ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਸੰਗਤਾਂ ਨੂੰ ਕਾਲਕਾ ਤੇ ਕਾਹਲੋਂ ਵੱਲੋਂ ਵਧਾਈਆਂ
ਨਵੀਂ ਦਿੱਲੀ 18 ਸਤੰਬਰ,(ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਪਾਵਨ ਵਿਆਹ ਪੁਰਬ ਦੀਆਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬੇਅੰਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਅੱਜ ਇਥੇ ਇੱਕ ਸਾਂਝੇ ਸੰਦੇਸ਼ ਵਿੱਚ ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਮਨੁੱਖਤਾ ਲਈ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਪਿਆਰ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਵਹਿਮਾਂ-ਭਰਮਾਂ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਇੱਕ ਅਕਾਲ ਪੁਰਖ ਨਾਲ ਜੁੜਨ ਅਤੇ ਹਰ ਮਨੁੱਖ ਨਾਲ ਬਰਾਬਰੀ ਤੇ ਸਤਿਕਾਰ ਵਾਲਾ ਵਿਵਹਾਰ ਕਰਨ ਦਾ ਰਾਹ ਦਿਖਾਇਆ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅਤੇ ਮਾਤਾ ਸੁਲੱਖਣੀ ਜੀ ਦਾ ਪਵਿੱਤਰ ਵਿਆਹ ਪੁਰਬ ਸਾਨੂੰ ਪਰਿਵਾਰਕ ਜੀਵਨ ਵਿੱਚ ਪਿਆਰ, ਵਿਸ਼ਵਾਸ, ਸਤਿਕਾਰ, ਸਹਿਯੋਗ ਅਤੇ ਜ਼ਿੰਮੇਂਵਾਰੀ ਦੀ ਮਹੱਤਤਾ ਨੂੰ ਸਮਝਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਗ੍ਰਹਿਸਥ ਜੀਵਨ ਨੂੰ ਅਪਣਾਉਂਦਿਆਂ ਸੰਸਾਰ ਵਿੱਚ ਵਿਚਰ ਕੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤਾਂ ਨੂੰ ਅਮਲੀ ਰੂਪ ਦਿੱਤਾ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਅਤੇ ਲੋੜਵੰਦਾਂ ਦੀ ਸੇਵਾ, ਮਨੁੱਖਤਾ ਦੀ ਭਲਾਈ ਅਤੇ ਸਮਾਜ ਵਿੱਚ ਆਪਸੀ ਭਾਈਚਾਰਾ ਮਜ਼ਬੂਤ ਕਰਨ ਲਈ ਸਮਰਪਿਤ ਕੀਤਾ ਜਾਵੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਅਰਦਾਸ ਕੀਤੀ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਸਿੱਖ ਸੰਗਤ ਅਤੇ ਸਮੂਹ ਮਨੁੱਖਤਾ ਨੂੰ ਚੜ੍ਹਦੀ ਕਲਾ, ਸੁਖ-ਸ਼ਾਂਤੀ, ਸੇਵਾ ਅਤੇ ਸਦਭਾਵਨਾ ਦਾ ਅਸ਼ੀਰਵਾਦ ਬਖ਼ਸ਼ਣ। I8
- Download Babushahi App
-
-