ਲੁਧਿਆਣਾ ਵਿੱਚ ‘ਇਨਸਾਫ਼ ਮਾਰਚ’ ਦੌਰਾਨ ਹਜ਼ਾਰਾਂ ਲੋਕਾਂ ਦਾ ਹੜ੍ਹ; ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ
ਪ੍ਰਮੋਦ ਭਾਰਤੀ
ਲੁਧਿਆਣਾ, 21 ਨਵੰਬਰ,2026
ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਗੈਂਗਸਟਰਵਾਦ, ਫਿਰੌਤੀਆਂ, ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਆਰਥਿਕ ਸੰਕਟ ਦੇ ਮੁੱਦਿਆਂ ਨੂੰ ਲੈ ਕੇ ਅੱਜ ਲੁਧਿਆਣਾ ਦੀਆਂ ਸੜਕਾਂ ’ਤੇ ਕਾਂਗਰਸ ਵੱਲੋਂ ਵਿਸ਼ਾਲ ‘ਇਨਸਾਫ਼ ਮਾਰਚ’ ਕੱਢਿਆ ਗਿਆ। ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੌੜਾ ਬਾਜ਼ਾਰ ਤੋਂ ਸ਼ੁਰੂ ਹੋਏ ਇਸ ਮਾਰਚ ਵਿੱਚ ਹਜ਼ਾਰਾਂ ਲੋਕਾਂ, ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਵਿਸ਼ਾਲ ਇਕੱਠ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕਰਦਿਆਂ ਇਨਸਾਫ਼ ਅਤੇ ਜਵਾਬਦੇਹੀ ਦੀ ਜ਼ੋਰਦਾਰ ਮੰਗ ਉਠਾਈ।
ਮਾਰਚ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ‘ਇਨਸਾਫ਼ ਮਾਰਚ’ ਮਹਿਜ਼ ਸਿਆਸੀ ਪ੍ਰਦਰਸ਼ਨ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਦਰਦ, ਗੁੱਸੇ ਅਤੇ ਹੱਕਾਂ ਲਈ ਉੱਠੀ ਸਮੂਹਿਕ ਆਵਾਜ਼ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅੱਜ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਤੋਂ ਆਪਣੇ ਸਵਾਲਾਂ ਦੇ ਜਵਾਬ ਮੰਗ ਰਹੇ ਹਨ।
ਲੁਧਿਆਣਾ ਵਿੱਚ ਕਤਲ ਦੇ 170 ਮਾਮਲੇ ਦਰਜ ਹੋਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਇਸ ਸਥਿਤੀ ਨੂੰ ਬੇਹੱਦ ਚਿੰਤਾਜਨਕ ਕਰਾਰ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਸੂਬੇ ਵਿੱਚ ਬਣੇ ਇਸ ਭਿਆਨਕ ਮਾਹੌਲ ਦੀ ਆਖ਼ਰ ਜ਼ਿੰਮੇਵਾਰੀ ਕੌਣ ਲਵੇਗਾ? ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।
