Big Breaking:Lambi ਤੋਂ ਟਿਕਟ ਕੱਟੇ ਜਾਣ ਤੋਂ ਬਾਅਦ ਖੁੱਡੀਆਂ ਦਾ ਪਹਿਲਾ ਵੱਡਾ ਬਿਆਨ, ਪੜ੍ਹੋ ਕੀ ਕਿਹਾ? (ਵੇਖੋ ਵੀਡੀਓ)
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 12 ਨਵੰਬਰ, 2026:
ਪੰਜਾਬ ਦੇ ਮੌਜੂਦਾ ਖੇਤੀਬਾੜੀ ਮੰਤਰੀ ਅਤੇ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਤੋਂ ਆਪਣੀ ਟਿਕਟ ਕੱਟੇ ਜਾਣ ਬਾਰੇ ਕਿਹਾ ਹੈ ਕਿ ਉਨ੍ਹਾਂ ਨੇ ਮੰਤਰੀ ਅਤੇ ਵਿਧਾਇਕ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਪਣਾ ਪੂਰਾ ਸਮਾਂ ਲੋਕਾਂ ਦੇ ਲੇਖੇ ਲਾਇਆ ਹੈ। ਪਰ ਟਿਕਟ ਦੇਣਾ ਜਾਂ ਨਾ ਦੇਣਾ ਪਾਰਟੀ ਦੀ ਮਰਜ਼ੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ ਕਿ ਲੰਬੀ ਤੋਂ ਉਨ੍ਹਾਂ ਨੂੰ ਟਿਕਟ ਨਹੀਂ ਮਿਲੇਗੀ।
ਆਮ ਆਦਮੀ ਪਾਰਟੀ ਵੱਲੋਂ ਅੱਜ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਹੋਣ ਤੋਂ ਬਾਅਦ ਫ਼ੋਨ 'ਤੇ ਸੰਪਰਕ ਕਰਨ 'ਤੇ ਸਰਦਾਰ ਖੁੱਡੀਆਂ ਨੇ 'ਬਾਬੂਸ਼ਾਹੀ ਨੈੱਟਵਰਕ' ਦੇ ਐਡੀਟਰ ਬਲਜੀਤ ਬੱਲੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਹਾਈਕਮਾਂਡ ਹੀ ਜਾਣਦੀ ਹੈ ਕਿ ਉਨ੍ਹਾਂ ਨੇ ਟਿਕਟ ਨਾ ਦੇਣ ਦਾ ਫ਼ੈਸਲਾ ਕਿਉਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ—ਪਹਿਲਾਂ ਵਿਧਾਇਕ ਬਣਾਇਆ, ਫਿਰ ਮੰਤਰੀ ਬਣਾਇਆ ਅਤੇ ਲੋਕਾਂ ਵੱਲੋਂ ਵੀ ਉਨ੍ਹਾਂ ਨੂੰ ਪੂਰਾ ਮਾਣ-ਤਾਣ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਵੱਲੋਂ ਕੋਈ ਕਸਰ ਨਹੀਂ ਛੱਡੀ ਅਤੇ ਹਰ ਵੇਲੇ ਸਰਕਾਰ ਤੇ ਪਾਰਟੀ ਦੀ ਬਿਹਤਰੀ ਲਈ ਹੀ ਕੰਮ ਕੀਤਾ ਹੈ; ਜਿੱਥੇ ਵੀ ਡਿਊਟੀ ਲੱਗੀ, ਉਨ੍ਹਾਂ ਨੇ ਪੂਰੀ ਕੀਤੀ। ਉਨ੍ਹਾਂ ਨੇ ਤਾਜ਼ਾ ਮਿਸਾਲ ਦਿੰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਜੋ ਉਨ੍ਹਾਂ ਦੀ ਡਿਊਟੀ ਲੱਗੀ ਸੀ, ਉਸ ਨੂੰ ਉਨ੍ਹਾਂ ਨੇ ਪੂਰੀ ਜ਼ਿੰਮੇਵਾਰੀ ਨਾਲ ਨਿਭਾਇਆ ਅਤੇ ਸਰਕਾਰ, ਐਕਸ਼ਨ ਕਮੇਟੀ ਅਤੇ ਝੋਟੇ ਦੇ ਪਰਿਵਾਰ ਵਿਚਕਾਰ ਬਣੇ ਡੈੱਡਲਾਕ ਨੂੰ ਖ਼ਤਮ ਕਰਵਾ ਕੇ ਨਿਬੇੜਾ ਕਰਵਾਉਣ ਵਿੱਚ ਆਪਣੀ ਅਹਿਮ ਭੂਮਿਕਾ ਅਦਾ ਕੀਤੀ।
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਪਹਿਲਾਂ ਇਸ ਗੱਲ ਦਾ ਅੰਦਾਜ਼ਾ ਜਾਂ ਜਾਣਕਾਰੀ ਸੀ ਕਿ ਲੰਬੀ ਤੋਂ ਉਨ੍ਹਾਂ ਨੂੰ ਟਿਕਟ ਨਹੀਂ ਮਿਲੇਗੀ, ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ।
