ਜੱਸੀ ਬਾਗ਼ ਵਾਲੀ ਦੇ ਕਿਸਾਨ ਨੇ 50 ਏਕੜ ਰਕਬੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਖੱਟਿਆ ਜੱਸ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਦੇ ਖੇਤਾਂ ਦਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 18 ਨਵੰਬਰ 2026 :ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਖੇਤਾਂ ਵਿੱਚ ਹੀ ਸੰਭਾਲਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਬਠਿੰਡਾ ਦੇ ਅਗਾਂਹਵਧੂ ਕਿਸਾਨ ਸ. ਗੁਰਤੇਜ ਸਿੰਘ ਪੁੱਤਰ ਸ. ਬਲਵੰਤ ਸਿੰਘ, ਪਿੰਡ ਜੱਸੀ ਬਾਗ ਵਾਲੀ ਦੇ ਲਗਭਗ 50 ਏਕੜ ਰਕਬੇ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਪ੍ਰਦਰਸ਼ਨੀ ਲਗਾਈ ਗਈ। ਕਿਸਾਨ ਗੁਰਤੇਜ ਸਿੰਘ ਲੰਮੇ ਸਮੇਂ ਤੋਂ ਕੇ.ਵੀ.ਕੇ. ਬਠਿੰਡਾ ਨਾਲ ਜੁੜੇ ਹੋਏ ਹਨ ਅਤੇ ਕੇਂਦਰ ਦੇ ਖੇਤੀ ਮਾਹਿਰਾਂ ਦੀ ਸਲਾਹ ਅਤੇ ਪ੍ਰੇਰਨਾ ਸਦਕਾ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਪਣਾ ਰਹੇ ਹਨ। ਉਹ ਕੇ.ਵੀ.ਕੇ. ਬਠਿੰਡਾ ਤੋਂ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਕਿਰਾਏ ’ਤੇ ਲੈ ਕੇ ਖੇਤੀ ਕਰਦੇ ਹਨ ਅਤੇ ਪਰਾਲੀ ਦੀ ਸਾਂਭ-ਸੰਭਾਲ ਖੇਤਾਂ ਵਿੱਚ ਹੀ ਕਰਦੇ ਹਨ।
ਇਸ ਮੌਕੇ ਕਿਸਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਕਿਰਾਏ ’ਤੇ ਲੈ ਕੇ ਲਗਭਗ 28 ਏਕੜ ਰਕਬੇ ਵਿੱਚ ਮਲਚਰ ਚਲਾਉਣ ਤੋਂ ਬਾਅਦ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਹੈ। ਇਸੇ ਤਰ੍ਹਾਂ ਬਾਕੀ 22 ਏਕੜ ਰਕਬੇ ਵਿੱਚ ਤਵੀਆਂ ਨਾਲ ਵਹਾਈ ਕਰਨ ਤੋਂ ਬਾਅਦ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਲਚਿੰਗ ਵਿਧੀ ਰਾਹੀਂ ਹੈਪੀ ਸੀਡਰ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਘੱਟ ਆਉਂਦੀ ਹੈ ਅਤੇ ਖੇਤ ਵਿੱਚ ਪਾਣੀ ਦਾ ਪ੍ਰਬੰਧਨ ਵੀ ਸੁਚੱਜੇ ਢੰਗ ਨਾਲ ਕੀਤਾ ਜਾ ਸਕਦਾ ਹੈ। ਇਸ ਵਿਧੀ ਨਾਲ ਪਰਾਲੀ ਖੇਤ ਵਿੱਚ ਹੀ ਗਲ-ਸੜ ਕੇ ਮਿੱਟੀ ਵਿੱਚ ਮਿਲ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਫ਼ਸਲ ਦਾ ਚੰਗਾ ਝਾੜ ਪ੍ਰਾਪਤ ਹੁੰਦਾ ਹੈ ਅਤੇ ਖਾਦਾਂ ਦੀ ਵਰਤੋਂ ਵੀ ਘੱਟ ਕਰਨੀ ਪੈਂਦੀ ਹੈ, ਜਿਸ ਨਾਲ ਖੇਤੀ ਲਾਗਤ ਵਿੱਚ ਕਮੀ ਆਉਂਦੀ ਹੈ।
ਇਸ ਮੌਕੇ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਬਠਿੰਡਾ ਅਤੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪੀ.ਐਫ.ਈ.), ਵੱਲੋਂ ਕਿਸਾਨ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਅਤੇ ਇਨ੍ਹਾਂ ਦੇ ਵਿਗਿਆਨਕ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਣਾ ਵਾਤਾਵਰਨ ਦੀ ਸੁਰੱਖਿਆ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਟਿਕਾਊ ਖੇਤੀਬਾੜੀ ਲਈ ਬਹੁਤ ਜ਼ਰੂਰੀ ਹੈ।
ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨਾਂ ਨੂੰ ਲੋੜ ਅਨੁਸਾਰ ਮਸ਼ੀਨਰੀ ਕਿਰਾਏ ’ਤੇ ਵੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਗੁਰਤੇਜ ਸਿੰਘ ਵਰਗੇ ਅਗਾਂਹਵਧੂ ਕਿਸਾਨਾਂ ਵੱਲੋਂ ਇਨ੍ਹਾਂ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਅਪਣਾਉਣਾ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਹੈ।
- Download Babushahi App
-
-