Breaking: ਅਕਤੂਬਰ ਮਹੀਨੇ ਦੀ ਤਨਖ਼ਾਹ ਨਾਲ ਮਿਲੇਗਾ 8% DA ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ: CM ਮਾਨ ਨੇ ਖ਼ੁਦ ਕੀਤਾ ਐਲਾਨ
Babushahi Network
ਚੰਡੀਗੜ੍ਹ, 18 ਸਤੰਬਰ 2026- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਿੰਗਾਈ ਭੱਤੇ (DA) ਵਿੱਚ 8 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਮਿਲਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਧਿਆ ਹੋਇਆ ਮਹਿੰਗਾਈ ਭੱਤਾ (8% DA) ਅਕਤੂਬਰ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਨਾਲ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਸੂਬੇ ਦੀ ਪ੍ਰਸ਼ਾਸਨਿਕ ਵਿਵਸਥਾ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਉਨ੍ਹਾਂ ਦੀ ਭਲਾਈ ਅਤੇ ਜਾਇਜ਼ ਮੰਗਾਂ ਪ੍ਰਤੀ ਗੰਭੀਰ ਹੈ।
ਮੀਟਿੰਗ ਦੌਰਾਨ ਮੁਲਾਜ਼ਮਾਂ ਨਾਲ ਸਬੰਧਤ ਕਈ ਹੋਰ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਇਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ, ਪ੍ਰੋਬੇਸ਼ਨ ਪੀਰੀਅਡ ਦੌਰਾਨ ਤਨਖਾਹ ਦੀ ਸਮੀਖਿਆ, ਆਸ਼ਾ ਵਰਕਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਸਮੇਤ ਹੋਰ ਮਸਲੇ ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਸਲਿਆਂ ’ਤੇ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਹੱਲ ਲਈ ਅੱਗੇ ਵੀ ਗੱਲਬਾਤ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ ਕਰਨ ਲਈ ਅਕਤੂਬਰ ਦੇ ਪਹਿਲੇ ਹਫ਼ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੁੜ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਮੁਤਾਬਕ ਸਰਕਾਰੀ ਵਿਭਾਗਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਵਿੱਚ ਮੁਲਾਜ਼ਮਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਸਰਕਾਰ ਅਤੇ ਮੁਲਾਜ਼ਮਾਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਮੀਟਿੰਗ ਦੇ ਸੁਖਾਵੇਂ ਮਾਹੌਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨਾਲ ਜੁੜੇ ਬਾਕੀ ਮਸਲਿਆਂ ਦੇ ਹੱਲ ਲਈ ਵੀ ਸਰਕਾਰ ਵੱਲੋਂ ਗੱਲਬਾਤ ਦਾ ਰਾਹ ਅਪਣਾਇਆ ਜਾਵੇਗਾ।
- Download Babushahi App
-
-