ਜਗਰਾਉਂ ’ਚ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ
*ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ : ਵਿਧਾਇਕ ਸਰਵਜੀਤ ਕੌਰ ਮਾਣੂੰਕੇ*
*ਪੰਜਾਬ ਸਰਕਾਰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਕੇ ਸਭ ਵਰਗਾਂ ਦੀ ਭਲਾਈ ਲਈ ਵਚਨਬੱਧ : ਵਿਧਾਇਕ ਮਾਣੂੰਕੇ*
*ਕਿਹਾ, ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਲਿਆ ਆਧੁਨਿਕ ਡਿਜੀਟਲ ਤਕਨੀਕ ਦਾ ਸਹਾਰਾ*
ਜਗਰਾਉਂ, (ਲੁਧਿਆਣਾ), 22 ਸਤੰਬਰ:(ਦੀਪਕ ਜੈਨ)
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਰੌਸ਼ਨੀਆਂ ਨਾਲ ਸਜੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਿਲਕਸ਼ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ।
ਇਸ ਮੌਕੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਜਗਰਾਉਂ ਸ੍ਰੀ ਬਾਦਲ ਦੀਨ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਸੰਗਤ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਲੱਖਣ ਡਰੋਨ ਸ਼ੋਅ ਦਾ ਆਨੰਦ ਮਾਣਿਆ।
ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਰਗੀ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਦਾ ਫ਼ਲਸਫ਼ਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖ ਨੂੰ ਚੰਗੇ ਕਰਮਾਂ ਅਤੇ ਉੱਚੇ ਆਚਰਣ ਦਾ ਮਾਰਗ ਦਿਖਾਇਆ।
ਵਿਧਾਇਕ ਮਾਣੂੰਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।
ਸਮਾਗਮ ਦੌਰਾਨ ਭਾਈ ਮਨਜਿੰਦਰ ਸਿੰਘ ਖਾਲਸਾ ਦੇ ਰਾਗੀ ਜੱਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ।
- Download Babushahi App
-
-