557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਬੇਰ ਸਾਹਿਬ ਵਿਖੇ ਆਤਿਸ਼ਬਾਜ਼ੀ ਨੇ ਬੰਨ੍ਹਿਆ ਰੰਗ, ਅਲੌਕਿਕ ਨਜ਼ਾਰਾ ਦੇਖ ਨਿਹਾਲ ਹੋਈਆਂ ਸੰਗਤਾਂ
ਦੇਰ ਰਾਤ 12 ਵਜੇ ਫੁੱਲਾਂ ਦੀ ਵਰਖਾ ਨਾਲ ਸਜੇਗਾ ਗੁਰਪੁਰਬ ਦਾ ਅੰਤਿਮ ਪੜਾਅ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸੰਪੰਨ ਹੋਣਗੇ ਸਮਾਗਮ
Balwinder Singh
ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਖੁਸ਼ੀਆਂ ਦਰਮਿਆਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੇਰ ਸ਼ਾਮ ਹੋਈ ਸ਼ਾਨਦਾਰ ਆਤਿਸ਼ਬਾਜ਼ੀ ਨੇ ਅਸਮਾਨ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਰੁਸ਼ਨਾ ਦਿੱਤਾ। ਆਤਿਸ਼ਬਾਜ਼ੀ ਦਾ ਅਦਭੁੱਤ ਅਤੇ ਅਲੌਕਿਕ ਨਜ਼ਾਰਾ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਰਹੀਆਂ ਅਤੇ ਇਸ ਮਨਮੋਹਕ ਦ੍ਰਿਸ਼ ਦਾ ਆਨੰਦ ਮਾਣਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸੰਗਤਾਂ ਨੂੰ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।
ਜ਼ਿਕਰਯੋਗ ਹੈ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਤੀਤ ਕੀਤਾ ਅਤੇ ਇੱਥੋਂ ਹੀ ਸਰਬੱਤ ਦੇ ਭਲੇ ਦਾ ਸੰਦੇਸ਼ ਦੁਨੀਆ ਤੱਕ ਪਹੁੰਚਾਉਣ ਲਈ ਉਦਾਸੀਆਂ ਦੀ ਸ਼ੁਰੂਆਤ ਕੀਤੀ। ਇਸ ਪਾਵਨ ਅਸਥਾਨ ਵਿਖੇ ਹਰ ਸਾਲ ਪ੍ਰਕਾਸ਼ ਗੁਰਪੁਰਬ ਦੇ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾਂਦੇ ਹਨ।
ਹੁਣ ਗੁਰਪੁਰਬ ਸਮਾਗਮ ਆਪਣੇ ਅੰਤਿਮ ਪੜਾਅ ਵੱਲ ਵਧ ਰਹੇ ਹਨ। ਦੇਰ ਰਾਤ ਠੀਕ 12 ਵਜੇ ਫੁੱਲਾਂ ਦੀ ਵਰਖਾ ਦੇ ਮਨਮੋਹਕ ਦ੍ਰਿਸ਼ ਦਰਮਿਆਨ ਪਰਸੋਂ ਰੋਜ਼ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਗੁਰਪੁਰਬ ਸਮਾਗਮ ਸੰਪੰਨ ਹੋਣਗੇ।
- Download Babushahi App
-
-