ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਹ ਬੱਸਾਂ ਪਿੰਡ ਮੌਜਪੁਰ, ਪਿੰਡ ਗੋਬਿੰਦਗੜ੍ਹ ਅਤੇ ਪਿੰਡ ਚਾਚੂਮਾਜਰਾ ਤੋਂ ਰਵਾਨਾ ਹੋਈਆਂ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਦੇ ਸੀਨੀਅਰ ਸਿਟੀਜ਼ਨਾਂ ਅਤੇ ਸ਼ਰਧਾਲੂਆਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਯੋਜਨਾ ਦੀ ਸ਼ੁਰੂਆਤ ਸਮੇਂ ਲੋਕਾਂ ਵਿੱਚ ਇਸ ਸਬੰਧੀ ਜਾਗਰੂਕਤਾ ਘੱਟ ਹੋਣ ਕਾਰਨ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਸੀਮਤ ਸੀ, ਪਰ ਹੁਣ ਜਿਵੇਂ-ਜਿਵੇਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕਿ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਹਨ ਅਤੇ ਆਪਣੇ ਯਾਤਰਾ ਅਨੁਭਵ ਹੋਰਨਾਂ ਨਾਲ ਸਾਂਝੇ ਕਰ ਰਹੇ ਹਨ, ਤਿਵੇਂ-ਤਿਵੇਂ ਇਸ ਯਾਤਰਾ ਪ੍ਰਤੀ ਲੋਕਾਂ ਦਾ ਉਤਸ਼ਾਹ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਪਿੰਡਾਂ ਤੋਂ ਰਵਾਨਾ ਹੋਈਆਂ ਬੱਸਾਂ ਵਿੱਚ ਸ਼ਰਧਾਲੂਆਂ ਦਾ ਜੋਸ਼ ਅਤੇ ਉਤਸ਼ਾਹ ਇਸ ਯੋਜਨਾ ਦੀ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯਾਤਰਾ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰ ਸਕਣ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਲਗਾਤਾਰ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ। ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਨਾਲ ਜਾਣੂ ਕਰਵਾਉਣ ਲਈ ਵਿਦੇਸ਼ਾਂ ਵਿੱਚ ਸਿਖਲਾਈ ਦੇ ਮੌਕੇ ਦਿੱਤੇ ਜਾ ਰਹੇ ਹਨ, ਜਦਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਐਲ.ਈ.ਡੀ., ਕੰਪਿਊਟਰ ਅਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰੋਜ਼ਗਾਰ ਦੇ ਖੇਤਰ ਵਿੱਚ ਵੀ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਹੁਣ ਤੱਕ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੀ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਸਾਰਥਕ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।
ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ, ਅਮਰਜੀਤ ਸਿੰਘ ਸਿੱਧੂ, ਜਸਪਾਲ ਸਿੰਘ ਮਟੌਰ, ਸੰਦੀਪ ਕੌਰ ਪਤਨੀ ਸੁਖਵਿੰਦਰ ਸਿੰਘ, ਸਰਪੰਚ ਮੌਜਪੁਰ, ਗੁਰਜੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਧਰਮਪ੍ਰੀਤ ਸਿੰਘ ਪੰਚ, ਜਸਵੀਰ ਕੌਰ, ਗੁਰਜੰਟ ਸਿੰਘ ਸਰਪੰਚ ਭਾਗੋਮਾਜਰਾ, ਕਰਮਾਂ ਪੁਰੀ ਸਰਪੰਚ ਗੋਬਿੰਦਗੜ੍ਹ, ਸਤਿਨਾਮ ਸਿੰਘ ਬਲਾਕ ਪ੍ਰਧਾਨ, ਅਮਰਦੀਪ ਸਿੰਘ ਸਰਪੰਚ ਚਾਚੂਮਾਜਰਾ, ਰਿੰਕੂ ਪਾਪੜੀ ਅਤੇ ਅਵਤਾਰ ਸਿੰਘ ਸਰਪੰਚ ਮਟਰਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
- Download Babushahi App
-
-