ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ’ਤੇ ਲੱਗੇਗੀ ਨਕੇਲ! ‘ਪੰਜਾਬ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਅਦਾਰਿਆਂ ਦੀ ਫੀਸ ਦਾ ਰੈਗੂਲੇਸ਼ਨ (ਸੋਧ) ਬਿਲ, 2026’ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 10 ਅਗਸਤ 2026: ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਪੰਜਾਬ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਅਦਾਰਿਆਂ ਦੀ ਫੀਸ ਦਾ ਰੈਗੂਲੇਸ਼ਨ (ਸੋਧ) ਬਿਲ, 2026’ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਨਵੇਂ ਕਾਨੂੰਨ ਦਾ ਉਦੇਸ਼ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਮਨਮਾਨੇ ਵਾਧੇ ਅਤੇ ਮਾਪਿਆਂ ’ਤੇ ਵਾਧੂ ਵਿੱਤੀ ਬੋਝ ਨੂੰ ਰੋਕਣਾ ਹੈ।
ਬਿੱਲ ਮੁਤਾਬਕ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਇਸ ਤੋਂ ਵੱਧ ਵਾਧੇ ਲਈ ਜ਼ਿਲ੍ਹਾ ਰੈਗੂਲੇਟਰੀ ਬਾਡੀ ਤੋਂ 180 ਦਿਨ ਪਹਿਲਾਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਅਜਿਹੇ ਮਾਮਲਿਆਂ ਵਿੱਚ ਸਕੂਲ ਦੇ ਵਿੱਤੀ ਰਿਕਾਰਡ ਦਾ ਫੋਰੈਂਸਿਕ ਆਡਿਟ ਵੀ ਕਰਵਾਇਆ ਜਾ ਸਕੇਗਾ।
ਪਿਛਲੇ 36 ਮਹੀਨਿਆਂ ਦੌਰਾਨ 15 ਫੀਸਦ ਤੋਂ ਵੱਧ ਫੀਸ ਵਧਾਉਣ ਵਾਲੇ ਸਕੂਲਾਂ ਨੂੰ ਵਾਧੂ ਵਸੂਲੀ ਰਕਮ 90 ਦਿਨਾਂ ਅੰਦਰ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਸਕੂਲ ਕਿਸੇ ਖ਼ਾਸ ਦੁਕਾਨਦਾਰ ਜਾਂ ਵੈਂਡਰ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਾਪਿਆਂ ਨੂੰ ਮਜਬੂਰ ਨਹੀਂ ਕਰ ਸਕਣਗੇ। ਉਨ੍ਹਾਂ ਨੂੰ ਘੱਟੋ-ਘੱਟ ਤਿੰਨ ਪਬਲਿਸ਼ਰਾਂ ਜਾਂ ਵੈਂਡਰਾਂ ਦੇ ਵਿਕਲਪ ਦੇਣੇ ਪੈਣਗੇ।
ਟਿਊਸ਼ਨ ਫੀਸ ਤੋਂ ਇਲਾਵਾ ਐਨੂਅਲ ਚਾਰਜ, ਸਮਾਰਟ ਕਲਾਸ, ਐਕਟੀਵਿਟੀ, ਲੈਬ ਅਤੇ ਲਾਇਬ੍ਰੇਰੀ ਸਮੇਤ ਹੋਰ ਖਰਚਿਆਂ ਨੂੰ ਵੀ ਫੀਸ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਨਿਯਮਾਂ ਦੀ ਉਲੰਘਣਾ ’ਤੇ 5 ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਫੀਸ ਵਾਪਸ ਨਾ ਕਰਨ ’ਤੇ 10 ਹਜ਼ਾਰ ਰੁਪਏ ਪ੍ਰਤੀ ਦਿਨ ਵਾਧੂ ਜੁਰਮਾਨਾ ਅਤੇ ਲਗਾਤਾਰ ਉਲੰਘਣਾ ਦੀ ਸੂਰਤ ਵਿੱਚ ਸਕੂਲ ਦੀ ਮਾਨਤਾ ਰੱਦ ਕਰਨ ਦੀ ਵਿਵਸਥਾ ਵੀ ਕੀਤੀ ਗਈ ਹੈ।
- Download Babushahi App
-
-