ਸਤਲੁਜ ਦੀ ਮਾਰ ਤੋਂ ਅੱਕੇ ਕਿਸਾਨ ਸੜਕਾਂ 'ਤੇ ਉਤਰੇ..! ਦਰਿਆ ਨੂੰ ਨਹਿਰੀ ਰੂਪ ਦੇਣ ਅਤੇ ਢੁੱਕਵੇਂ ਮੁਆਵਜ਼ੇ ਦੀ ਕੀਤੀ ਜ਼ੋਰਦਾਰ ਮੰਗ
ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਵੱਲੋਂ ਹਰੀਕੇ 'ਚ ਵਿਸ਼ਾਲ ਪ੍ਰਦਰਸ਼ਨ, ਤੋੜੇ ਗਏ ਇੰਤਕਾਲ ਮੁੜ ਬਹਾਲ ਕਰਨ ਦੀ ਉਠਾਈ ਆਵਾਜ਼
ਚੋਣ ਮੈਨੀਫੈਸਟੋ ਵਿੱਚ ਹੜ੍ਹ ਪੀੜਤਾਂ ਦੀਆਂ ਮੰਗਾਂ ਦਰਜ ਕਰਨ ਸਿਆਸੀ ਧਿਰਾਂ, ਨਹੀਂ ਤਾਂ ਸੰਘਰਸ਼ ਹੋਵੇਗਾ ਤੇਜ਼: ਜਸਬੀਰ ਸਿੰਘ ਆਹਲੂਵਾਲੀਆ
Baljeet Singh
ਤਰਨਤਾਰਨ/ਹਰੀਕੇ 25 ਨਵੰਬਰ, 2026: ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਕਸਬਾ ਹਰੀਕੇ ਤੋਂ ਅੱਜ 'ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ' ਵੱਲੋਂ ਆਪਣੀਆਂ ਹੱਕੀ ਅਤੇ ਚਿਰੋਕਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਕਸਬਾ ਹਰੀਕੇ ਤੋਂ ਸ਼ੁਰੂ ਹੋ ਕੇ ਮੱਖੂ ਸਟੇਡੀਅਮ ਤੱਕ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਆਗੂਆਂ ਨੇ ਸ਼ਮੂਲੀਅਤ ਕਰਕੇ ਸਰਕਾਰਾਂ ਅਤੇ ਸਿਆਸੀ ਧਿਰਾਂ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਨੂੰ ਹਰ ਸਾਲ ਦਰਿਆਈ ਪਾਣੀ ਦੀ ਭਾਰੀ ਮਾਰ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਦਿਨਾਂ ਵਿੱਚ ਹੜ੍ਹਾਂ ਵਰਗੀ ਭਿਆਨਕ ਸਥਿਤੀ ਬਣਨ ਕਾਰਨ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ। ਇਸ ਕੁਦਰਤੀ ਆਫ਼ਤ ਅਤੇ ਪ੍ਰਸ਼ਾਸਨਿਕ ਅਣਗਹਿਲੀ ਕਾਰਨ ਕਈ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਸਤਲੁਜ ਦਰਿਆ ਦੀ ਭੇਟ ਚੜ੍ਹ ਕੇ ਪਾਣੀ ਵਿੱਚ ਸਮਾ ਗਈਆਂ ਹਨ, ਇੱਥੋਂ ਤੱਕ ਕਿ ਕਈ ਗਰੀਬ ਪਰਿਵਾਰਾਂ ਦੇ ਘਰ-ਬਾਰ ਵੀ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ੍ਹ ਚੁੱਕੇ ਹਨ।
