ਸਿਹਤ ਵਿਭਾਗ ਨੇ ਬਠਿੰਡਾ ਜਿਲ੍ਹੇ ਵਿੱਚ ਡੇਢ ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ
ਐਤਵਾਰ ਤੋਂ ਸ਼ੂਰੂ ਹੋਵੇਗੀ ਤਿੰਨ ਰੋਜਾ ਨੈਸ਼ਨਲ ਪਲਸ ਪੋਲੀਓ ਮੁਹਿੰਮ
ਅਸ਼ੋਕ ਵਰਮਾ
ਬਠਿੰਡਾ,18 ਨਵੰਬਰ 2026: ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਦੱਸਿਆ ਕਿ ਮਿਤੀ 22 ਤੋਂ 24 ਨਵੰਬਰ 2026 ਤੱਕ ਚਲਾਈ ਜਾ ਰਹੀ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 1,54,566 ਬੱਚਿਆ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਦੇ ਕਰਮੀ ਜਿਲ੍ਹੇ ਦੇ ਹਰ ਘਰ (2,84,845 ਘਰ) ਬੱਚਿਆ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਜਾਣਗੇ।
ਉਨ੍ਹਾਂ ਕਿਹਾ ਕਿ ਪੋਲੀਓ ਇੱਕ ਲਾਇਲਾਜ ਬਿਮਾਰੀ ਹੈ, ਪਰ ਇਸ ਤੋਂ ਬਚਾਅ ਲਈ ਪੋਲੀਓ ਰੋਕੂ ਬੂੰਦਾਂ ਬਹੁਤ ਪ੍ਰਭਾਵਸ਼ਾਲੀ ਹਨ । ਇਸ ਲਈ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਭਾਵੇਂ ਬੱਚੇ ਨੂੰ ਪਹਿਲਾਂ ਵੀ ਪੋਲੀਓ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹੋਣ, ਫਿਰ ਵੀ ਇਸ ਮੁਹਿੰਮ ਦੌਰਾਨ ਬੱਚੇ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਵਾਉਣ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਜਿਲ੍ਹੇ ਵਿੱਚ 732 ਪੋਲਿਓ ਬੂਥਾ, 29 ਮੋਬਾਇਲ ਟੀਮਾਂ ਅਤੇ 1274 ਟੀਮਾਂ ਵੱਲੋਂ ਘਰ-ਘਰ ਜਾ ਕੇ ਅਤੇ ਵੱਖ-ਵੱਖ ਜਨਤਕ ਥਾਵਾਂ 'ਤੇ ਬੱਚਿਆ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਟੀਮਾਂ ਦੀ ਸੁਪਰਵੀਜ਼ਨ ਲਈ 136 ਸੁਪਰਵਾਇਰਜਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਸਮੂਹ ਮਾਪਿਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਪੰਜ ਸਾਲ ਤੋਂ ਘੱਟ ਉਮਰ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।
- Download Babushahi App
-
-