ਹਲਕਾ ਬਠਿੰਡਾ ਦਿਹਾਤੀ 'ਚ ਗੋਪਾਲ ਸਿੰਘ ਕੋਟਫੱਤਾ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 5 ਅਗਸਤ 2026: ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਪਿੰਡ ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਤੋਂ ਲੋਕ ਮਿਲਣੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਦੋਵੇਂ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕੀਤੇ।ਲੋਕਾਂ ਨੂੰ ਸੰਬੋਧਨ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਵਰਗ ਦੀਆਂ ਬਾਲਗ ਔਰਤਾਂ ਨੂੰ ਮਹੀਨਾਵਾਰ ਸਨਮਾਨ ਰਾਸ਼ੀ ਦੇਣ ਦਾ ਫ਼ੈਸਲਾ ਇਤਿਹਾਸਕ ਹੈ, ਜਿਸ ਦਾ ਮਹਿਲਾਵਾਂ ਵੱਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ।ਗੋਪਾਲ ਸਿੰਘ ਕੋਟਫੱਤਾ ਨੇ ਪਿੰਡ ਵਾਸੀਆਂ ਅਤੇ ਪੰਚਾਇਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਦੇ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਚੇਅਰਮੈਨ ਲਖਵੀਰ ਸਿੰਘ ਮਾਨ, ਸਰਪੰਚ ਸੁਖਜਿੰਦਰ ਰੋਮਾਣਾ, ਸਰਪੰਚ ਗੁਰਦੀਪ ਸਿੰਘ (ਗੁਰੂਸਰ ਸੈਣੇਵਾਲਾ), ਕਿਸਾਨ ਆਗੂ ਸੰਦੀਪ ਸਿੰਘ ਢਿੱਲੋਂ, ਬਲਾਕ ਪ੍ਰਧਾਨ ਹਰਦੇਵ ਸਿੰਘ, ਜਸਕਰਨ ਸਿੰਘ ਸਿਵੀਆਂ, ਯੂਥ ਆਗੂ ਕੁਲਵਿੰਦਰ ਸਿੰਘ ਦਿਉਣ ਅਤੇ ਬਹਾਦਰ ਸਿੰਘ ਫੁੱਲੋ ਮਿੱਠੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
- Download Babushahi App
-
-