ਜਦੋਂ ਇਹ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕਿਸੇ ਹੋਰ ਹਲਕੇ ਤੋਂ ਟਿਕਟ ਦਿੱਤੀ ਜਾ ਸਕਦੀ ਹੈ, ਤਾਂ ਉਨ੍ਹਾਂ ਇਸ ਗੱਲੋਂ ਵੀ ਅਣਜਾਣਤਾ ਜ਼ਾਹਰ ਕੀਤੀ। ਮੌੜ ਹਲਕੇ ਤੋਂ ਉਨ੍ਹਾਂ ਨੂੰ ਟਿਕਟ ਦਿੱਤੇ ਜਾਣ ਦੀ ਚਰਚਾ ਬਾਰੇ ਪੁੱਛੇ ਜਾਣ 'ਤੇ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਨੇ ਵੀ ਇਹ ਚਰਚਾ ਸੁਣੀ ਹੈ, ਪਰ ਪਾਰਟੀ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਟਿਕਟ ਦਿੱਤੇ ਜਾਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਹਨ, ਉਨ੍ਹਾਂ ਦੀ ਚੋਣ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦੇ ਰਹੇ ਹਨ ਅਤੇ ਉਨ੍ਹਾਂ ਦਾ ਰਣਧੀਰ ਸਿੰਘ ਨਾਲ ਕੋਈ ਵਿਰੋਧ ਨਹੀਂ ਹੈ।
ਚੇਤੇ ਰਹੇ ਕਿ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ ਅਤੇ ਅੱਜ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਲੰਬੀ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਥਾਂ ਰਣਧੀਰ ਸਿੰਘ ਖੁੱਡੀਆਂ ਨੂੰ ਟਿਕਟ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਅੰਦਰ, ਸਿਆਸੀ ਹਲਕਿਆਂ ਅਤੇ ਆਮ ਲੋਕਾਂ ਵਿੱਚ ਇਸ ਗੱਲ 'ਤੇ ਕਾਫ਼ੀ ਹੈਰਾਨੀ ਅਤੇ ਚਰਚਾ ਹੋ ਰਹੀ ਹੈ ਕਿ ਬਾਦਲ ਪਰਿਵਾਰ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਲੰਬੀ ਤੋਂ ਕਿਉਂ ਬਾਹਰ (ਆਊਟ) ਕੀਤਾ ਗਿਆ ਹੈ।
ਇਹ ਵੀ ਯਾਦ ਰਹੇ ਕਿ ਪਿਛਲੇ ਸਮੇਂ ਦੌਰਾਨ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰੀਆਂ ਸਨ, ਜਦੋਂ ਖੁੱਡੀਆਂ ਦਾ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨਾਲ ਤਕਰਾਰ ਹੋ ਗਿਆ ਸੀ। ਖੁੱਡੀਆਂ ਨੂੰ ਟਿਕਟ ਨਾ ਦਿੱਤੇ ਜਾਣ ਦਾ ਅਸਲ ਕਾਰਨ ਕੀ ਹੈ, ਇਸ ਬਾਰੇ ਪੱਕੇ ਤੌਰ 'ਤੇ ਕੁਝ ਨਹੀਂ ਕਿਹਾ ਜਾ ਸਕਦਾ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿੱਚ ਕਿਹਾ ਹੈ ਕਿ ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ ਦੇ ਆਧਾਰ 'ਤੇ ਹੀ ਟਿਕਟਾਂ ਵੰਡੀਆਂ ਗਈਆਂ ਹਨ ਅਤੇ ਜਿਨ੍ਹਾਂ ਉਮੀਦਵਾਰਾਂ ਦੇ ਜਿੱਤਣ ਦੀ ਉਮੀਦ ਹੈ, ਉਨ੍ਹਾਂ ਨੂੰ ਹੀ ਮੈਦਾਨ ਵਿੱਚ ਉਤਾਰਿਆ ਗਿਆ ਹੈ।
- Download Babushahi App
-
-