ਰੂਪਨਗਰ ਜ਼ਿਲ੍ਹੇ ’ਚ ਲਹਿਰਾਏਗੀ ਹਰਿਆਲੀ ਦੀ ਲਹਿਰ, ਲਗਾਏ ਜਾਣਗੇ 6.50 ਲੱਖ ਬੂਟੇ
ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਨਿਰਧਾਰਿਤ ਟੀਚੇ ਮੁਤਾਬਕ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀਆਂ ਹਦਾਇਤਾਂ
ਮਨਪ੍ਰੀਤ ਸਿੰਘ
ਰੂਪਨਗਰ, 11 ਅਗਸਤ:
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਹੁਲਾਰਾ ਦੇਣ ਲਈ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਾਤਾਵਰਣ ਪੱਖੀ ਮੁਹਿੰਮ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ 6.50 ਲੱਖ ਬੂਟੇ ਲਗਾਉਣ ਦਾ ਇਹ ਉਪਰਾਲਾ ਨਾ ਸਿਰਫ਼ ਜ਼ਿਲ੍ਹੇ ਦੀ ਹਰਿਆਲੀ ਵਿੱਚ ਵਾਧਾ ਕਰੇਗਾ, ਸਗੋਂ ਲੋਕਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕਰਨ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ ਵੀ ਦੇਵੇਗਾ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨੂੰ ਸੌਂਪੇ ਗਏ ਟੀਚੇ ਅਨੁਸਾਰ ਬੂਟੇ ਲਗਾਉਣ ਲਈ ਢੁੱਕਵੇਂ ਸਥਾਨਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾਵੇ ਅਤੇ ਨਿਰਧਾਰਿਤ ਸਮੇਂ ਅੰਦਰ ਬੂਟੇ ਲਗਾਉਣ ਦੀ ਕਾਰਵਾਈ ਮੁਕੰਮਲ ਕੀਤੀ ਜਾਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਬੂਟੇ ਲਗਾਉਣਾ ਹੀ ਇਸ ਮੁਹਿੰਮ ਦਾ ਅੰਤਿਮ ਟੀਚਾ ਨਹੀਂ, ਸਗੋਂ ਲਗਾਏ ਗਏ ਹਰੇਕ ਬੂਟੇ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਉਸ ਦੇ ਜੀਵਤ ਰਹਿਣ ਨੂੰ ਯਕੀਨੀ ਬਣਾਉਣਾ ਵੀ ਬਰਾਬਰ ਮਹੱਤਵਪੂਰਨ ਹੈ।
ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਪਿੰਡ ਪੱਧਰ ’ਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਪੰਚਾਇਤਾਂ, ਵਿਭਾਗਾਂ ਅਤੇ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ।
ਉਨ੍ਹਾਂ ਸਿੱਖਿਆ ਵਿਭਾਗ, ਖੇਡ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਵੀ ਆਪਣੇ ਦਫ਼ਤਰਾਂ, ਅਦਾਰਿਆਂ, ਸਕੂਲਾਂ, ਖੇਡ ਮੈਦਾਨਾਂ ਅਤੇ ਹੋਰ ਢੁੱਕਵੀਆਂ ਥਾਵਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਵਿਦਿਆਰਥੀਆਂ, ਖਿਡਾਰੀਆਂ ਤੇ ਆਮ ਲੋਕਾਂ ਨੂੰ ਵਾਤਾਵਰਣ ਸੰਭਾਲ ਦੇ ਇਸ ਉਪਰਾਲੇ ਨਾਲ ਜੋੜਨ ਲਈ ਕਿਹਾ।
ਮੀਟਿੰਗ ਦੌਰਾਨ ਬੂਟੇ ਲਗਾਉਣ ਦੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਭਾਗਾਂ ਵਿਚਕਾਰ ਤਾਲਮੇਲ, ਬੂਟਿਆਂ ਦੀ ਲੋੜੀਂਦੀ ਉਪਲਬਧਤਾ, ਲਗਾਏ ਗਏ ਬੂਟਿਆਂ ਦਾ ਰਿਕਾਰਡ ਸੰਭਾਲਣ ਅਤੇ ਪ੍ਰਗਤੀ ਰਿਪੋਰਟਾਂ ਤਿਆਰ ਕਰਨ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੁਹਿੰਮ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ਨੂੰ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਸਫ਼ਲ ਬਣਾਉਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਗਣੇਸ਼, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਗਿੱਲ, ਬੀ.ਡੀ.ਪੀ.ਓ. ਰੂਪਨਗਰ ਸ੍ਰੀ ਅਮਿਤ ਸ਼ਰਮਾ, ਬੀ.ਡੀ.ਪੀ.ਓ. ਸ੍ਰੀ ਅਨੰਦਪੁਰ ਸਾਹਿਬ ਸ੍ਰੀ ਇਸ਼ਾਨ ਚੌਧਰੀ ਸਮੇਤ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
- Download Babushahi App
-
-