ਕਿਸਾਨਾਂ ਨੂੰ 8 ਦੀ ਬਜਾਏ 2 ਘੰਟੇ ਬਿਜਲੀ ਮਿਲਣ ਦਾ ਦੋਸ਼, ਕਿਸਾਨ ਸੰਘਰਸ਼ ਕਮੇਟੀ ਵੱਲੋਂ ਪੱਟੀ ਬਿਜਲੀ ਘਰ ’ਚ ਜ਼ੋਰਦਾਰ ਪ੍ਰਦਰਸ਼ਨ
Baljit Singh
ਪੱਟੀ, 8 ਸਤੰਬਰ 2026: ਝੋਨੇ ਦੀ ਫ਼ਸਲ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਤੋਂ ਨਾਰਾਜ਼ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂਆਂ ਅਤੇ ਵਰਕਰਾਂ ਨੇ ਪੱਟੀ ਸਥਿਤ ਬਿਜਲੀ ਘਰ ਵਿਖੇ ਬਿਜਲੀ ਬੋਰਡ ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ।
ਕਿਸਾਨ ਆਗੂਆਂ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਤੇ ਪੱਟੀ ਅਧੀਨ ਆਉਂਦੇ ਪਿੰਡ ਘਰਿਆਲਾ, ਸਭਰਾਂ, ਤਲਵੰਡੀ ਸੋਭਾ ਸਿੰਘ, ਜੰਡ, ਮਾਨ ਸਮੇਤ ਕਈ ਪਿੰਡਾਂ ਵਿੱਚ ਖੇਤੀਬਾੜੀ ਲਈ ਮਿਲਣ ਵਾਲੀ ਬਿਜਲੀ ਨਿਰਵਿਘਨ ਨਹੀਂ ਦਿੱਤੀ ਜਾ ਰਹੀ। ਇਸ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਜਨਰਲ ਸਕੱਤਰ ਸੁੱਚਾ ਸਿੰਘ ਲੱਧੂ, ਸੂਬਾ ਆਗੂ ਕਾਰਜ ਸਿੰਘ ਘਰਿਆਲਾ ਅਤੇ ਜ਼ੋਨ ਪ੍ਰਧਾਨ ਹਰਪਾਲ ਸਿੰਘ ਘਰਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਸਟੇਜਾਂ ਤੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਕਿਸਾਨਾਂ ਨੂੰ ਅਸਲ ਵਿੱਚ ਕਰੀਬ ਦੋ ਘੰਟੇ ਹੀ ਬਿਜਲੀ ਮਿਲ ਰਹੀ ਹੈ। ਬਾਕੀ ਛੇ ਘੰਟਿਆਂ ਦੌਰਾਨ ਸਪਲਾਈ ਬੰਦ ਰਹਿਣ ਕਾਰਨ ਝੋਨੇ ਦੀ ਫ਼ਸਲ ਸੁੱਕਣ ਅਤੇ ਖ਼ਰਾਬ ਹੋਣ ਦੇ ਕਿਨਾਰੇ ਪਹੁੰਚ ਰਹੀ ਹੈ।
ਆਗੂਆਂ ਨੇ ਕਿਹਾ ਕਿ ਉਹ ਇਸ ਸਮੱਸਿਆ ਸਬੰਧੀ ਕਈ ਵਾਰ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ ਅਤੇ ਫੋਨ ਰਾਹੀਂ ਵੀ ਜਾਣਕਾਰੀ ਦਿੱਤੀ ਗਈ, ਪਰ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਬਿਜਲੀ ਸਪਲਾਈ ਸਬੰਧੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
- Download Babushahi App
-
-