ਕੌਮੀ ਝੰਡਾ ਸਾਡੀ ਆਜ਼ਾਦੀ, ਏਕਤਾ, ਅਖੰਡਤਾ ਅਤੇ ਰਾਸ਼ਟਰੀ ਮਾਣ ਦਾ ਪ੍ਰਤੀਕ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 14 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰੂ ਅੰਗਦ ਪਬਲਿਕ ਸਕੂਲ ਵਿਖੇ ਆਯੋਜਿਤ ਆਜ਼ਾਦੀ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਤਿਰੰਗਾ ਲਹਿਰਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਦੇ ਨਾਲ ਮਿਲ ਕੇ ਆਜ਼ਾਦੀ ਦਿਵਸ ਮਨਾਉਣਾ ਆਪਣੇ ਆਪ ਵਿੱਚ ਇੱਕ ਮਾਣਮੱਤਾ ਅਤੇ ਪ੍ਰੇਰਣਾਦਾਇਕ ਤਜ਼ਰਬਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦੀ ਤਾਕਤ, ਆਸ ਅਤੇ ਭਵਿੱਖ ਹਨ। ਇਸ ਲਈ ਉਨ੍ਹਾਂ ਦੇ ਮਨਾਂ ਵਿੱਚ ਦੇਸ਼ ਪ੍ਰਤੀ ਪਿਆਰ, ਜ਼ਿੰਮੇਵਾਰੀ, ਇਮਾਨਦਾਰੀ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਪੈਦਾ ਕਰਨਾ ਸਿਰਫ਼ ਮਾਪਿਆਂ ਜਾਂ ਅਧਿਆਪਕਾਂ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਕੌਮੀ ਤਿਰੰਗਾ ਸਾਡੀ ਆਜ਼ਾਦੀ ਦੀ ਨਿਸ਼ਾਨੀ ਹੋਣ ਦੇ ਨਾਲ-ਨਾਲ ਦੇਸ਼ ਦੀ ਏਕਤਾ, ਅਖੰਡਤਾ, ਪ੍ਰਭੂਸੱਤਾ ਅਤੇ ਰਾਸ਼ਟਰੀ ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕੌਮੀ ਝੰਡੇ ਨੂੰ ਦੇਖ ਕੇ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਯਾਦ ਆਉਂਦੀਆਂ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਨਿਛਾਵਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਹੈ ਕਿ ਅਸੀਂ ਆਜ਼ਾਦੀ ਦੀ ਇਸ ਅਮੁੱਲੀ ਵਿਰਾਸਤ ਦੀ ਕਦਰ ਕਰੀਏ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ।
ਸਰਦਾਰ ਕਾਲਕਾ ਨੇ ਕਿਹਾ ਕਿ ਆਜ਼ਾਦੀ ਸਿਰਫ਼ ਹੱਕਾਂ ਦਾ ਨਾਮ ਨਹੀਂ, ਸਗੋਂ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣ ਦਾ ਵੀ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ, ਖੇਡਾਂ, ਵਿਗਿਆਨ, ਤਕਨਾਲੋਜੀ ਅਤੇ ਸਮਾਜ ਸੇਵਾ ਦੇ ਖੇਤਰਾਂ ਵਿੱਚ ਅੱਗੇ ਵਧ ਕੇ ਦੇਸ਼ ਦਾ ਨਾਮ ਰੌਸ਼ਨ ਕਰਨ।
ਉਨ੍ਹਾਂ ਕਾਮਨਾ ਕੀਤੀ ਕਿ ਸਾਡਾ ਕੌਮੀ ਝੰਡਾ ਹਮੇਸ਼ਾ ਹਰ ਭਾਰਤੀ ਨੂੰ ਦੇਸ਼ ਦੀ ਸੇਵਾ ਇਮਾਨਦਾਰੀ, ਏਕਤਾ, ਸਮਰਪਣ ਅਤੇ ਮਾਣ ਨਾਲ ਕਰਨ ਲਈ ਪ੍ਰੇਰਿਤ ਕਰਦਾ ਰਹੇ। ਉਨ੍ਹਾਂ ਕਿਹਾ ਕਿ ਇੱਕ ਮਜ਼ਬੂਤ, ਖੁਸ਼ਹਾਲ ਅਤੇ ਵਿਕਸਤ ਭਾਰਤ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਦੇਸ਼ ਹਿੱਤ ਨੂੰ ਪਹਿਲ ਦੇਣੀ ਚਾਹੀਦੀ ਹੈ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸ ਮੌਕੇ ’ਤੇ ਸਰਦਾਰ ਸਤਪਾਲ ਸਿੰਘ ਆਨੰਦ (ਮੰਗਾ), ਪ੍ਰਧਾਨ, ਗੁਰੂ ਅੰਗਦ ਪਬਲਿਕ ਸਕੂਲ ਅਤੇ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ, ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।
ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ’ਤੇ ਸਰਦਾਰ ਹਰਵਿੰਦਰ ਸਿੰਘ ਕੇ.ਪੀ. , ਸੀਨੀਅਰ ਮੀਤ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਦਾਰ ਅਮ੍ਰਿਤਪਾਲ ਸਿੰਘ ਵਿੱਕੀ ਪਾਲਕੋ ਦੀ ਸ਼ਮੂਲੀਅਤ ਨੇ ਸਮਾਗਮ ਦੀ ਸ਼ੋਭਾ ਹੋਰ ਵਧਾਈ ਹੈ।
ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਜਜ਼ਬੇ ਨਾਲ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਜੋਸ਼ ਅਤੇ ਰਾਸ਼ਟਰੀ ਭਾਵਨਾ ਨਾਲ ਭਰ ਦਿੱਤਾ। ਇਸ ਮੌਕੇ ਆਜ਼ਾਦੀ ਦੇ ਸ਼ਹੀਦਾਂ ਅਤੇ ਦੇਸ਼ ਲਈ ਅਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸੂਰਮਿਆਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ ਗਿਆ।
- Download Babushahi App
-
-