ਨਕੋਦਰ 'ਚ ਕਥਿਤ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਤੇ ਚੰਨੀ ਦੀ ਅੱਧੀ ਰਾਤ ਰੇਡ, ਸਰਕਾਰ 'ਤੇ ਲਗਾਏ ਗੰਭੀਰ ਦੋਸ਼
Ravi Jakhu/ Babushahi Network
ਨਕੋਦਰ, 4 ਅਗਸਤ 2026- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਨਕੋਦਰ ਨੇੜੇ ਸਤਲੁਜ ਦਰਿਆ ਦੇ ਇਲਾਕੇ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਦਾ ਦੋਸ਼ ਲਗਾਉਂਦਿਆਂ ਅਚਾਨਕ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਲਾਈਵ ਹੋ ਕੇ ਪੂਰੀ ਘਟਨਾ ਦੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ।
ਲਾਈਵ ਦੌਰਾਨ ਚੰਨੀ ਨੇ ਦਾਅਵਾ ਕੀਤਾ ਕਿ ਸਤਲੁਜ ਦਰਿਆ ਵਿੱਚ ਕਥਿਤ ਤੌਰ 'ਤੇ ਗੈਰ-ਕਾਨੂੰਨੀ ਢੰਗ ਨਾਲ ਰੇਤ ਦੀ ਖੁਦਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਨੇ ਰੇਤ ਨਾਲ ਭਰੇ ਕੁਝ ਟਿੱਪਰ ਵੀ ਵਿਖਾਏ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਚੰਨੀ ਦੇ ਲਾਈਵ ਦੌਰਾਨ ਇਲਾਕੇ ਦੇ ਕੁਝ ਲੋਕ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਉਹ ਚੰਨੀ ਦਾ ਲਾਈਵ ਦੇਖਣ ਤੋਂ ਬਾਅਦ ਉੱਥੇ ਆਏ ਹਨ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਕੁਝ ਸਥਾਨਕ ਲੋਕਾਂ ਨੇ ਆਪਣੇ ਹਲਕੇ ਦੀ ਵਿਧਾਇਕ 'ਤੇ ਮਾਈਨਿੰਗ ਨਾਲ ਜੁੜੇ ਦੋਸ਼ ਵੀ ਲਗਾਏ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਹੋ ਸਕੀ ਹੈ। ਚੰਨੀ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਉਠਾਉਂਦੇ ਰਹਿਣਗੇ ਅਤੇ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਨੂੰ ਲਗਾਤਾਰ ਉਜਾਗਰ ਕਰਨਗੇ।
- Download Babushahi App
-
-