ਚੋਣਾਂ ਤੋਂ ਪਹਿਲਾਂ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ': ਨਿਤਿਨ ਨਵੀਨ ਵੱਲੋਂ ਹੈਲਪਲਾਈਨ ਨੰਬਰ ਜਾਰੀ, ਅਮਿਤ ਸ਼ਾਹ ਕਰਨਗੇ ਰੈਲੀ ਨੂੰ ਸੰਬੋਧਨ
ਪਠਾਨਕੋਟ, 18 ਸਤੰਬਰ, 2026 — ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸੂਬੇ ਵਿੱਚ "ਨਸ਼ਾ ਮੁਕਤ ਪੰਜਾਬ ਯਾਤਰਾ" ਦੀ ਸ਼ੁਰੂਆਤ ਕੀਤੀ ਗਈ ਹੈ। ਪਠਾਨਕੋਟ ਵਿਖੇ ਯਾਤਰਾ ਦਾ ਉਦਘਾਟਨ ਕਰਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ 'ਨਸ਼ਾ ਮੁਕਤ ਪੰਜਾਬ' ਦਾ ਪੋਸਟਰ ਅਤੇ ਵਿਸ਼ੇਸ਼ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ (97149-02027) ਜਾਰੀ ਕੀਤਾ। ਇਹ ਯਾਤਰਾ 13 ਦਿਨਾਂ ਵਿੱਚ 4,000 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰੇਗੀ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨਾਲ ਸਮਾਪਤ ਹੋਵੇਗੀ।
ਪਠਾਨਕੋਟ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਨਿਤਿਨ ਨਵੀਨ ਨੇ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦ੍ਰਿੜ੍ਹ ਸੰਕਲਪ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦਾ ਭਵਿੱਖ ਅਤੇ ਨੌਜਵਾਨੀ ਖ਼ਤਰੇ ਵਿੱਚ ਹੈ, ਜਿਸ ਵਿਰੁੱਧ ਹਰ ਘਰ ਵਿੱਚ ਲੜਾਈ ਲੜਨੀ ਪਵੇਗੀ। ਧਾਰਾ 370 ਹਟਾਉਣ ਅਤੇ ਅੱਤਵਾਦ ਵਿਰੁੱਧ ਕਾਰਵਾਈ ਦਾ ਹਵਾਲਾ ਦਿੰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਜੋ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਕਰਦੀ ਹੈ। ਪਾਰਟੀ ਨੇਤਾ 'ਤੇ ਹੋਏ ਹਮਲੇ ਬਾਰੇ ਬੋਲਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਵਰਕਰ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਨਸ਼ਾ ਮਾਫੀਆ ਨੂੰ ਖ਼ਤਮ ਕਰਨ ਲਈ ਵਚਨਬੱਧ ਹਨ।
- Download Babushahi App
-
-