦੇ ਪ੍ਰੋਗਰਾਮ ਦੌਰਾਨ ਲੱਗੇ ਚੰਨੀ ਦੇ ਹੱਕ ਵਿੱਚ ਨਾਅਰੇ
ਬਘੇਲ ਨੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਅੰਦਰ ਮੌਜੂਦ ਗੱਦਾਰਾਂ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ
ਅਸ਼ੋਕ ਵਰਮਾ
ਬਠਿੰਡਾ, 3 ਅਗਸਤ 2026: ਏਆਈਸੀਸੀ ਜਨਰਲ ਸਕੱਤਰ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੀ ਹਾਜ਼ਰੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਦੇ ਪ੍ਰੋਗਰਾਮ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਲੱਗੇ ਨਾਅਰਿਆਂ ਨੇ ਕਾਂਗਰਸੀ ਏਕਤਾ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਹਾਲਾਂਕਿ ਇਸ ਮੌਕੇ ਰਾਜਾ ਵੜਿੰਗ ਨੇ ਇੱਕ ਚੰਨੀ ਸਮਰਥਕ ਨੂੰ ਸਟੇਜ ਤੇ ਸੱਦ ਕੇ ਮਾਮਲੇ ਨੂੰ ਫੋਨ ਰਾਹੀਂ ਘੁਮਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਨਾਲ ਕਾਂਗਰਸ ਪਾਰਟੀ ਵਿਚਲੀ ਫੁੱਟ ਜੱਗ ਜਾਹਰ ਹੁੰਦੀ ਦਿਖਾਈ ਦਿੱਤੀ। ਇਸ ਪ੍ਰੋਗਰਾਮ ਦੌਰਾਨ ਰਾਜਾ ਵੜਿੰਗ ਹਮਾਇਤੀ ਜਿਆਦਾ ਸਨ ਜਦੋਂ ਕਿ ਬਾਕੀ ਆਗੂਆਂ ਨੇ ਖੁਦ ਨੂੰ ਇਸ ਪ੍ਰੋਗਰਾਮ ਤੋਂ ਦੂਰ ਰੱਖਿਆ। ਪਾਰਟੀ ਨਾਲ ਬਠਿੰਡਾ ਜ਼ਿਲ੍ਹੇ ਦਾ ਕੋਈ ਵੱਡਾ ਆਗੂ ਇਸ ਮੌਕੇ ਨਜ਼ਰ ਨਹੀਂ ਆਇਆ।ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਲੱਗੇ ਨਾਅਰਿਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੇ ਸਭ ਤੋਂ ਸੀਨੀਅਰ ਅਤੇ ਸਤਿਕਾਰਯੋਗ ਆਗੂਆਂ ਵਿੱਚੋਂ ਇੱਕ ਹਨ।
ਇਸ ਮੌਕੇ ਭੁਪੇਸ਼ ਬਘੇਲ ਨੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਅੰਦਰ ਮੌਜੂਦ ਗੱਦਾਰਾਂ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੰਦਿਆਂ, ਕਿਹਾ ਹੈ ਕਿ ਅਜਿਹੇ ਲੋਕ ਪਾਰਟੀ ਨੂੰ ਵੱਡਾ ਨੁਕਸਾਨ ਪਹੁੰਚਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਅਗਲੀਆਂ ਚੋਣਾਂ ਸਿਰਫ਼ ਉਮੀਦਵਾਰ ਨਹੀਂ, ਸਗੋਂ ਪੂਰੀ ਪਾਰਟੀ ਦਾ ਸੰਗਠਨ ਮਿਲ ਕੇ ਲੜੇਗਾ।ਇੱਥੇ ਕਰਵਾਏ ਗਏ ‘ਹਰ ਬੂਥ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਬਘੇਲ ਨੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਲ 2026 ਨੂੰ ‘ਸੰਗਤ ਸਿਰਜਣ ਸਾਲ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ, ਤਾਂ ਜੋ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਪਾਰਟੀ ਵੱਲੋਂ ਨਿਯੁਕਤ ਨਿਗਰਾਨਾਂ ਪਾਸੋਂ ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਕੀਤੀ ਗਈ ਹੈ।
ਇਸ ਦੌਰਾਨ ਪਾਰਟੀ ਅੰਦਰ ਮੌਜੂਦ ਗੱਦਾਰਾਂ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੰਦਿਆਂ, ਬਘੇਲ ਨੇ ਸੀਨੀਅਰ ਆਗੂ ਰਾਹੁਲ ਗਾਂਧੀ ਦਾ ਹਵਾਲਾ ਦਿੱਤਾ, ਜਿਹੜੇ ਅਕਸਰ ਕਾਂਗਰਸ ਦੇ ਅੰਦਰ ਹੋਰ ਪਾਰਟੀਆਂ ਦੇ "ਸਲੀਪਰ ਸੈੱਲਾਂ" ਬਾਰੇ ਚੇਤਾਵਨੀ ਦਿੰਦੇ ਰਹਿੰਦੇ ਹਨ। ਬਘੇਲ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਵਿੱਚ ਅਗਲੀਆਂ ਚੋਣਾਂ ਸਿਰਫ਼ ਉਮੀਦਵਾਰ ਨਹੀਂ, ਸਗੋਂ ਪੂਰਾ ਸੰਗਠਨ ਲੜੇਗਾ। ਉਨ੍ਹਾਂ ਨੇ ਕਿਹਾ ਕਿ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨਾ ਸਭ ਤੋਂ ਜ਼ਰੂਰੀ ਹੈ ਅਤੇ ਜੇਕਰ ਬੂਥ ਜਿੱਤੇ ਜਾਣਗੇ, ਤਾਂ ਚੋਣਾਂ ਵੀ ਜਿੱਤੀਆਂ ਜਾਣਗੀਆਂ।
