ਕਿਸਾਨ ਮੰਡੀਆਂ ‘ਚ ਸੁੱਕਾ ਝੋਨਾ ਲੈ ਕੇ ਆਉਣ : ਗੁਰਸੇਵਕ ਸਿੰਘ ਪੁਆਧੀ
ਮਲਕੀਤ ਸਿੰਘ ਮਲਕਪੁਰ
ਲਾਲੜੂ 14 ਅਕਤੂਬਰ 2026: ਮਾਰਕੀਟ ਕਮੇਟੀ ਲਾਲੜੂ ਦੇ ਚੇਅਰਮੈਨ ਗੁਰਸੇਵਕ ਸਿੰਘ ਪੁਆਧੀ ਨੇ ਦੱਸਿਆ ਕਿ ਕਮੇਟੀ ਦੀਆਂ ਮੰਡੀਆਂ ਵਿੱਚ ਹੁਣ ਤੱਕ 1,87,202 ਕੁਇੰਟਲ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 1,75,631 ਕੁਇੰਟਲ ਦੀ ਖ਼ਰੀਦ ਅਤੇ 21,218 ਕੁਇੰਟਲ ਦੀ ਲਿਫ਼ਟਿੰਗ ਹੋਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਚੰਗੀ ਤਰ੍ਹਾਂ ਸੁਕਾ ਕੇ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਖ਼ਰੀਦ ਵਿੱਚ ਤੇਜ਼ੀ ਆਵੇ ਅਤੇ ਬੇਲੋੜੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ। ਸ. ਪੁਆਧੀ ਨੇ ਕਿਹਾ ਕਿ ਖ਼ਰੀਦ ਏਜੰਸੀਆਂ ਨੂੰ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਕਿਸਾਨਾਂ ਤੋਂ ਨਿਯਮਾਂ ਦੇ ਉਲਟ ਨਾਜਾਇਜ਼ ਕਟੌਤੀ ਜਾਂ ਵਸੂਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸਾਨਾ ਵੱਲੋਂ ਲਿਖਤੀ ਸ਼ਿਕਾਇਤ ਮਿਲਣ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਖ਼ਰੀਦ ਪ੍ਰਬੰਧ ਸੁਚਾਰੂ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
- Download Babushahi App
-
-