ਕਪੂਰਥਲਾ ਵਿੱਚ ਪਰਾਲੀ ਸਾੜਨ ਵਿਰੁੱਧ ਮੁਹਿੰਮ ਤੇਜ਼, ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਪਿੰਡਾਂ ਦਾ ਦੌਰਾ
ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਪਹੁੰਚੇ ਅਧਿਕਾਰੀ, ਜ਼ਿਲ੍ਹੇ ਵਿੱਚ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਨਹੀਂ ਆਈ ਸਾਹਮਣੇ
ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਅਤੇ ਰੋਕਥਾਮ ਲਈ ਤਾਇਨਾਤ ਡਰੋਨ ਨਿਗਰਾਨ ਪ੍ਰਣਾਲੀ ਦਾ ਵੀ ਕੀਤਾ ਨਿਰੀਖਣ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 10 ਅਕਤੂਬਰ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਐੱਸ.ਐੱਸ.ਪੀ. ਗੌਰਵ ਤੂਰਾ ਨੇ ਅੱਜ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕਰ ਉਨ੍ਹਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਜ਼ਿਲ੍ਹਾ ਪੱਧਰੀ ਮੁਹਿੰਮ ਨੂੰ ਹੋਰ ਤੇਜ਼ ਕੀਤਾ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਹਿਕਾਰਤਾ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਡਡਵਿੰਡੀ ਅਤੇ ਜੈਨਪੁਰ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਵਧਦਾ ਹੈ, ਸਗੋਂ ਮਿੱਟੀ ਦੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਲੰਬੇ ਸਮੇਂ ਦੀ ਉਤਪਾਦਕਤਾ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਲਈ ਕਿਸਾਨਾਂ, ਸਰਕਾਰੀ ਵਿਭਾਗਾਂ ਅਤੇ ਹੋਰ ਸਬੰਧਤ ਧਿਰਾਂ ਦੇ ਸਾਂਝੇ ਯਤਨ ਜ਼ਰੂਰੀ ਹਨ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਪਰਾਲੀ ਸਾੜਨ ਵਿਰੁੱਧ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਾਤਾਵਰਨ ਪੱਖੀ ਬਦਲ ਅਪਣਾਉਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨ ਗਰੁੱਪਾਂ ਰਾਹੀਂ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਲਈ 5,500 ਖੇਤੀਬਾੜੀ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਇਨ੍ਹਾਂ ਮਸ਼ੀਨਾਂ ਵਿੱਚ ਬੇਲਰ, ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ-ਟਿੱਲ ਡਰਿੱਲ, ਰਿਵਰਸੀਬਲ ਮੋਲਡ ਬੋਰਡ (ਆਰ.ਐੱਮ.ਬੀ.) ਹਲ, ਮਲਚਰ, ਸਟਰਾਅ ਚੌਪਰ, ਸੁਪਰ ਐੱਸ.ਐੱਮ.ਐੱਸ. ਮਸ਼ੀਨਾਂ, ਫ਼ਸਲ ਕੱਟਣ ਵਾਲੀਆਂ ਮਸ਼ੀਨਾਂ, ਰੋਟਰੀ ਸਲੈਸ਼ਰ ਅਤੇ ਟਰੈਕਟਰ ਸ਼ਾਮਲ ਹਨ। ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਕਿਸਾਨ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੀ ਇਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਲ 2026 ਦੌਰਾਨ ਹੁਣ ਤੱਕ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਸਾਹਮਣੇ ਨਹੀਂ ਆਈ। ਇਨ੍ਹਾਂ ਘਟਨਾਵਾਂ ਵਿੱਚ ਆਈ ਕਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਲ 2024 ਦੌਰਾਨ ਪਰਾਲੀ ਸਾੜਨ ਦੀਆਂ 360 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ, ਜਦਕਿ ਸਾਲ 2025 ਵਿੱਚ ਇਹ ਗਿਣਤੀ ਘਟ ਕੇ 170 ਰਹਿ ਗਈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਜ਼ੀਰੋ ਘਟਨਾਵਾਂ ਦਾ ਰਿਕਾਰਡ ਬਰਕਰਾਰ ਰੱਖਣ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਅਤੇ ਸਖ਼ਤ ਨਿਗਰਾਨੀ ਜਾਰੀ ਹੈ।
ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਉਪਲਬਧ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਤਾਂ ਜੋ ਹਵਾ ਨੂੰ ਸਾਫ਼ ਰੱਖਣ, ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਸਵਾਲ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਸੁਲਤਾਨਪੁਰ ਲੋਧੀ ਇਲਾਕੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਅਤੇ ਰੋਕਥਾਮ ਲਈ ਤਾਇਨਾਤ ਡਰੋਨਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ।
ਇਸ ਮੌਕੇ ਏ.ਐੱਸ.ਪੀ. ਧੀਰੇਂਦਰ ਵਰਮਾ, ਐੱਸ.ਡੀ.ਐੱਮ. ਜਸਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਈਡੀਓ ਡਾ. ਜਸਪਾਲ ਸਿੰਘ, ਡੀ.ਆਰ. ਕੋਆਪਰੇਟਿਵ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
- Download Babushahi App
-
-