ਧੋਬੀਆਣਾ ਬਸਤੀ ਦੀ ਸੀਵਰੇਜ ਸਮੱਸਿਆ ਦੇ ਹੱਲ ਲਈ ਨਵੀਂ ਸੀਵਰੇਜ ਪਾਈਪਲਾਈਨ ਵਿਛਾਉਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 24 ਨਵੰਬਰ 2026 :ਬਠਿੰਡਾ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਅਤੇ ਸਾਲਾਂ ਤੋਂ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਇਲਾਕਿਆਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਦੀ ਦਿਸ਼ਾ ਵਿੱਚ ਨਗਰ ਨਿਗਮ ਵੱਲੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਸ਼ਹਿਰ ਦੀ ਧੋਬੀਆਣਾ ਬਸਤੀ ਵਿੱਚ ਕਰੀਬ 45 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਸੀਵਰੇਜ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਅਹਿਮ ਵਿਕਾਸ ਕਾਰਜ ਦਾ ਸ਼ੁਭ ਆਰੰਭ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਯਤਨਾਂ ਸਦਕਾ ਕਰਵਾਇਆ।
ਇਸ ਦੌਰਾਨ ਵਾਰਡ ਨੰਬਰ 15 ਦੀ ਕੌਂਸਲਰ ਸ੍ਰੀਮਤੀ ਰਾਮਪਰੀ ਅਤੇ ਉਨ੍ਹਾਂ ਦੇ ਪਤੀ ਸ੍ਰੀ ਅਸੇਸਰ ਪਾਸਵਾਨ, ਵਾਰਡ ਨੰਬਰ 13 ਦੀ ਕੌਂਸਲਰ ਸ੍ਰੀਮਤੀ ਮੀਨਾ ਗੁਪਤਾ ਅਤੇ ਉਨ੍ਹਾਂ ਦੇ ਪਤੀ ਸ੍ਰੀ ਆਨੰਦ ਗੁਪਤਾ, ਵਾਰਡ ਨੰਬਰ 12 ਦੇ ਕੌਂਸਲਰ ਸ੍ਰੀ ਗੁਰਸੇਵਕ ਸਿੰਘ ਗੋਗਾ, ਵਾਰਡ ਨੰਬਰ 18 ਦੇ ਇੰਚਾਰਜ ਸ੍ਰੀ ਬਲਜੀਤ ਸਿੰਘ ਭੁੱਲਰ, ਬਲਾਕ ਪ੍ਰਧਾਨ ਸ੍ਰੀ ਗੋਬਿੰਦਰ ਸਿੰਘ, ਸ੍ਰੀਮਤੀ ਦੀਪਾਲੀ ਸਿੰਗਲਾ, ਸ੍ਰੀਮਤੀ ਮਲਕੀਤ ਕੌਰ, ਸ੍ਰੀਮਤੀ ਲਖਵਿੰਦਰ ਕੌਰ, ਸ੍ਰੀ ਮਨਿੰਦਰ ਸਿੰਘ ਮਾਹੀਓ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਧੋਬੀਆਣਾ ਬਸਤੀ ਦੇ ਵਸਨੀਕਾਂ ਦੀ ਸੀਵਰੇਜ ਸਬੰਧੀ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਸੀ। ਇਲਾਕੇ ਦੇ ਲੋਕਾਂ ਨੂੰ ਇਸ ਸਮੱਸਿਆ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪਲਾਈਨ ਵਿਛਾਏ ਜਾਣ ਨਾਲ ਇਸ ਸਮੱਸਿਆ ਦੇ ਸਥਾਈ ਹੱਲ ਵੱਲ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਗਭਗ ਸਾਢੇ ਚਾਰ ਦਹਾਕਿਆਂ ਬਾਅਦ ਇਲਾਕੇ ਵਿੱਚ ਇਹ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਦਾ ਕੰਮ ਸ਼ੁਰੂ ਹੋਣਾ ਸਥਾਨਕ ਵਸਨੀਕਾਂ ਲਈ ਵੱਡੀ ਰਾਹਤ ਅਤੇ ਖੁਸ਼ੀ ਦੀ ਗੱਲ ਹੈ।
ਮੇਅਰ ਨੇ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਸਿਰਫ਼ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਪ੍ਰਮੁੱਖ ਇਲਾਕਿਆਂ ਦਾ ਵਿਕਾਸ ਕਰਨਾ ਹੀ ਨਹੀਂ, ਸਗੋਂ ਹਰੇਕ ਵਾਰਡ, ਗਲੀ ਅਤੇ ਬਸਤੀ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾਉਣਾ ਹੈ। ਸ਼ਹਿਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਸਾਲਾਂ ਤੋਂ ਸੀਵਰੇਜ, ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਰਹੀ ਹੈ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਵਿਕਾਸ ਕਾਰਜਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੰਗਲਾ ਪੰਜਾਬ ਦੇ ਸੰਕਲਪ ਅਨੁਸਾਰ ਬਠਿੰਡਾ ਨੂੰ ਆਧੁਨਿਕ, ਸਾਫ਼-ਸੁਥਰਾ ਅਤੇ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਸਫ਼ਲਤਾ ਤਾਂ ਹੀ ਸਾਰਥਕ ਹੋਵੇਗੀ, ਜਦੋਂ ਇਨ੍ਹਾਂ ਦਾ ਸਿੱਧਾ ਲਾਭ ਆਮ ਨਾਗਰਿਕਾਂ ਨੂੰ ਮਿਲੇਗਾ। ਧੋਬੀਆਣਾ ਬਸਤੀ ਵਿੱਚ ਸੀਵਰੇਜ ਪਾਈਪਲਾਈਨ ਦਾ ਕੰਮ ਸ਼ੁਰੂ ਹੋਣਾ ਇਸੇ ਲੋਕ-ਹਿੱਤ ਵਾਲੀ ਸੋਚ ਦਾ ਨਤੀਜਾ ਹੈ। ਨਗਰ ਨਿਗਮ ਦੀ ਤਰਜੀਹ ਹੈ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਫ਼ਾਈ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਕਿਸੇ ਵੀ ਇਲਾਕੇ ਦੇ ਲੋਕਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸਾਲਾਂ ਤੱਕ ਇੰਤਜ਼ਾਰ ਨਾ ਕਰਨਾ ਪਵੇ।
ਇਲਾਕਾ ਨਿਵਾਸੀਆਂ ਨੇ ਕਰੀਬ 45 ਸਾਲਾਂ ਤੋਂ ਚੱਲੀ ਆ ਰਹੀ ਸਮੱਸਿਆ ਦੇ ਹੱਲ ਦੀ ਦਿਸ਼ਾ ਵਿੱਚ ਕੰਮ ਸ਼ੁਰੂ ਕਰਵਾਉਣ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਨਵੀਂ ਸੀਵਰੇਜ ਪਾਈਪਲਾਈਨ ਵਿਛਣ ਨਾਲ ਬਸਤੀ ਵਿੱਚ ਸਫ਼ਾਈ ਪ੍ਰਬੰਧ ਬਿਹਤਰ ਹੋਵੇਗਾ ਅਤੇ ਲੋਕਾਂ ਨੂੰ ਲੰਬੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।
- Download Babushahi App
-
-