ਕਿਸਾਨ ਆਗੂਆਂ ਨੇ ਆਪਣੀਆਂ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਥੇਬੰਦੀ ਦੀ ਸਭ ਤੋਂ ਪਹਿਲੀ ਅਤੇ ਪ੍ਰਮੁੱਖ ਮੰਗ ਇਹ ਹੈ ਕਿ ਸਤਲੁਜ ਦਰਿਆ ਨੂੰ ਪੱਕੇ ਤੌਰ 'ਤੇ ਨਹਿਰੀ ਰੂਪ ਦਿੱਤਾ ਜਾਵੇ ਅਤੇ ਇਸ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਹਰ ਸਾਲ ਆਉਣ ਵਾਲੇ ਹੜ੍ਹਾਂ ਦੀ ਮਾਰ ਤੋਂ ਇਲਾਕੇ ਦੇ ਪਿੰਡਾਂ ਅਤੇ ਜ਼ਮੀਨਾਂ ਨੂੰ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਦਰਿਆ ਬੁਰਦ ਹੋਣ ਕਾਰਨ ਉਨ੍ਹਾਂ ਦੇ ਇੰਤਕਾਲ ਤੋੜ ਦਿੱਤੇ ਗਏ ਸਨ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁੜ ਬਹਾਲ ਕੀਤਾ ਜਾਵੇ। ਜਸਬੀਰ ਸਿੰਘ ਆਹਲੂਵਾਲੀਆ ਨੇ ਮੰਗ ਕੀਤੀ ਕਿ ਜਦੋਂ ਤੱਕ ਦਰਿਆ ਨੂੰ ਨਹਿਰੀ ਰੂਪ ਦੇਣ ਦਾ ਕਾਰਜ ਮੁਕੰਮਲ ਨਹੀਂ ਹੁੰਦਾ, ਉਦੋਂ ਤੱਕ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਵਜੋਂ ਪ੍ਰਤੀ ਏਕੜ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਬੜੇ ਦੁਖੀ ਮਨ ਨਾਲ ਦੱਸਿਆ ਕਿ ਆਏ ਦਿਨ ਹੁੰਦੇ ਵੱਡੇ ਆਰਥਿਕ ਨੁਕਸਾਨਾਂ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਣ ਕਾਰਨ ਇਲਾਕੇ ਦੇ ਕਈ ਹੜ੍ਹ ਪੀੜਤ ਕਿਸਾਨ ਖ਼ੁਦਕੁਸ਼ੀਆਂ ਵਰਗਾ ਖ਼ੌਫ਼ਨਾਕ ਕਦਮ ਚੁੱਕਣ ਲਈ ਮਜਬੂਰ ਹੋ ਚੁੱਕੇ ਹਨ। ਸਮੇਂ ਦੀਆਂ ਸਰਕਾਰਾਂ ਵੱਲੋਂ ਸਿਰਫ਼ ਲਾਰੇ ਹੀ ਲਾਏ ਜਾਂਦੇ ਹਨ, ਪਰ ਜ਼ਮੀਨੀ ਪੱਧਰ 'ਤੇ ਕੋਈ ਠੋਸ ਹੱਲ ਨਹੀਂ ਕੱਢਿਆ ਜਾ ਰਿਹਾ।
ਰੋਸ ਮਾਰਚ ਦੌਰਾਨ ਕਿਸਾਨ ਆਗੂਆਂ ਨੇ ਸੂਬੇ ਦੀਆਂ ਸਮੂਹ ਸਿਆਸੀ ਪਾਰਟੀਆਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਹੜ੍ਹ ਪੀੜਤ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਆਪਣੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਵਿੱਚ ਪ੍ਰਮੁੱਖਤਾ ਨਾਲ ਸ਼ਾਮਲ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਿਆਸੀ ਧਿਰਾਂ ਨੇ ਹੜ੍ਹ ਪੀੜਤਾਂ ਦੀ ਬਾਂਹ ਨਾ ਫੜੀ ਤਾਂ ਕਿਸਾਨ ਜਥੇਬੰਦੀਆਂ ਆਉਣ ਵਾਲੇ ਸਮੇਂ ਵਿੱਚ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੀਆਂ।
- Download Babushahi App
-
-