ਗੈਰ-ਕਾਨੂੰਨੀ ਮਾਈਨਿੰਗ ਦੀ ED ਜਾਂਚ ਲਈ ਗ੍ਰਹਿ ਮੰਤਰੀ ਨੂੰ ਲਾਲਪੁਰਾ ਨੇ ਲਿਖੀ ਚਿੱਠੀ
ਮਨਪ੍ਰੀਤ ਸਿੰਘ
ਰੂਪਨਗਰ 28 ਅਕਤੂਬਰ 2026- ਰੋਪੜ ਦੇ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਰੂਪਨਗਰ ਜ਼ਿਲ੍ਹੇ ਵਿੱਚ ਕਥਿਤ ਗੈਰਕਾਨੂੰਨੀ ਮਾਈਨਿੰਗ, ਪ੍ਰਸ਼ਾਸਨਿਕ ਲਾਪਰਵਾਹੀ ਅਤੇ ਮਾਈਨਿੰਗ ਨਾਲ ਜੁੜੇ ਕਾਰੋਬਾਰਾਂ ਵਿੱਚ ਕਥਿਤ ਵਸੂਲੀ ਦੇ ਮਾਮਲੇ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਤੰਤਰ ਦੀ ਨਿਗਰਾਨੀ ਹੇਠ ਅਜਿਹੀਆਂ ਗਤੀਵਿਧੀਆਂ ਜਾਰੀ ਹਨ ਤਾਂ ਇਹ ਸਿਰਫ਼ ਕਾਨੂੰਨ ਵਿਵਸਥਾ ਦਾ ਨਹੀਂ, ਸਗੋਂ ਸਰਕਾਰੀ ਜਵਾਬਦੇਹੀ ਦਾ ਵੀ ਗੰਭੀਰ ਮਾਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਲਾਲਪੁਰਾ ਨੇ ਵਾਇਰਲ ਵੀਡੀਓ ਕਲਿੱਪਾਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਵੀਡੀਓਜ਼ ਵਿੱਚ ਇੱਕ MLA ਨਾਲ ਸਬੰਧਤ ਮਾਮਲਿਆਂ ਬਾਰੇ ਗੰਭੀਰ ਦੋਸ਼ ਲਗਾਏ ਗਏ ਹਨ। ਉਨ੍ਹਾਂ ਦੇ ਅਨੁਸਾਰ, ਇੱਕ ਵੀਡੀਓ ਵਿੱਚ ਇੱਕ ਵਿਅਕਤੀ ਆਪਣੇ ਘਰ ਪੁਲਿਸ ਦੇ ਪਹੁੰਚਣ ਅਤੇ ਕਥਿਤ ਤੌਰ ’ਤੇ ਦਬਾਅ ਬਣਾਏ ਜਾਣ ਦੀ ਗੱਲ ਕਰਦਾ ਹੈ। ਲਾਲਪੁਰਾ ਨੇ ਕਿਹਾ ਕਿ ਵੀਡੀਓ ਵਿੱਚ ਵਿਅਕਤੀ ਵੱਲੋਂ ਨਾਜਾਇਜ਼ ਪਰਚਿਆਂ ਦੇ ਦਬਾਅ ਅਤੇ ਚੋਣਾਂ ਲਈ ਐਡਵਾਂਸ ਪੈਸਿਆਂ ਦੀ ਮੰਗ ਕੀਤੇ ਜਾਣ ਸਬੰਧੀ ਵੀ ਦਾਅਵੇ ਕੀਤੇ ਗਏ ਹਨ। ਉਨ੍ਹਾਂ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।
ਲਾਲਪੁਰਾ ਨੇ ਦੋਸ਼ ਲਗਾਉਂਦਿਆਂ ਕਿਹਾ, “MLA ਨੇ ਮਾਈਨਿੰਗ ਵਿੱਚ ਕਥਿਤ ਲੁੱਟ ਮਚਾਈ ਹੋਈ ਹੈ।” ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸੱਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਜ਼ਰੂਰੀ ਹੈ। ਇਨ੍ਹਾਂ ਦੋਸ਼ਾਂ ਬਾਰੇ ਸਬੰਧਤ ਧਿਰਾਂ ਦਾ ਪੱਖ ਅਤੇ ਸੁਤੰਤਰ ਪੁਸ਼ਟੀ ਹੋਣਾ ਵੀ ਲਾਜ਼ਮੀ ਹੈ। ਮਾਈਨਿੰਗ ਦੇ ਮਾਮਲੇ ਨੂੰ ਹੋਰ ਵਿਸਥਾਰ ਨਾਲ ਉਠਾਉਂਦਿਆਂ ਲਾਲਪੁਰਾ ਨੇ ਦਾਅਵਾ ਕੀਤਾ ਕਿ ਇਲਾਕੇ ਨੂੰ ਸੈਦਪੁਰ, ਅਗੰਮਪੁਰ, ਐਲਗਰਾਂ ਅਤੇ ਪਲਾਟਾ ਜ਼ੋਨਾਂ ਵਿੱਚ ਵੰਡ ਕੇ ਦੇਖਿਆ ਜਾਵੇ ਤਾਂ ਇਨ੍ਹਾਂ ਖੇਤਰਾਂ ਵਿੱਚ ਕਥਿਤ ਤੌਰ ’ਤੇ ਬੇਖੌਫ਼ ਗੈਰਕਾਨੂੰਨੀ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਗੈਰਕਾਨੂੰਨੀ ਮਾਈਨਿੰਗ ਵਿੱਚ ਕਥਿਤ ਤੌਰ ’ਤੇ ਸ਼ਾਮਲ ਕਰਸ਼ਰ ਮਾਲਕਾਂ ਦੇ ਨਾਮ ਜਨਤਕ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਇਸ ਗਤੀਵਿਧੀ ਨਾਲ ਜੁੜੇ ਵਿਅਕਤੀਆਂ ਦੇ ਨਾਮ ਅਤੇ ਸੰਪਰਕ ਵੇਰਵੇ ਮੌਜੂਦ ਹਨ।
ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2025 ਵਿੱਚ ਗੈਰਕਾਨੂੰਨੀ ਮਾਈਨਿੰਗ ਸਬੰਧੀ ਡਿਪਟੀ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਪਰ ਉਨ੍ਹਾਂ ਦੇ ਅਨੁਸਾਰ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਨੂੰ ਵੀ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਜ਼ਿਲ੍ਹੇ ਵਿੱਚ ਗੈਰਕਾਨੂੰਨੀ ਮਾਈਨਿੰਗ ਹੋਣ ਬਾਰੇ ਲਿਖਿਆ। ਉਨ੍ਹਾਂ ਦਾਅਵਾ ਕੀਤਾ ਕਿ ਉੱਥੋਂ ਵੀ ਕੋਈ ਠੋਸ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ, ਕੇਂਦਰੀ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਾਮਲੇ ਦੀ ਜਾਣਕਾਰੀ ਭੇਜੀ।
ਉਨ੍ਹਾਂ ਦੱਸਿਆ ਕਿ ਤਿੰਨ ਮਾਰਚ ਨੂੰ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਪੰਜਾਬ ਸਰਕਾਰ ਨੂੰ ਜਾਂਚ ਲਈ ਪੱਤਰ ਭੇਜੇ ਜਾਣ ਦੀ ਜਾਣਕਾਰੀ ਉਨ੍ਹਾਂ ਨੂੰ ਮਿਲੀ ਸੀ। ਉਨ੍ਹਾਂ ਦੇ ਅਨੁਸਾਰ, ਜਾਂਚ ਲਈ ਸਥਾਨਕ ਅਧਿਕਾਰੀ ਦੀ ਡਿਊਟੀ ਲਗਾਏ ਜਾਣ ਦਾ ਸੁਨੇਹਾ ਵੀ ਪ੍ਰਾਪਤ ਹੋਇਆ, ਪਰ ਇਸ ਦੇ ਬਾਵਜੂਦ ਲਗਭਗ ਡੇਢ ਸਾਲ ਤੋਂ ਗੈਰਕਾਨੂੰਨੀ ਮਾਈਨਿੰਗ ਦੀ ਸਮੱਸਿਆ ਜਾਰੀ ਰਹਿਣ ’ਤੇ ਉਨ੍ਹਾਂ ਨੇ ਨਿਰਾਸ਼ਾ ਜ਼ਾਹਰ ਕੀਤੀ।
ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਨਾਲ ਜੁੜੇ ਵਿੱਤੀ ਲੈਣ-ਦੇਣ, ਕਥਿਤ ਵਸੂਲੀ ਅਤੇ ਪ੍ਰਸ਼ਾਸਨਿਕ ਭੂਮਿਕਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਰੂਪਨਗਰ ਸਰਕਲ ਦੇ ਪ੍ਰਧਾਨ ਜਗਦੀਸ਼ ਚੰਦਰ ਕਾਜਲਾ, ਜ਼ਿਲ੍ਹਾ ਜਨਰਲ ਸਕੱਤਰ ਰਮਨ ਜਿੰਦਲ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਓਂਕਾਰ ਅਬਿਆਣਾ , ਸੁਰਿੰਦਰਪਾਲ ਸੇਠੀ ਪੀਏ, ਗੁਰਕੀਰਤ ਸਿੰਘ ਪੀਏ ਆਦਿ ਮੌਜੂਦ ਸਨ।
- Download Babushahi App
-
-