ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਮੁਸਤੈਦ: DIG ਸੰਦੀਪ ਗੋਇਲ ਵੱਲੋਂ ਲੁਧਿਆਣਾ ਦਿਹਾਤੀ ਦਾ ਵਿਸ਼ੇਸ਼ ਦੌਰਾ
ਦੀਪਕ ਜੈਨ
ਜਗਰਾਉਂ, 11 ਅਗਸਤ 2026- ਆਗਾਮੀ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ ਅਤੇ ਆਲਾ ਅਧਿਕਾਰੀਆਂ ਨੇ ਖ਼ੁਦ ਮੈਦਾਨ ਸੰਭਾਲ ਲਿਆ ਹੈ। ਇਸੇ ਕੜੀ ਤਹਿਤ ਅੱਜ ਲੁਧਿਆਣਾ ਰੇਂਜ ਦੇ ਡੀਆਈਜੀ, ਮਾਨਯੋਗ ਸੰਦੀਪ ਗੋਇਲ (IPS) ਨੇ ਜਗਰਾਉਂ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਾਲੀ ਥਾਂ 'ਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਆਪਣੇ ਇਸ ਦੌਰੇ ਦੌਰਾਨ ਡੀਆਈਜੀ ਗੋਇਲ ਨੇ ਸਮਾਗਮ ਵਾਲੇ ਸਥਾਨ ਦੇ ਚੱਪੇ-ਚੱਪੇ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿੱਚ ਅਮਨ-ਕਾਨੂੰਨ (Law and Order) ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤਾਇਨਾਤ ਕੀਤੇ ਗਏ ਪੁਲਿਸ ਬਲ ਅਤੇ ਅਧਿਕਾਰੀਆਂ ਦੀਆਂ ਡਿਊਟੀਆਂ ਦੀ ਵੀ ਚੈਕਿੰਗ ਕੀਤੀ।
ਇਸ ਮੌਕੇ ਉਨ੍ਹਾਂ ਨੇ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਸੁਰੱਖਿਆ ਨੂੰ ਲੈ ਕੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਕੌਮੀ ਤਿਉਹਾਰ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਜਾਂ ਕੋਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਲਾਕੇ ਵਿੱਚ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ 'ਤੇ ਬਾਜ਼ ਅੱਖ ਰੱਖਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਸੁਰੱਖਿਆ ਪ੍ਰਬੰਧਾਂ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ।
- Download Babushahi App
-
-