ਪਰਗਟ ਸਿੰਘ ਦੀ ਤਾਜਪੋਸ਼ੀ ਭਲਕੇ 11 ਅਕਤੂਬਰ ਨੂੰ; ਪੰਜਾਬ ਕਾਂਗਰਸ ਭਵਨ 'ਚ ਹੋਵੇਗਾ ਸਮਾਗਮ, ਤਿਆਰੀਆਂ ਮੁਕੰਮਲ (ਵੇਖੋ ਵੀਡੀਓ)
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣਗੇ ਪਰਗਟ ਸਿੰਘ; ਧਾਰਮਿਕ ਅਸਥਾਨਾਂ 'ਤੇ ਟੇਕਿਆ ਮੱਥਾ
ਕਾਂਗਰਸ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦਾ ਅਹਿਦ: ਪਰਗਟ ਸਿੰਘ ਨੇ ਪਾਰਟੀ ਵਰਕਰਾਂ ਨੂੰ ਦਿੱਤਾ ਇੱਕਜੁੱਟਤਾ ਦਾ ਸੁਨੇਹਾ
ਪ੍ਰਭ ਸਿੱਧੂ
ਚੰਡੀਗੜ੍ਹ, 10 ਅਕਤੂਬਰ 2026- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਪਰਗਟ ਸਿੰਘ ਦਾ ਰਸਮੀ ਤਾਜਪੋਸ਼ੀ ਸਮਾਗਮ ਭਲਕੇ, 11 ਅਕਤੂਬਰ 2026 ਨੂੰ (ਸਵੇਰੇ 10 ਵਜੇ) ਚੰਡੀਗੜ੍ਹ ਵਿਖੇ ਵੱਡੇ ਪੱਧਰ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਸਮਾਗਮ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਕਰਵਾਇਆ ਜਾਵੇਗਾ, ਜਿੱਥੇ ਪਰਗਟ ਸਿੰਘ ਰਸਮੀ ਤੌਰ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਇਸ ਸਮਾਗਮ ਲਈ ਪੰਜਾਬ ਕਾਂਗਰਸ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਆਪਣੀ ਇਸ ਨਵੀਂ ਅਤੇ ਵੱਡੀ ਜ਼ਿੰਮੇਵਾਰੀ ਨੂੰ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਬੀਤੇ ਦਿਨੀਂ ਵੱਖ-ਵੱਖ ਪ੍ਰਮੁੱਖ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਜਦੋਂ ਪਰਗਟ ਸਿੰਘ ਪੰਜਾਬ ਪਰਤੇ, ਤਾਂ ਵੱਖ-ਵੱਖ ਥਾਵਾਂ 'ਤੇ ਪਾਰਟੀ ਵਰਕਰਾਂ ਅਤੇ ਸਥਾਨਕ ਆਗੂਆਂ ਵੱਲੋਂ ਉਨ੍ਹਾਂ ਦਾ ਢੋਲ-ਧਮੱਕਿਆਂ ਅਤੇ ਫੁੱਲਾਂ ਦੀ ਵਰਖਾ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ।
11 ਅਕਤੂਬਰ ਨੂੰ ਹੋਣ ਵਾਲੇ ਤਾਜਪੋਸ਼ੀ ਸਮਾਗਮ ਦੌਰਾਨ ਕਾਂਗਰਸ ਹਾਈਕਮਾਨ ਦੇ ਕਈ ਸੀਨੀਅਰ ਕੇਂਦਰੀ ਨੇਤਾਵਾਂ (ਕੇ.ਸੀ. ਵੇਨੂਗੋਪਾਲ ਅਤੇ ਸਚਿਨ ਪਾਇਲਟ) ਦੇ ਨਾਲ-ਨਾਲ ਪੰਜਾਬ ਦੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਤੋਂ ਇਲਾਵਾ ਪਾਰਟੀ ਦੇ ਐਮ.ਪੀ., ਸਾਬਕਾ ਮੰਤਰੀਆਂ, ਜ਼ਿਲ੍ਹਾ ਪ੍ਰਧਾਨਾਂ ਦੇ ਨਾਲ ਨਾਲ ਅਹੁਦੇਦਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਪਰਗਟ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਤਜਰਬੇ ਅਤੇ ਅਗਵਾਈ ਹੇਠ ਪੰਜਾਬ ਕਾਂਗਰਸ ਨਵੀਆਂ ਬੁਲੰਦੀਆਂ ਨੂੰ ਛੂਹੇਗੀ।
ਆਪਣੇ ਤਾਜਪੋਸ਼ੀ ਸਮਾਗਮ ਤੋਂ ਪਹਿਲਾਂ ਦਿੱਤੇ ਸੁਨੇਹੇ ਵਿੱਚ ਪਰਗਟ ਸਿੰਘ ਨੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਵਰਕਰ ਹਨ। ਉਨ੍ਹਾਂ ਨੇ ਪਾਰਟੀ ਕੇਡਰ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ। ਪਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੁੱਖ ਏਜੰਡਾ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਸੂਬੇ ਦੇ ਵਿਕਾਸ ਤੇ ਲੋਕ ਹਿੱਤਾਂ ਲਈ ਆਵਾਜ਼ ਬੁਲੰਦ ਕਰਨਾ ਹੋਵੇਗੀ।
- Download Babushahi App
-
-