ਪੰਜਾਬ ਦੇ ਪੁਰਾਣੇ ਦੌਰ ਨੂੰ ਯਾਦ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇੱਕ ਸਮਾਂ ਅਜਿਹਾ ਵੀ ਸੀ ਜਦੋਂ ਡਰ ਅਤੇ ਦਹਿਸ਼ਤ ਕਾਰਨ ਵਪਾਰੀ ਤੇ ਉਦਯੋਗਪਤੀ ਆਪਣੇ ਕਾਰੋਬਾਰ ਬੰਦ ਕਰਕੇ ਦੂਜੇ ਸੂਬਿਆਂ ਵੱਲ ਜਾਣ ਲਈ ਮਜਬੂਰ ਹੋ ਗਏ ਸਨ। ਕਾਂਗਰਸ ਸਰਕਾਰਾਂ ਨੇ ਸਖ਼ਤ ਯਤਨਾਂ ਨਾਲ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਕੀਤੀ, ਬਾਜ਼ਾਰਾਂ ਵਿੱਚ ਮੁੜ ਰੌਣਕਾਂ ਪਰਤਾਈਆਂ ਅਤੇ ਉਦਯੋਗਾਂ ਦਾ ਵਿਸ਼ਵਾਸ ਬਹਾਲ ਕੀਤਾ। ਪਰ ਅੱਜ ਫਿਰ ਗੈਂਗਸਟਰਾਂ ਵੱਲੋਂ ਜੇਲ੍ਹਾਂ ਅੰਦਰ ਬੈਠ ਕੇ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਜਾਲ ਘਰ-ਘਰ ਤੱਕ ਪਹੁੰਚਣਾ, ਵਪਾਰੀਆਂ ਨੂੰ ਧਮਕੀਆਂ ਮਿਲਣਾ, ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੀ ਅਦਾਇਗੀ ਨਾ ਹੋਣਾ, ਕਿਸਾਨਾਂ ਦਾ ਸੜਕਾਂ ’ਤੇ ਬੈਠਣ ਲਈ ਮਜਬੂਰ ਹੋਣਾ ਅਤੇ ਉਦਯੋਗਾਂ ਦਾ ਸੰਕਟ ਵਿੱਚ ਘਿਰਨਾ ਭਗਵੰਤ ਮਾਨ ਸਰਕਾਰ ਦੇ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ ਟੈਕਸਟਾਈਲ, ਡਾਇੰਗ ਅਤੇ ਸਾਈਕਲ ਸਨਅਤਾਂ ਵੀ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬ ਨੂੰ ਇਸ਼ਤਿਹਾਰਾਂ, ਖੋਖਲੇ ਵਾਅਦਿਆਂ ਅਤੇ ਨਾਅਰਿਆਂ ਦੀ ਨਹੀਂ, ਸਗੋਂ ਅਮਨ-ਸ਼ਾਂਤੀ, ਸੁਰੱਖਿਆ, ਰੁਜ਼ਗਾਰ ਦੇ ਮੌਕਿਆਂ ਅਤੇ ਉਦਯੋਗਿਕ ਵਿਕਾਸ ਦੀ ਲੋੜ ਹੈ।”
ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿੱਧਾ ਸਿਆਸੀ ਹਮਲਾ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰੀ ਦੇ ਸਰਟੀਫਿਕੇਟ ਦੇਣ ਨਾਲ ਕੋਈ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਨਹੀਂ ਬਚ ਸਕਦੀ। ਪੰਜਾਬ ਦੇ ਲੋਕ ਪੁੱਛ ਰਹੇ ਹਨ ਕਿ ਅਮਨ-ਸ਼ਾਂਤੀ ਕਿੱਥੇ ਹੈ? ਵਪਾਰੀਆਂ ਦੇ ਕਾਰੋਬਾਰਾਂ ਦੀ ਸੁਰੱਖਿਆ ਕੌਣ ਕਰੇਗਾ ਅਤੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਕਿੱਥੇ ਹੈ?