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰਾਉਣਾ ਅਤੇ ਸੱਤਾ ਤੋਂ ਹਟਾਉਣਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਇਸਨੇ ਪੰਜਾਬ ਨੂੰ ਨਾ ਸਿਰਫ਼ ਅਰਾਜਕਤਾ ਵੱਲ ਧੱਕਿਆ ਹੈ, ਸਗੋਂ ਸੂਬੇ ਨੂੰ ਜੰਮ ਕੇ ਲੁੱਟਿਆ ਵੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਦਿਨ-ਦਿਹਾੜੇ ਲੋਕਾਂ ਦੇ ਕਤਲ ਹੋ ਰਹੇ ਹਨ।ਉਨ੍ਹਾਂ ਨੇ ਦੋਸ਼ ਲਾਇਆ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਰੇਤ ਮਾਫੀਆ, ਭੂ ਮਾਫੀਆ ਸਮੇਤ ਹੋਰ ਕਈ ਤਰ੍ਹਾਂ ਦੇ ਮਾਫੀਆ ਸਰਗਰਮ ਹੋਏ ਹਨ ਅਤੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੀ ਭ੍ਰਿਸ਼ਟਾਚਾਰ ਵਿੱਚ ਡੁੱਬੀ ਹੋਈ ਹੈ ਅਤੇ ਉਹ ਦੇਸ਼ ਦੀ ਸਾਰੀ ਦੌਲਤ ਦੋ ਕਾਰੋਬਾਰੀਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਇਸ ਹੱਦ ਤੱਕ ਵਧ ਗਿਆ ਹੈ ਕਿ ਸ਼੍ਰੀ ਰਾਮ ਮੰਦਰ ਵਿੱਚ ਆਈ ਦਾਨ ਦੀ ਰਾਸ਼ੀ ਨੂੰ ਵੀ ਨਹੀਂ ਬਖ਼ਸ਼ਿਆ ਗਿਆ।ਇਸ ਮੌਕੇ ਸੰਬੋਧਨ ਕਰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਅਤੇ ਮਜ਼ਬੂਤ ਹੈ ਅਤੇ ਅਗਲੀਆਂ ਚੋਣਾਂ ਜਿੱਤਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਮੁੱਖ ਮੰਤਰੀ ਦੀ ਚੋਣ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਭੂਪੇਸ਼ ਬਘੇਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਲੱਗੇ ਨਾਅਰਿਆਂ ਦਾ ਸਵਾਗਤ ਕਰਦੇ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਹ ਨਾਅਰੇ ਪਾਕਿਸਤਾਨ ਦੇ ਹੱਕ ਵਿੱਚ ਲੱਗੇ ਹਨ? ਉਨ੍ਹਾਂ ਨੇ ਕਿਹਾ ਕਿ ਚੰਨੀ ਪਾਰਟੀ ਦੇ ਸੀਨੀਅਰ ਅਤੇ ਸਤਿਕਾਰਯੋਗ ਆਗੂ ਹਨ ਤੇ ਸਾਬਕਾ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੰਨੀ ਇਸ ਸਮੇਂ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਹਨ, ਜਿਹੜਾ ਪਾਰਟੀ ਦਾ ਸਭ ਤੋਂ ਪ੍ਰਭਾਵਸ਼ਾਲੀ ਅਹੁਦਾ ਹੈ। ਉਨ੍ਹਾਂ ਨੇ ਯਾਦ ਦਿਵਾਇਆ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਵੀ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਹਿ ਚੁੱਕੇ ਹਨ। ਵੜਿੰਗ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਚੋਣਾਂ ਸਿਰਫ਼ ਮਾਈਕਰੋ ਮੈਨੇਜਮੈਂਟ ਨਾਲ ਹੀ ਜਿੱਤੀਆਂ ਜਾ ਸਕਦੀਆਂ ਹਨ, ਇਸ ਲਈ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।ਇਸ ਮੌਕੇ ਏਆਈਸੀਸੀ ਸਕੱਤਰ ਰਵਿੰਦਰ ਦਲਵੀ ਨੇ ਵੀ ਸੰਬੋਧਨ ਕੀਤਾ।ਬੁਲਾਰਿਆਂ ਨੇ ਜਿਲ੍ਹਾ ਕਾਂਗਰਸ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਅਤੇ ਜਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੂੰ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਨਾਲ ਸਫ਼ਲ ਪ੍ਰੋਗਰਾਮ ਕਰਵਾਉਣ ਲਈ ਵਧਾਈ ਦਿੱਤੀ।
- Download Babushahi App
-
-