ਸ੍ਰੀ ਗੁਰੂ ਨਾਨਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਦਰਸ਼ਨੀ 14 ਤੋਂ 26 ਨਵੰਬਰ ਤੱਕ: ਕਾਲਕਾ ਤੇ ਕਾਹਲੋਂ
ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਮੂਲੀਅਤ ਦੀ ਅਪੀਲ
ਮਨਮੋਹਨ ਸਿੰਘ
ਨਵੀਂ ਦਿੱਲੀ 12 ਨਵੰਬਰ,2026 () ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ। ਉਨਾਂ ਦਸਿਆ ਕਿ ਇਹ ਪ੍ਰਦਰਸ਼ਨੀ 14 ਨਵੰਬਰ ਤੋਂ 26 ਨਵੰਬਰ, 2026 ਤੱਕ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਦੇ ਕੰਢੇ ਰੋਜ਼ਾਨਾ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਲਗਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਸਿੱਖ ਧਰਮ ਦੇ ਅਮੀਰ ਸਾਹਿਤਕ, ਇਤਿਹਾਸਕ ਅਤੇ ਅਧਿਆਤਮਕ ਵਿਰਸੇ ਨਾਲ ਜੋੜਨ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਦਾ ਪ੍ਰਮੁੱਖ ਮੰਤਵ ਸੰਗਤਾਂ ਵਿੱਚ ਗੁਰਮਤਿ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਅਮੀਰ ਸਿੱਖ ਇਤਿਹਾਸ ਅਤੇ ਵਿਰਾਸਤ ਬਾਰੇ ਗਿਆਨ ਦਾ ਪ੍ਰਸਾਰ ਕਰਨਾ ਵੀ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਦਿੱਲੀ ਅਤੇ ਪੰਜਾਬ ਦੀਆਂ ਪ੍ਰਮੁੱਖ ਅਤੇ ਵਿਸ਼ੇਸ਼ ਨਾਮਵਰ ਸੰਸਥਾਵਾਂ ਵੱਲੋਂ ਪੁਸਤਕਾਂ ਅਤੇ ਹੋਰ ਪ੍ਰਕਾਸ਼ਨਾਵਾਂ ਦੇ ਵਿਸ਼ੇਸ਼ ਸਟਾਲ ਲਗਾਏ ਜਾਣਗੇ। ਉਨਾਂ ਅੱਗੇ ਦੱਸਿਆ ਕਿ ਇਨ੍ਹਾਂ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਭਾਸ਼ਾ ਵਿਭਾਗ, ਨੈਸ਼ਨਲ ਬੁੱਕ ਟਰੱਸਟ ਆਫ਼ ਇੰਡੀਆ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਮਿਸ਼ਨਰੀ ਸੰਸਥਾਵਾਂ ਸ਼ਾਮਲ ਹੋਣਗੀਆਂ, ਜੋ ਆਪਣੇ ਕੀਮਤੀ ਸਾਹਿਤ ਅਤੇ ਪ੍ਰਕਾਸ਼ਨਾਵਾਂ ਰਾਹੀਂ ਸੰਗਤਾਂ ਨਾਲ ਜੁੜਨਗੀਆਂ।
ਲੈਂਦੇ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਰਾਹੀਂ ਸੰਗਤਾਂ ਅਤੇ ਪੁਸਤਕ ਪ੍ਰੇਮੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਸਮੇਤ ਸਮੂਹ ਗੁਰੂ ਸਾਹਿਬਾਨ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ, ਭਗਤ ਸਾਹਿਬਾਨ ਦੀਆਂ ਜੀਵਨੀਆਂ, ਸਿੱਖ ਧਰਮ ਦੇ ਗੂੜ੍ਹੇ ਫਲਸਫ਼ੇ, ਗੁਰਮਤਿ ਵਿਚਾਰਧਾਰਾ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪ੍ਰਮਾਣਿਕ ਤੇ ਗਿਆਨਵਰਧਕ ਪੁਸਤਕਾਂ ਦੇਖਣ ਅਤੇ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਮਿਲੇਗਾ।
ਇਸ ਤੋਂ ਇਲਾਵਾ ਪੰਜਾਬ ਐਂਡ ਸਿੰਧ ਬੈਂਕ ਅਤੇ ਪੰਜਾਬ ਆਰਟਿਸਟ (ਚਿੱਤਰਕਾਰ ਐਸੋਸੀਏਸ਼ਨ) ਦੇ ਸਹਿਯੋਗ ਨਾਲ ਸਿੱਖ ਇਤਿਹਾਸ ਦੀਆਂ ਅਹਿਮ ਘਟਨਾਵਾਂ ਅਤੇ ਮਹਾਨ ਇਤਿਹਾਸਕ ਪ੍ਰਸੰਗਾਂ ਨੂੰ ਚਿੱਤਰਕਲਾ ਰਾਹੀਂ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਸ ਰਾਹੀਂ ਦਰਸ਼ਕਾਂ ਨੂੰ ਸਿੱਖ ਇਤਿਹਾਸ ਦੇ ਗੌਰਵਮਈ ਪੰਨਿਆਂ, ਮਹਾਨ ਸ਼ਹਾਦਤਾਂ ਅਤੇ ਸਿੱਖ ਵਿਰਾਸਤ ਦੀਆਂ ਅਨਮੋਲ ਯਾਦਾਂ ਨਾਲ ਰੂ-ਬ-ਰੂ ਹੋਣ ਦਾ ਮੌਕਾ ਮਿਲੇਗਾ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਪ੍ਰਦਰਸ਼ਨੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਗੁਰਮਤਿ ਸਾਹਿਤ, ਸਿੱਖ ਇਤਿਹਾਸ ਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦੇ ਇਸ ਸੁਚੱਜੇ ਉਪਰਾਲੇ ਦਾ ਲਾਭ ਉਠਾਉਣ।
- Download Babushahi App
-
-