ਗੁਰਦੁਆਰਾ ਸਾਹਿਬਾਨ ’ਤੇ ਹਮਲਿਆਂ ਸੂਬੇ ਦੀ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹੀ : ਕੇਵਲ ਸਿੰਘ ਢਿੱਲੋਂ
ਗੁਰਦੁਆਰਾ ਸਾਹਿਬਾਨ ’ਤੇ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ
ਚੰਡੀਗੜ੍ਹ: 28 ਅਕਤੂਬਰ 2026- ਪੰਜਾਬ ਵਿੱਚ ਦੋ ਦਿਨਾਂ ਦੇ ਅੰਦਰ ਵੱਖ-ਵੱਖ ਥਾਵਾਂ ’ਤੇ ਦੋ ਗੁਰਦੁਆਰਾ ਸਾਹਿਬਾਨ ’ਤੇ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਭਾਜਪਾ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਘਟਨਾਵਾਂ ਬੇਹੱਦ ਮੰਦਭਾਗੀਆਂ ਅਤੇ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ’ਤੇ ਹੋਏ ਹਮਲਿਆਂ ਨੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਇੱਕ ਵਾਰ ਫਿਰ ਪੋਲ ਖੋਲ੍ਹ ਦਿੱਤੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਕਤਲ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦੀ ਬਜਾਏ ਹੁਣ ਗੁਰਦੁਆਰਾ ਸਾਹਿਬਾਨ ਤੱਕ ਪਹੁੰਚ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਲੁਧਿਆਣਾ ਦੇ ਪਿੰਡ ਗਗੜਾ ਨੇੜੇ ਗੁਰਦੁਆਰਾ ਗੋਪਾਲ ਸਰ ਸਾਹਿਬ ਵਿਖੇ ਗੋਲੀਬਾਰੀ ਹੋਈ, ਜਦਕਿ ਬੁੱਧਵਾਰ ਸਵੇਰੇ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਇਸੇ ਸਾਜ਼ਿਸ਼ ਤਹਿਤ ਗੁਰਦੁਆਰਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਤਾਂ ਜੋ ਸੂਬੇ ਵਿੱਚ ਡਰ ਅਤੇ ਅਸ਼ਾਂਤੀ ਫੈਲਾਈ ਜਾ ਸਕੇ।
ਢਿੱਲੋਂ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕਰਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਕੋਲ ਗ੍ਰਹਿ ਵਿਭਾਗ ਵੀ ਹੈ, ਇਸ ਲਈ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਸੂਬੇ ਵਿੱਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਕਿਉਂ ਹਨ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਝੂਠਾ ਪ੍ਰਚਾਰ ਛੱਡ ਕੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਵੱਲ ਧਿਆਨ ਦਿੱਤਾ ਜਾਵੇ। ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਹਰ ਗੁਰਦੁਆਰਾ ਸਾਹਿਬ ਸਮੇਤ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
- Download Babushahi App
-
-