ਉਨ੍ਹਾਂ ਐਲਾਨ ਕੀਤਾ ਕਿ ਲੁਧਿਆਣਾ ਤੋਂ ਸ਼ੁਰੂ ਹੋਇਆ ‘ਇਨਸਾਫ਼ ਮਾਰਚ’ ਪੰਜਾਬ ਦੇ ਹਰ ਸ਼ਹਿਰ ਅਤੇ ਕਸਬੇ ਤੱਕ ਪਹੁੰਚਾਇਆ ਜਾਵੇਗਾ। ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਹਰ ਪੱਧਰ ’ਤੇ ਘੇਰਦੀ ਰਹੇਗੀ ਅਤੇ ਜਵਾਬਦੇਹ ਬਣਾਉਣ ਲਈ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੇ ਕਿਸੇ ਅਹੁਦੇ ਜਾਂ ਸੱਤਾ ਦੀ ਖ਼ਾਤਰ ਨਹੀਂ, ਸਗੋਂ ਦੇਸ਼ ਅਤੇ ਪੰਜਾਬ ਦੀ ਆਨ-ਸ਼ਾਨ ਅਤੇ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਅੱਜ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਇਕਜੁੱਟ ਹੋ ਕੇ ਪੰਜਾਬ ਦੇ ਹੱਕਾਂ ਅਤੇ ਭਵਿੱਖ ਦੀ ਰਾਖੀ ਲਈ ਸੰਘਰਸ਼ ਕਰੀਏ।
ਆਮ ਆਦਮੀ ਪਾਰਟੀ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਨੇ ‘ਇੱਕ ਮੌਕਾ ਕੇਜਰੀਵਾਲ ਨੂੰ, ਇੱਕ ਮੌਕਾ ਆਮ ਆਦਮੀ ਪਾਰਟੀ ਨੂੰ’ ਦੇ ਨਾਅਰੇ ’ਤੇ ਭਰੋਸਾ ਕਰਕੇ ਸੱਤਾ ਸੌਂਪੀ ਸੀ, ਪਰ ਬਦਲੇ ਵਿੱਚ ਪੰਜਾਬ ਨੂੰ ਨਿਰਾਸ਼ਾ ਅਤੇ ਵਿਸ਼ਵਾਸਘਾਤ ਹੀ ਮਿਲਿਆ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੇ ਲੋਕਾਂ ਤੋਂ ਇੱਕ ਮੌਕਾ ਮੰਗਿਆ ਸੀ, ਉਸ ਨੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਹੁਣ ਲੋਕ ਸਰਕਾਰ ਵੱਲੋਂ ਕੀਤੇ ਹਰ ਵਾਅਦੇ ਦਾ ਹਿਸਾਬ ਮੰਗ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਦੇ ਸਾਰੇ ਆਗੂ ਆਪੋ-ਆਪਣੇ ਪੱਧਰ ’ਤੇ ਪੈਦਲ ਮਾਰਚਾਂ, ਸਾਈਕਲ ਯਾਤਰਾਵਾਂ, ਵਪਾਰੀ ਸੰਮੇਲਨਾਂ ਅਤੇ ਜ਼ਿਲ੍ਹਾ ਪੱਧਰੀ ਮੀਟਿੰਗਾਂ ਰਾਹੀਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਇਨ੍ਹਾਂ ਸਾਂਝੇ ਯਤਨਾਂ ਦਾ ਮਕਸਦ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੋਕਾਂ ਅਤੇ ਸਰਕਾਰ ਦੇ ਸਾਹਮਣੇ ਲਿਆਉਣਾ ਅਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਵਾਉਣਾ ਹੈ।
ਇਸ ਮੌਕੇ ਰਾਜਾ ਵੜਿੰਗ ਨੇ ਹਾਲ ਹੀ ਵਿੱਚ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸੌਰਵ ਸਚਦੇਵਾ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕਾਂਗਰਸ ਪਰਿਵਾਰ ਦਾ ਹਿੱਸਾ ਬਣਨ ’ਤੇ ਵਧਾਈ ਦਿੱਤੀ।
ਇਸ ਇਨਸਾਫ਼ ਮਾਰਚ ਵਿੱਚ ਏ.ਆਈ.ਸੀ.ਸੀ. ਸਕੱਤਰ ਰਵਿੰਦਰ ਦਲਵੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸੰਜੇ ਤਲਵਾੜ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਸਿਮਰਜੀਤ ਸਿੰਘ ਬੈਂਸ, ਮਲਕੀਤ ਸਿੰਘ ਦਾਖਾ, ਕੇ.ਡੀ. ਵੈਦ, ਸੁਰਿੰਦਰ ਡਾਵਰ, ਰਾਕੇਸ਼ ਪਾਂਡੇ, ਬਲਵਿੰਦਰ ਸਿੰਘ ਬੈਂਸ, ਜੱਸੀ ਖੰਗੂੜਾ, ਕੇ.ਕੇ. ਬਾਵਾ ਅਤੇ ਪਵਨ ਦੀਵਾਨ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ।
ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸੂਬੇ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਇਨਸਾਫ਼ ਦੀ ਬਹਾਲੀ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲਿਆ।
- Download Babushahi App
-
-