ਟਰੈਫਿਕ ਸਮੱਸਿਆ ਦੇ ਹੱਲ ਲਈ ਜਗਰਾਉਂ ਵਿੱਚ ਨਗਰ ਕੌਂਸਲ ਦਾ ਵੱਡਾ ਐਕਸ਼ਨ
ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ
ਜਗਰਾਉਂ, 29 ਸਤੰਬਰ (ਦੀਪਕ ਜੈਨ)- ਸ਼ਹਿਰ ਵਿੱਚ ਦਿਨੋਂ-ਦਿਨ ਵੱਧ ਰਹੀ ਟਰੈਫਿਕ ਦੀ ਸਮੱਸਿਆ ਅਤੇ ਸੜਕਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਨਗਰ ਕੌਂਸਲ ਜਗਰਾਉਂ ਵੱਲੋਂ ਮਾਨਯੋਗ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਕਾਰਵਾਈ ਨਾਲ ਸ਼ਹਿਰ ਦੇ ਕਈ ਪ੍ਰਮੁੱਖ ਬਾਜ਼ਾਰਾਂ ਅਤੇ ਸੜਕਾਂ ਨੂੰ ਕਬਜ਼ਾ-ਮੁਕਤ ਕਰਵਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ।
ਇਹ ਕਾਰਵਾਈ ਮਾਨਯੋਗ ਪ੍ਰਧਾਨ ਨਗਰ ਕੌਂਸਲ ਜਗਰਾਉਂ ਸਰਦਾਰ ਕੰਵਰਪਾਲ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਜੀ ਦੇ ਆਦੇਸ਼ਾਂ ਤਹਿਤ ਕੀਤੀ ਗਈ। ਇਸ ਮੌਕੇ ਸੈਨਟਰੀ ਇੰਸਪੈਕਟਰ ਅਨਿਲ ਕੁਮਾਰ ਜੀ ਦੀ ਅਗਵਾਈ ਹੇਠ ਅਰੁਣ ਗਿੱਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਹੋਈ ਇਹ ਮੁਹਿੰਮ ਭਗਵਾਨ ਵਾਲਮੀਕਿ ਕਮਲ ਚੌਂਕ, ਅਨਾਰਕਲੀ ਬਾਜ਼ਾਰ, ਸ਼ਹਿਰ ਦਰਵਾਜ਼ਾ, ਸੁਭਾਸ਼ ਗੇਟ ਅਤੇ ਪੁਰਾਣੀ ਸਬਜ਼ੀ ਮੰਡੀ ਸਮੇਤ ਵੱਖ-ਵੱਖ ਪ੍ਰਮੁੱਖ ਮਾਰਗਾਂ ਤੋਂ ਹੁੰਦੀ ਹੋਈ ਮੁੜ ਨਗਰ ਕੌਂਸਲ ਦਫ਼ਤਰ ਵਿਖੇ ਸਮਾਪਤ ਹੋਈ।
ਕਬਜ਼ਾਧਾਰੀਆਂ ਨੂੰ ਸਖ਼ਤ ਚੇਤਾਵਨੀ
ਨਗਰ ਕੌਂਸਲ ਦੀ ਟੀਮ ਵੱਲੋਂ ਦੁਕਾਨਾਂ ਦੇ ਬਾਹਰ ਸੜਕਾਂ ਅਤੇ ਜਨਤਕ ਥਾਵਾਂ ’ਤੇ ਰੱਖਿਆ ਸਮਾਨ, ਫੜ੍ਹੀਆਂ ਅਤੇ ਹੋਰ ਸਮਾਨ ਨੂੰ ਹਟਾਇਆ ਗਿਆ। ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨੂੰ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਗਈ ਕਿ ਜਨਤਕ ਸੜਕਾਂ, ਫੁੱਟਪਾਥਾਂ ਅਤੇ ਆਵਾਜਾਈ ਵਾਲੀਆਂ ਥਾਵਾਂ ’ਤੇ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਨਾ ਕੀਤਾ ਜਾਵੇ।
ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਖੁੱਲ੍ਹਾ ਰੱਖਣਾ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣਾ ਨਗਰ ਕੌਂਸਲ ਦੀ ਮੁੱਖ ਜ਼ਿੰਮੇਵਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹਿਣ ਦੀ ਗੱਲ ਆਖੀ ਗਈ।
- Download Babushahi App
-
-