ਬਹਿਬਲ ਕਲਾਂ ਗੋਲੀ ਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ
11 ਸਤੰਬਰ ਨੂੰ ਹੋਵੇਗੀ ਪੁੱਛਗਿੱਛ
ਚੰਡੀਗੜ੍ਹ, 8 ਸਤੰਬਰ 2026: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮੁੜ ਤਲਬ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ 11 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਵੀ 20 ਜੁਲਾਈ ਨੂੰ ਉਨ੍ਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ।
ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 11 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜਾਂ ਇਸ ਦੇ ਪ੍ਰਧਾਨ ਨੂੰ ਜਿੰਨੀ ਵਾਰ ਮਰਜ਼ੀ ਬੁਲਾਇਆ ਜਾਵੇ, ਉਨ੍ਹਾਂ ਦੇ ਬਿਆਨ ਨਹੀਂ ਬਦਲਣਗੇ।
ਕਲੇਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦਾ ਮਾਮਲਾ ਹਾਲੇ ਤੱਕ ਕਿਉਂ ਨਹੀਂ ਸੁਲਝਾਇਆ ਗਿਆ ਅਤੇ ਦੋਸ਼ੀਆਂ ਖ਼ਿਲਾਫ਼ ਚਲਾਨ ਪੇਸ਼ ਕਰਨ ਵਿੱਚ ਦੇਰੀ ਕਿਉਂ ਹੋ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਕਲੇਰ ਨੇ ਕਿਹਾ ਕਿ ਅਕਾਲੀ ਦਲ ਸੱਚ ਦੇ ਨਾਲ ਖੜ੍ਹਾ ਹੈ ਅਤੇ ਸਰਕਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਭੱਜ ਰਹੀ ਹੈ।
- Download Babushahi App
-
-