ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 18 ਸਤੰਬਰ, 2026 : ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੀ ਦਾਣਾ ਮੰਡੀ ਨੇੜੇ ਡਿਊਟੀ ਨਿਭਾ ਰਹੇ ਸਹਾਇਕ ਸਬ-ਇੰਸਪੈਕਟਰ (ASI) ਹਰਜੀਤ ਸਿੰਘ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਏਐਸਆਈ ਹਰਜੀਤ ਸਿੰਘ ਦੁਪਹਿਰ 2:30 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਗਸ਼ਤ ਕਰ ਰਹੇ ਸਨ, ਜਦੋਂ ਉਨ੍ਹਾਂ 'ਤੇ ਇਹ ਹਮਲਾ ਹੋਇਆ। ਗੰਭੀਰ ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਇਸ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੀ ਬਹਾਦਰੀ ਅਤੇ ਸਮਰਪਣ ਨੂੰ ਸਲਾਮ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਵੇਗੀ, ਜਦਕਿ ਐਚਡੀਐਫਸੀ (HDFC) ਬੈਂਕ ਵੱਲੋਂ ਬੀਮਾ ਨੀਤੀ ਤਹਿਤ 1 ਕਰੋੜ ਰੁਪਏ ਦੀ ਵੱਖਰੀ ਰਾਸ਼ੀ ਦਿੱਤੀ ਜਾਵੇਗੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਨੁਸਾਰ ਸ਼ਹੀਦ ASI ਹਰਜੀਤ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਪੁਲਿਸ ਸਨਮਾਨਾਂ ਨਾਲ ਕੀਤਾ ਜਾਵੇਗਾ। ਪੁਲਿਸ ਟੀਮਾਂ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਇਲਾਕੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਕੇ ਹਮਲਾਵਰਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
- Download Babushahi App
-
-