ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫ਼ੀ ਪਹੁੰਚੀ ਅੰਮ੍ਰਿਤਸਰ, ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਹੋਇਆ ਸ਼ਾਨਦਾਰ ਸਵਾਗਤ
ਪੰਜਾਬ ਦੀ ਧਰਤੀ ’ਤੇ ਹਾਕੀ ਦਾ ਮਹਾਕੁੰਭ, ਟਰਾਫ਼ੀ ਟੂਰ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ
ਜੁਗਰਾਜ ਸਿੰਘ, ਰਮਨਦੀਪ ਸਿੰਘ ਤੇ ਹਰਚਰਨ ਸਿੰਘ ਨੇ ਟਰਾਫ਼ੀ ਦੇ ਸਵਾਗਤ ਮੌਕੇ ਜਤਾਇਆ ਮਾਣ
ਹਾਕੀ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਅੰਤਰਰਾਸ਼ਟਰੀ ਟੂਰਨਾਮੈਂਟ ਅਹਿਮ: ਸੁਹਿੰਦਰ ਕੌਰ
Babushahi Network
ਅੰਮ੍ਰਿਤਸਰ , 24 ਅਕਤੂਬਰ 2026 : ਪੰਜਾਬ ਵਿੱਚ ਕਰਵਾਈ ਜਾ ਰਹੀ ਹੀਰੋ ਮੈਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦੇ ਪ੍ਰਚਾਰ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੋੜਨ ਦੇ ਮਕਸਦ ਨਾਲ ਕੱਢਿਆ ਜਾ ਰਿਹਾ ਟਰਾਫ਼ੀ ਟੂਰ ਅੱਜ ਜ਼ਿਲ੍ਹਾ ਤਰਨਤਾਰਨ ਤੋਂ ਹੁੰਦਾ ਹੋਇਆ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਿਆ। ਇਸ ਮੌਕੇ ਸਕੂਲ ਆਫ਼ ਐਮੀਨੈਂਸ, ਛੇਹਰਟਾ ਸਥਿਤ ਸ੍ਰੀ ਗੁਰੂ ਹਰਿਗੋਬਿੰਦ ਖੇਡ ਸਟੇਡੀਅਮ ਵਿਖੇ ਵੱਕਾਰੀ ਟਰਾਫ਼ੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਸਾਬਕਾ ਹਾਕੀ ਖਿਡਾਰੀਆਂ, ਪੁਲਿਸ ਅਧਿਕਾਰੀਆਂ, ਪਤਵੰਤਿਆਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਕੀ ਦਾ ਸ਼ੋਅ ਮੈਚ ਵੀ ਕਰਵਾਇਆ ਗਿਆ, ਜਿਸ ਨੇ ਨੌਜਵਾਨ ਖਿਡਾਰੀਆਂ ਵਿੱਚ ਖੇਡ ਪ੍ਰਤੀ ਉਤਸ਼ਾਹ ਪੈਦਾ ਕੀਤਾ। ਟਰਾਫ਼ੀ ਦੇ ਸਵਾਗਤ ਮੌਕੇ ਸਾਬਕਾ ਹਾਕੀ ਖਿਡਾਰੀ ਅਤੇ ਅੰਮ੍ਰਿਤਸਰ ਕਮਿਸ਼ਨਰੇਟ ਦੇ ਡੀਸੀਪੀ ਜੁਗਰਾਜ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਆਯੋਜਨ ਹੋਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਅਤੇ ਓਲੰਪਿਕ ਖੇਡਾਂ ਵਿੱਚ ਪੰਜਾਬ ਦਾ ਹਮੇਸ਼ਾ ਅਹਿਮ ਯੋਗਦਾਨ ਰਿਹਾ ਹੈ। ਅਜਿਹੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਅਤੇ ਸਮਾਗਮ ਨੌਜਵਾਨਾਂ ਵਿੱਚ ਹਾਕੀ ਸਮੇਤ ਹੋਰ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੈਦਾਨਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ।
ਸਾਬਕਾ ਹਾਕੀ ਖਿਡਾਰੀ ਅਤੇ ਐਸਪੀ ਅੰਮ੍ਰਿਤਸਰ ਦਿਹਾਤੀ ਰਮਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਮੌਕਾ ਮਿਲਣਾ ਖ਼ੁਸ਼ਕਿਸਮਤੀ ਦੀ ਗੱਲ ਹੈ। ਉਨ੍ਹਾਂ ਸਾਲ 2016 ਵਿੱਚ ਮਲੇਸ਼ੀਆ ਵਿਖੇ ਭਾਰਤੀ ਟੀਮ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਜਿੱਤਣ ਦੀ ਯਾਦ ਸਾਂਝੀ ਕਰਦਿਆਂ ਕਿਹਾ ਕਿ ਅੱਜ ਉਹੀ ਟਰਾਫ਼ੀ ਆਪਣੇ ਸ਼ਹਿਰ ਅੰਮ੍ਰਿਤਸਰ ਪਹੁੰਚੀ ਹੈ, ਜੋ ਸਾਰਿਆਂ ਲਈ ਮਾਣ ਵਾਲਾ ਪਲ ਹੈ।
ਸਾਬਕਾ ਓਲੰਪੀਅਨ ਹਾਕੀ ਖਿਡਾਰੀ ਹਰਚਰਨ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਾਸੀ ਅਤੇ ਸੀਨੀਅਰ ਹਾਕੀ ਖਿਡਾਰੀ ਹੋਣ ਦੇ ਨਾਤੇ ਟਰਾਫ਼ੀ ਦਾ ਸਵਾਗਤ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਟਰਾਫ਼ੀ ਸਿਰਫ਼ ਇੱਕ ਖੇਡ ਪੁਰਸਕਾਰ ਨਹੀਂ, ਸਗੋਂ ਹਾਕੀ ਦੀ ਸ਼ਾਨਦਾਰ ਵਿਰਾਸਤ ਦਾ ਪ੍ਰਤੀਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਕਈ ਖਿਡਾਰੀ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ, ਜੋ ਸੂਬੇ ਲਈ ਮਾਣ ਦੀ ਗੱਲ ਹੈ।
ਇਸ ਮੌਕੇ ਸੁਹਿੰਦਰ ਕੌਰ, ਧਰਮਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਨੇ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਬੱਚਿਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਟੀਮ ਵਰਕ ਦੀ ਸਿੱਖਿਆ ਮਿਲਦੀ ਹੈ। ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਚੰਗੇ ਖਿਡਾਰੀ ਬਣਾਉਣਾ ਹੈ, ਤਾਂ ਜੋ ਉਹ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।
ਜ਼ਿਕਰਯੋਗ ਹੈ ਕਿ ਹੀਰੋ ਮੈਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦੇ ਮੁਕਾਬਲੇ 27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਵਿੱਚ ਕਰਵਾਏ ਜਾਣਗੇ। ਟਰਾਫ਼ੀ ਟੂਰ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਟੂਰਨਾਮੈਂਟ ਨਾਲ ਜੋੜਨ ਅਤੇ ਨੌਜਵਾਨਾਂ ਵਿੱਚ ਹਾਕੀ ਪ੍ਰਤੀ ਦਿਲਚਸਪੀ ਵਧਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
- Download Babushahi App
-
-