Big Update: ਕੌਮੀ ਇਨਸਾਫ਼ ਮੋਰਚੇ ਦਾ ਪ੍ਰਦਰਸ਼ਨ ਖ਼ਤਮ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ
ਚੰਡੀਗੜ੍ਹ, 15 ਅਗਸਤ 2026: ਸਿੱਖ ਬੰਦੀਆਂ ਦੀ ਰਿਹਾਈ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਵੱਲ ਕੀਤੇ ਗਏ ਮਾਰਚ ਦੌਰਾਨ ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਤਣਾਅ ਪੈਦਾ ਹੋ ਗਿਆ। ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਬੈਰੀਕੇਡ ਪਾਰ ਕਰਕੇ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ।
ਮੋਰਚੇ ਵੱਲੋਂ ਕਰੀਬ ਦੁਪਹਿਰ 12 ਵਜੇ ਮਾਰਚ ਸ਼ੁਰੂ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਲੋਕ ਭਵਨ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਵੱਲੋਂ ਲਗਾਏ ਬੈਰੀਕੇਡਾਂ ਕਾਰਨ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ। ਮੋਰਚੇ ਦੇ ਆਗੂਆਂ ਅਨੁਸਾਰ ਕੁਝ ਸਮੇਂ ਬਾਅਦ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ।
ਪ੍ਰਦਰਸ਼ਨ ਖ਼ਤਮ ਕਰਨ ਮਗਰੋਂ ਮੋਰਚੇ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਪੁਲਿਸ ਅਤੇ ਸਰਕਾਰ ਦੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਆਗੂਆਂ ਨੇ ਖ਼ਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਿੱਖ ਬੰਦੀਆਂ ਦੀ ਰਿਹਾਈ ਦਾ ਮੁੱਦਾ ਉਠਾਇਆ।
ਦੂਜੇ ਪਾਸੇ, ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਮੋਰਚੇ ਦੇ ਆਗੂਆਂ ਨਾਲ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਮੋਹਾਲੀ ਪੁਲਿਸ ਦੀ ਗੱਲਬਾਤ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਮੋਰਚੇ ਦੇ ਆਗੂਆਂ ਨੂੰ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰਨ ਅਤੇ ਨਿਰਧਾਰਤ ਮੋਰਚੇ ਵਾਲੀ ਥਾਂ ’ਤੇ ਹੀ ਇਕੱਠ ਕਰਨ ਦੀ ਅਪੀਲ ਕੀਤੀ ਗਈ ਸੀ।
ਐਸਐਸਪੀ ਮੁਤਾਬਕ ਪ੍ਰਦਰਸ਼ਨ ਦੌਰਾਨ ਕੁਝ ਲੋਕਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨਾਲ ਟਕਰਾਅ ਵਾਲੀ ਸਥਿਤੀ ਬਣੀ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਪ੍ਰਦਰਸ਼ਨਕਾਰੀਆਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਇਸ ਤੋਂ ਬਾਅਦ ਪੁਲਿਸ ਨੇ ਮਜ਼ਬੂਰਨ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ।
SSP ਕੰਵਰਦੀਪ ਕੌਰ ਨੇ ਕਿਹਾ ਕਿ ਕੁਝ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਮੈਡੀਕਲ ਕਰਵਾਏ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਾਤਕ ਤਾਕਤ ਜਾਂ ਲਾਠੀਚਾਰਜ ਦੀ ਵਰਤੋਂ ਨਹੀਂ ਕੀਤੀ ਗਈ। ਉਨ੍ਹਾਂ ਪੁਲਿਸ ਕੋਲ ਘਟਨਾ ਦੀ ਵੀਡੀਓ ਫੁਟੇਜ ਮੌਜੂਦ ਹੋਣ ਦਾ ਵੀ ਦਾਅਵਾ ਕੀਤਾ।
- Download Babushahi App
-
-