Breaking- ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨਾਲ 92 ਲੱਖ ਦੀ ਕਥਿਤ ਠੱਗੀ, FIR ਦਰਜ
Ravi Jakhu
ਲੁਧਿਆਣਾ, 27 ਅਗਸਤ 2026: ਪੰਜਾਬੀ ਗਾਇਕ ਰਵਿੰਦਰ ਸਿੰਘ ਗਰੇਵਾਲ ਵੱਲੋਂ ਦੁਗਰੀ ਥਾਣੇ ਵਿੱਚ 92 ਲੱਖ ਰੁਪਏ ਦੀ ਕਥਿਤ ਠੱਗੀ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਗਰੇਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੁਝ ਵਿਅਕਤੀਆਂ ’ਤੇ ਕਾਰ ਵੇਚਣ ਦੇ ਨਾਂ ’ਤੇ ਉਨ੍ਹਾਂ ਨਾਲ ਵੱਡੀ ਰਕਮ ਦੀ ਧੋਖਾਧੜੀ ਕਰਨ ਦੇ ਦੋਸ਼ ਲਗਾਏ ਹਨ। ਪੁਲਿਸ ਨੇ ਗਾਇਕ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਉਸ ਨਾਲ ਇੱਕ ਟੋਇਟਾ ਲੈਂਡ ਕਰੂਜ਼ਰ ਕਾਰ ਵੇਚਣ ਸਬੰਧੀ ਪੰਜ ਲੋਕਾਂ ਦੀ ਗੱਲਬਾਤ ਹੋਈ ਸੀ। ਇਹ ਕਾਰ ਚਿੱਟੇ ਰੰਗ ਦੀ ਦੱਸੀ ਗਈ ਅਤੇ ਇਸ ਦਾ ਰਜਿਸਟ੍ਰੇਸ਼ਨ ਨੰਬਰ PB10 FC 6723 ਦੱਸਿਆ ਗਿਆ।
ਰਵਿੰਦਰ ਗਰੇਵਾਲ ਨੇ ਦੋਸ਼ ਲਗਾਇਆ ਕਿ ਕਾਰ ਦੀ ਖਰੀਦ-ਫਰੋਖ਼ਤ ਦੇ ਮਾਮਲੇ ਵਿੱਚ ਅਜੇ, ਨਿਰਮਲ, ਅਨਮੋਲ ਸਹਿਗਲ, ਮਨਦੀਪ ਉਰਫ਼ ਮੋਨੂ ਅਤੇ ਪ੍ਰਵੀਨ ਸਮੇਤ ਹੋਰ ਵਿਅਕਤੀਆਂ ਨੇ ਕਥਿਤ ਤੌਰ ’ਤੇ ਉਸ ਨਾਲ ਧੋਖਾਧੜੀ ਕੀਤੀ।
ਸ਼ਿਕਾਇਤਕਰਤਾ ਅਨੁਸਾਰ ਇਸ ਪੂਰੇ ਮਾਮਲੇ ਵਿੱਚ ਉਸ ਨਾਲ 92 ਲੱਖ ਰੁਪਏ ਦੀ ਕਥਿਤ ਠੱਗੀ ਕੀਤੀ ਗਈ ਹੈ। ਰਵਿੰਦਰ ਸਿੰਘ ਗਰੇਵਾਲ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।
ਪੁਲਿਸ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਰਵਿੰਦਰ ਸਿੰਘ ਗਰੇਵਾਲ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ 5 ਲੋਕਾਂ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਦਾ ਪੱਖ ਸਾਹਮਣੇ ਨਹੀਂ ਆਇਆ ਸੀ।

- Download Babushahi App
-
-