BIG BREAKING: ਗੁਰਪੁਰਬ ਮੌਕੇ ਪਾਕਿਸਤਾਨ ਗਏ ਸਿੱਖ ਜਥੇ 'ਚੋਂ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ!
ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਣ ਸਮੇਂ ਸਾਹਮਣੇ ਆਇਆ ਮਾਮਲਾ, 2339 ਸ਼ਰਧਾਲੂਆਂ ਦਾ ਜਥਾ ਅਜੇ ਪਾਕਿਸਤਾਨ ਤੋਂ ਨਹੀਂ ਪਰਤਿਆ
ਚੰਡੀਗੜ੍ਹ, 26 ਨਵੰਬਰ 2026- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਤਿੰਨ ਵਿਅਕਤੀਆਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਲਾਪਤਾ ਹੋਏ ਤਿੰਨੇ ਸ਼ਰਧਾਲੂ ਪੰਜਾਬ ਨਾਲ ਸਬੰਧਤ ਹਨ। ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਵਿੱਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਪਹੁੰਚਿਆ ਸੀ। 23 ਅਤੇ 24 ਨਵੰਬਰ ਨੂੰ ਸਾਰੇ ਸ਼ਰਧਾਲੂ ਨਨਕਾਣਾ ਸਾਹਿਬ ਵਿਖੇ ਹੀ ਮੌਜੂਦ ਸਨ।
ਪਰ 25 ਨਵੰਬਰ ਦੀ ਸਵੇਰ ਜਦੋਂ ਜਥੇ ਨੇ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਪੰਜਾ ਸਾਹਿਬ ