ਝੋਟਾ ਕਤਲ ਮਾਮਲਾ: MLA ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਡੀਐਮਸੀ ਵਿਖੇ ਜੇਰੇ ਇਲਾਜ ਹੈਪੀ ਦਾ ਹੌਸਲਾ ਵਧਾਇਆ
ਪੰਜਾਬ ਸਰਕਾਰ ਸਮੁੱਚੇ ਇਲਾਜ ਦਾ ਖਰਚਾ ਉਠਾਉਣ ਲਈ ਵਚਨਬੱਧ
ਅਸ਼ੋਕ ਵਰਮਾ
ਮਾਨਸਾ, 17 ਅਕਤੂਬਰ 2026: ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਵਿਖੇ ਪਹੁੰਚ ਕੇ, ਬੀਤੀ 13 ਅਕਤੂਬਰ ਨੂੰ ਮਾਨਸਾ ਵਿਖੇ ਵਾਪਰੀ ਦੁਖਾਂਤਕ ਘਟਨਾ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਹੈਪੀ ਦਾ ਹਾਲ-ਚਾਲ ਜਾਣਿਆ ਅਤੇ ਉਸਦਾ ਹੌਸਲਾ ਵਧਾਇਆ।ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਦੁਖਦਾਈ ਘਟਨਾ ਦੇ ਪੀੜਤਾਂ ਦੇ ਮੁਫ਼ਤ ਤੇ ਸਰਵੋਤਮ ਇਲਾਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਚਾਰੇ ਨੌਜਵਾਨਾਂ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾ ਰਿਹਾ ਹੈ ਅਤੇ ਹੈਪੀ ਸਮੇਤ ਬਾਕੀ ਤਿੰਨ ਵਿਅਕਤੀਆਂ ਨੂੰ ਵਧੀਆ ਤੋਂ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਜਲਦ ਤੋਂ ਜਲਦ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਸਕਣ।
ਇਸ ਦੌਰਾਨ ਵਿਧਾਇਕ ਬਣਾਂਵਾਲੀ ਨੇ ਹਸਪਤਾਲ ਦੇ ਡਾਕਟਰਾਂ ਦੀ ਮੁੱਖ ਟੀਮ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਮਰੀਜ਼ ਦੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਹਰ ਸੰਭਵ ਮੈਡੀਕਲ ਸਹਾਇਤਾ ਤੁਰੰਤ ਯਕੀਨੀ ਬਣਾਈ ਜਾਵੇ।ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਲਗਾਤਾਰ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਅਤੇ ਜ਼ਖ਼ਮੀਆਂ ਦੀ ਸਿਹਤ ਸਬੰਧੀ ਰੋਜ਼ਾਨਾ ਰਿਪੋਰਟ ਲਈ ਜਾ ਰਹੀ ਹੈ।ਇਸ ਮੌਕੇ ਹੈਪੀ ਦੇ ਪਿਤਾ ਕਸਤੂਰੀ ਲਾਲ ਅਤੇ ਪਰਿਵਾਰਕ ਮੈਂਬਰਾਂ ਨੇ ਇਸ ਔਖੇ ਵਕਤ ਵਿੱਚ ਪੰਜਾਬ ਸਰਕਾਰ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਨਿੱਜੀ ਤੌਰ 'ਤੇ ਹਸਪਤਾਲ ਪਹੁੰਚ ਕੇ ਦਿੱਤੇ ਗਏ ਭਰੋਸੇ ਅਤੇ ਹੌਸਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ।
- Download Babushahi App
-
-