ਚੰਨੀ, ਰੰਧਾਵਾ, ਸਿੰਗਲਾ ਸਮੇਤ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਅਹੁਦੇਦਾਰ ਵੀ ਕੱਲ੍ਹ 11 ਅਕਤੂਬਰ ਨੂੰ ਸੰਭਾਲਣਗੇ ਆਪਣਾ ਕਾਰਜਭਾਰ
Babushahi Network
ਚੰਡੀਗੜ੍ਹ 10 ਅਕਤੂਬਰ 2026- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਐਤਵਾਰ ਨੂੰ (ਕੱਲ੍ਹ 11 ਅਕਤੂਬਰ) ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਰਸਮੀ ਤੌਰ ’ਤੇ ਪ੍ਰਧਾਨ ਦੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ। ਇਸ ਤੋਂ ਇਲਾਵਾ, ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਹਾਈਕਮਾਂਡ ਵੱਲੋਂ ਐਲਾਨੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਵੀ ਆਪਣਾ ਕਾਰਜਭਾਰ ਸੰਭਾਲਣਗੇ। ਇਨ੍ਹਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਹੋਰ ਆਗੂ ਅਤੇ ਅਹੁਦੇਦਾਰ ਸ਼ਾਮਲ ਹਨ।
ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਲੋਕਾਂ ਦੇ ਮੁੱਦਿਆਂ ’ਤੇ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੰਦੇਸ਼ ਦੇਵੇਗੀ। ਪਾਰਟੀ ਨੂੰ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਹੋਰ ਮਜ਼ਬੂਤ, ਸਰਗਰਮ ਅਤੇ ਲੋਕ-ਕੇਂਦਰਿਤ ਬਣਾਇਆ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂਆਂ, ਵਿਧਾਇਕਾਂ, ਸਾਬਕਾ ਮੰਤਰੀਆਂ, ਜ਼ਿਲ੍ਹਾ ਅਤੇ ਬਲਾਕ ਪ੍ਰਧਾਨਾਂ, ਯੂਥ ਕਾਂਗਰਸ, ਮਹਿਲਾ ਕਾਂਗਰਸ, ਐਨਐਸਯੂਆਈ ਅਤੇ ਹੋਰ ਅਗਾਂਹਵਧੂ ਜਥੇਬੰਦੀਆਂ ਨੂੰ ਨਾਲ ਲੈ ਕੇ ਸਮੂਹਿਕ ਲੀਡਰਸ਼ਿਪ ਨੂੰ ਤਰਜੀਹ ਦਿੱਤੀ ਜਾਵੇਗੀ। ਪਾਰਟੀ ਵਰਕਰਾਂ ਦੀ ਮਿਹਨਤ, ਸਮਰਪਣ ਅਤੇ ਯੋਗਦਾਨ ਨੂੰ ਸੰਗਠਨ ਦੀ ਸਭ ਤੋਂ ਵੱਡੀ ਤਾਕਤ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਚੁਣੌਤੀਆਂ, ਵਪਾਰੀਆਂ ਦੀਆਂ ਸਮੱਸਿਆਵਾਂ, ਕਾਨੂੰਨ-ਵਿਵਸਥਾ ਅਤੇ ਮਹਿੰਗਾਈ ਵਰਗੇ ਅਹਿਮ ਮੁੱਦਿਆਂ ’ਤੇ ਕਾਂਗਰਸ ਲੋਕਾਂ ਦੀ ਆਵਾਜ਼ ਬਣੇਗੀ।
ਪੰਜਾਬ ਦੇ ਨੌਜਵਾਨਾਂ ਦੇ ਭਵਿੱਖ, ਮਹਿਲਾਵਾਂ ਦੀ ਸੁਰੱਖਿਆ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਸਵਾਲਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਸੂਬੇ ਦੇ ਹਿੱਤਾਂ ਅਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਪਾਰਟੀ ਸਿਆਸੀ ਅਤੇ ਜਮਹੂਰੀ ਪੱਧਰ ’ਤੇ ਸੰਘਰਸ਼ ਕਰੇਗੀ। ਪੰਜਾਬ ਸਰਕਾਰ ਤੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਤੇ ਲੋਕਾਂ ਨਾਲ ਕੀਤੇ ਦਾਅਵਿਆਂ ਬਾਰੇ ਜਵਾਬ ਮੰਗਿਆ ਜਾਵੇਗਾ। ਕਾਂਗਰਸ ਤੱਥਾਂ, ਲੋਕ ਹਿੱਤਾਂ ਦੇ ਮੁੱਦਿਆਂ ਅਤੇ ਜਮਹੂਰੀ ਤਰੀਕਿਆਂ ਦੇ ਆਧਾਰ ’ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ’ਤੇ ਕੰਮ ਕਰੇਗੀ। ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਪਾਰਟੀ ਦੀ ਰਣਨੀਤੀ ਲੋਕਾਂ ਨਾਲ ਲਗਾਤਾਰ ਸੰਵਾਦ, ਸਥਾਨਕ ਮੁੱਦਿਆਂ ਦੇ ਹੱਲ ਅਤੇ ਵਰਕਰਾਂ ਦੀ ਸਰਗਰਮ ਭਾਗੀਦਾਰੀ ’ਤੇ ਕੇਂਦਰਿਤ ਰਹੇਗੀ। ਕਾਂਗਰਸ ਦੀ ਵਿਚਾਰਧਾਰਾ ਅਤੇ ਲੋਕ-ਭਲਾਈ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਆਪਕ ਜਨ-ਸੰਪਰਕ ਮੁਹਿੰਮ ਚਲਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਕਾਂਗਰਸ ਦਾ ਉਦੇਸ਼ ਸਿਰਫ਼ ਸੱਤਾ ਪਰਿਵਰਤਨ ਨਹੀਂ, ਸਗੋਂ ਪੰਜਾਬ ਨੂੰ ਨਸ਼ਾ-ਮੁਕਤ, ਰੁਜ਼ਗਾਰਯੁਕਤ, ਸੁਰੱਖਿਅਤ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਇੱਕ ਪ੍ਰਭਾਵਸ਼ਾਲੀ ਵਿਕਲਪ ਪੇਸ਼ ਕਰਨਾ ਹੋਵੇਗਾ।
ਇਸ ਤੋਂ ਇਲਾਵਾ, ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਹਾਈਕਮਾਂਡ ਵੱਲੋਂ ਐਲਾਨੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਵੀ ਆਪਣਾ ਕਾਰਜਭਾਰ ਸੰਭਾਲਣਗੇ। ਇਨ੍ਹਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਹੋਰ ਆਗੂ ਅਤੇ ਅਹੁਦੇਦਾਰ ਸ਼ਾਮਲ ਹਨ।
- Download Babushahi App
-
-