Punjab Breaking: AAP ਆਗੂ ਅਤੇ ਮੌਜੂਦਾ ਸਰਪੰਚ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
ਬਲਜੀਤ ਸਿੰਘ
ਪੱਟੀ/ਤਰਨ ਤਾਰਨ, 6 ਅਕਤੂਬਰ 2026: ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਤੂਤ ਵਿੱਚ ਅੱਜ ਦਿਨ-ਦਿਹਾੜੇ ਵਾਪਰੀ ਗੋਲੀਬਾਰੀ ਦੀ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਅਣਪਛਾਤੇ ਹਮਲਾਵਰਾਂ ਨੇ ਪਿੰਡ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨੂੰ ਗੋਲੀਆਂ ਮਾਰ ਦਿੱਤੀਆਂ। ਗੰਭੀਰ ਜ਼ਖ਼ਮਾਂ ਕਾਰਨ ਅਸ਼ਵਨੀ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ, ਅਸ਼ਵਨੀ ਕੁਮਾਰ ਆਪਣੇ ਸਾਥੀ ਚਮਕੌਰ ਸਿੰਘ ਨਾਲ ਮੌਜੂਦ ਸਨ, ਜਦੋਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਚਮਕੌਰ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਆਲੇ-ਦੁਆਲੇ ਦੇ ਇਲਾਕੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਕਾਰਨਾਂ ਅਤੇ ਹਮਲੇ ਪਿੱਛੇ ਮੌਜੂਦ ਮਕਸਦ ਬਾਰੇ ਫਿਲਹਾਲ ਪੁਲਿਸ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਇਸ ਵਾਰਦਾਤ ਤੋਂ ਬਾਅਦ ਪਿੰਡ ਤੂਤ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-