ਲਾਲੜੂ-ਹੰਡੇਸਰਾ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬਾਜ਼ਾਰ ਰਹੇ ਬੰਦ, ਵਪਾਰੀਆਂ ਨੇ ਵੀ ਦਿੱਤਾ ਸਮਰਥਨ
ਮਲਕੀਤ ਸਿੰਘ ਮਲਕਪੁਰ
ਲਾਲੜੂ 21 ਅਗਸਤ 2026: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਲਾਲੜੂ ਅਤੇ ਹੰਡੇਸਰਾ ਖੇਤਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੌਰਾਨ ਲਾਲੜੂ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਦਕਿ ਸੜਕਾਂ ’ਤੇ ਆਵਾਜਾਈ ਵੀ ਇੱਕਾ-ਦੁੱਕਾ ਹੀ ਨਜ਼ਰ ਆਈ। ਦੁਕਾਨਦਾਰਾਂ ਨੇ ਸਵੇਰ ਤੋਂ ਹੀ ਆਪਣੇ ਕਾਰੋਬਾਰ ਬੰਦ ਰੱਖਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਇਕਜੁੱਟਤਾ ਪ੍ਰਗਟਾਈ। ਬੰਦ ਨੂੰ ਅਕਾਲੀ ਦਲ ਵਾਰਿਸ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ। ਹੰਡੇਸਰਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ, ਸੁਰਿੰਦਰ ਸਿੰਘ ਧਰਮਗੜ੍ਹ, ਸਮੇਤ ਹੋਰ ਆਗੂਆਂ ਨੇ ਅੰਬਾਲਾ-ਨਰਾਇਣਗੜ੍ਹ ਮਾਰਗ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰੱਖਿਆ। ਇਸ ਦੌਰਾਨ ਹੰਡੇਸਰਾ ਦੇ ਦੁਕਾਨਦਾਰਾਂ ਨੇ ਵੀ ਬੰਦ ਦਾ ਸਮਰਥਨ ਕੀਤਾ। ਇਸੇ ਤਰ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਸਰਸੀਣੀ, ਸੁਰਿੰਦਰ ਸਿੰਘ ਹਮਾਂਯੂਪੁਰ , ਬਖ਼ਸ਼ੀਸ਼ ਸਿੰਘ ਭੱਟੀ ਦੱਪਰ ਅਤੇ ਭਾਕਿਯੂ ਲੱਖੋਵਾਲ ਦੇ ਕਾਰਜਕਾਰੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਸਮੇਤ ਹੋਰਨਾਂ ਆਗੂਆਂ ਨੇ ਲਾਲੜੂ ਮੰਡੀ ਦੇ ਬਾਜ਼ਾਰ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਇਸੇ ਤਰ੍ਹਾਂ ਆਗੂਆਂ ਨੇ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਕੁਝ ਦੋਹਰੀ ਸਜ਼ਾ ਵੀ ਪੂਰੀ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸਰਕਾਰਾਂ ’ਤੇ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਦੋਸ਼ ਲਾਉਂਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਆਗੂਆਂ ਨੇ ਬੰਦ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਦੁਕਾਨਦਾਰਾਂ, ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਅਤੇ ਸਮੂਹ ਲੋਕਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਸਹਿਯੋਗ ਦੀ ਅਪੀਲ ਕੀਤੀ।
- Download Babushahi App
-
-