CBI ਜਾਂਚ ਨੂੰ ਲੈ ਕੇ ਪਰਗਟ ਸਿੰਘ ਦਾ ਪਹਿਲਾ ਵੱਡਾ ਬਿਆਨ, ਕਿਹਾ- AAP ਤੇ BJP ਕਰ ਰਹੀਆਂ ਨੇ ਨਾਟਕ
Babushahi Network
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮਾਂ ਤੋਂ ਬਾਅਦ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ (AAP) ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (BJP) ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ।
CBI ਐਕਸ਼ਨ ਉੱਤੇ ਪਰਗਟ ਸਿੰਘ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ, AAP ਅਤੇ BJP ਮਿਲ ਕੇ ਕਾਂਗਰਸ ਨੂੰ ਲਾਈਨ ਆਊਟ ਕਰਨ ਦਾ ਨਾਟਕ ਕਰ ਰਹੀਆਂ ਨੇ"। ਪਰਗਟ ਸਿੰਘ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਨੂੰ ਲੈ ਕੇ ਦੇਸ਼ ਭਰ ਵਿੱਚ ਸਵਾਲ ਉੱਠ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਜਿਹੜੇ ਤਰੀਕੇ ਨਾਲ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਕਾਰਵਾਈ ਹੋ ਰਹੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ‘ਭ੍ਰਿਸ਼ਟਾਚਾਰ ਵਿਰੋਧੀ’ ਰਾਜਨੀਤੀ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਦੇ ਕਾਰਜਕਾਲ ਵਿੱਚ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਵਿਅਕਤੀਆਂ ’ਤੇ ਗੰਭੀਰ ਦੋਸ਼ ਲੱਗਣਾ ਵੀ ਸਰਕਾਰ ਲਈ ਜਵਾਬਦੇਹੀ ਦਾ ਵੱਡਾ ਮੁੱਦਾ ਹੈ।
ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਪਾਲ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਦੇ ਵਾਅਦੇ ਕੀਤੇ ਸਨ। ਹੁਣ ਹਾਈ ਕੋਰਟ ਵੱਲੋਂ ਸੁਤੰਤਰ ਜਾਂਚ ਦੇ ਹੁਕਮ ਦਿੱਤੇ ਜਾਣ ਨਾਲ ਸਰਕਾਰ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਹੋਏ ਹਨ। ਕਾਂਗਰਸ ਨੇ ਜਾਂਚ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਸਿਆਸੀ ਮਾਹੌਲ ਨੂੰ ਪ੍ਰਭਾਵਿਤ ਕਰਨ ਦਾ ਕਾਰਨ ਬਣ ਰਹੀਆਂ ਹਨ। ਉਨ੍ਹਾਂ ਦੇ ਮੁਤਾਬਕ BJP ਅਤੇ AAP ਵਿਚਕਾਰ ਸਿਆਸੀ ਟਕਰਾਅ ਦੇ ਬਾਵਜੂਦ ਦੋਵਾਂ ਧਿਰਾਂ ਦੀਆਂ ਨੀਤੀਆਂ ਅਤੇ ਕਾਰਵਾਈਆਂ ’ਤੇ ਲੋਕਾਂ ਨੂੰ ਸਵਾਲ ਪੁੱਛਣ ਦਾ ਪੂਰਾ ਹੱਕ ਹੈ।
ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਸੀਬੀਆਈ ਜਾਂਚ ਵਾਲੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਤੇ ਅਦਾਲਤੀ ਹੁਕਮਾਂ ਨੂੰ ਕਾਨੂੰਨੀ ਤੌਰ ’ਤੇ ਚੁਣੌਤੀ ਦਿੱਤੀ ਜਾ ਰਹੀ ਹੈ। ਪਰਗਟ ਸਿੰਘ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਵੀ ਸੰਵਿਧਾਨ ਅਤੇ ਕਾਨੂੰਨ ਮੁਤਾਬਕ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਦਬਾਅ ਤੋਂ ਉੱਪਰ ਉੱਠ ਕੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
- Download Babushahi App
-
-