ਗਾਈਡੈਂਸ ਕੌਂਸਲਰ ਟ੍ਰੇਨਿੰਗ ਦੇ ਦੂਜੇ ਦਿਨ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਕੀਤਾ ਵਿਸ਼ੇਸ਼ ਦੌਰਾ
ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਅਤੇ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਸਥਾਪਿਤ ਕਰਨ ਲਈ ਕੀਤਾ ਪ੍ਰੇਰਿਤ
ਰੋਹਿਤ ਗੁਪਤਾ
ਗੁਰਦਾਸਪੁਰ, 12 ਨਵੰਬਰ
ਡਾਇਟ ਗੁਰਦਾਸਪੁਰ ਵਿਖੇ ਚੱਲ ਰਹੇ ਗਾਈਡੈਂਸ ਕੌਂਸਲਰ ਅਧਿਆਪਕਾਂ ਦੇ ਟ੍ਰੇਨਿੰਗ ਪ੍ਰੋਗਰਾਮ ਦੇ ਦੂਜੇ ਦਿਨ ਮਾਨਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਸਕੱਤਰ ਸਮਰਪਣ ਸੋਸਾਇਟੀ ਪਰਮਿੰਦਰ ਸਿੰਘ ਸੈਣੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਟ੍ਰੇਨਿੰਗ ਪ੍ਰੋਗਰਾਮ ਦੀ ਸਮੁੱਚੀ ਕਾਰਗੁਜ਼ਾਰੀ ਦਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਅਤੇ ਜ਼ਿਲ੍ਹਾ ਕੌਂਸਲਰ ਸ੍ਰੀਮਤੀ ਮਿਤਾਲੀ ਸ਼ਰਮਾ ਵੱਲੋਂ ਸਮੇਂ-ਸਮੇਂ 'ਤੇ ਨਿਰੀਖਣ ਵੀ ਕੀਤਾ ਗਿਆ।
ਟ੍ਰੇਨਿੰਗ ਦੌਰਾਨ ਰਿਸੋਰਸ ਪਰਸਨ ਮੋਹਿਤ ਨਾਰੰਗ ਅਤੇ ਡਾ. ਲੋਕਮਨ ਸਿੰਘ ਵੱਲੋਂ ਗਾਈਡੈਂਸ ਅਤੇ ਕੈਰੀਅਰ ਕੌਂਸਲਿੰਗ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਆਪਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਲੋੜੀਂਦੀ ਕੈਰੀਅਰ ਗਾਈਡੈਂਸ ਮੁਹੱਈਆ ਕਰਵਾਉਣ ਅਤੇ ਭਵਿੱਖ ਦੇ ਬਿਹਤਰ ਮੌਕਿਆਂ ਬਾਰੇ ਸਹੀ ਮਾਰਗਦਰਸ਼ਨ ਦੇਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ।
ਇਸ ਮੌਕੇ ਮਾਨਯੋਗ ਜੱਜ ਸ੍ਰੀ ਹਰਪ੍ਰੀਤ ਸਿੰਘ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਫ਼ਰਜ਼ਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦੇਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਆਪਣੇ-ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਾਨੂੰਨੀ ਸਿੱਖਿਆ ਦੇਣ, ਕਾਨੂੰਨੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਅਤੇ ਲੀਗਲ ਲਿਟਰੇਸੀ ਕਲੱਬ ਸਥਾਪਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਵਿਦਿਆਰਥੀ ਆਪਣੇ ਅਧਿਕਾਰਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵਧੇਰੇ ਜਾਗਰੂਕ ਹੋ ਸਕਦੇ ਹਨ।
ਇਸ ਮੌਕੇ ਡਾਇਟ ਦੇ ਇੰਚਾਰਜ ਨਰੇਸ਼ ਕੁਮਾਰ ਸ਼ਰਮਾ ਵੱਲੋਂ ਮਾਨਯੋਗ ਜੱਜ ਸਾਹਿਬ ਦਾ ਬੁੱਕੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਟ੍ਰੇਨਿੰਗ ਪ੍ਰੋਗਰਾਮ ਦੌਰਾਨ ਲਗਾਤਾਰ ਤਿੰਨ ਦਿਨਾਂ ਤੱਕ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੇ ਰਿਸੋਰਸ ਪਰਸਨਾਂ ਅਤੇ ਜ਼ਿਲ੍ਹਾ ਰਿਸੋਰਸ ਪਰਸਨ ਸ੍ਰੀਮਤੀ ਮਿਤਾਲੀ ਸ਼ਰਮਾ ਨੂੰ ਸਮਰਪਣ ਸੋਸਾਇਟੀ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
- Download Babushahi App
-
-