ਸਿੱਧਵਾਂ ਬੇਟ ਪੁਲਿਸ ਨੇ ਡੇਢ ਕੁਇੰਟਲ ਭੁੱਕੀ, ਟਰੱਕ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ
ਜਗਰਾਉਂ (ਦੀਪਕ ਜੈਨ )
ਪੰਜਾਬ ਸਰਕਾਰ ਅਤੇ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਤੌਰ 'ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਥਾਣਾ ਸਿੱਧਵਾਂ ਬੇਟ ਮੁੱਖ ਅਫ਼ਸਰ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਟਰੱਕ ਵਿੱਚੋਂ 1 ਕੁਇੰਟਲ 50 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਟਰੱਕ ਚਾਲਕ ਨੂੰ ਗਿ੍ਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਐੱਚ.ਓ. ਅਮਰਜੀਤ ਸਿੰਘ, ਏ.ਐੱਸ.ਆਈ. ਪਰਮਜੀਤ ਸਿੰਘ, ਜਗਜੀਤ ਸਿੰਘ ਜੱਗੀ, ਨਿਸ਼ਾਨ ਸਿੰਘ ਅਤੇ ਹੋਰ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਸਨੇਮਪੁਰਾ ਟਿੱਬਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ¢ ਇਸੇ ਸਮੇਂ ਪੁਲਿਸ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਸੁਖਵਿੰਦਰ ਸਿੰਘ ਨਾਮਕ ਵਿਅਕਤੀ ਬਾਹਰਲੇ ਸੂਬਿਆਂ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਜਗਰਾਉਂ, ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਦਾ ਹੈ। ਸੂਚਨਾ ਅਨੁਸਾਰ ਮੁਲਜ਼ਮ ਆਪਣੇ ਟਰੱਕ ਨੰਬਰ ਪੀ.ਬੀ. 11 ਬੀ.ਐੱਨ. 4738 ਵਿੱਚ ਤਰਪਾਲ ਨਾਲ ਢੱਕ ਕੇ ਭੁੱਕੀ ਲੈ ਕੇ ਪਿੰਡ ਮੁਰਾਦਪੁਰਾ ਤੋਂ ਜੰਡੀ ਲੀਲਾਂ ਵਾਲੇ ਪਾਸੇ ਰਾਹੀਂ ਮੋਗਾ ਵੱਲ ਜਾ ਰਿਹਾ ਸੀ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 1 ਕੁਇੰਟਲ 50 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਨੇ ਟਰੱਕ ਚਾਲਕ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ। ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਛੋੜੀਆਂ, ਥਾਣਾ ਮਾਛੀਵਾੜਾ ਸਾਹਿਬ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- Download Babushahi App
-
-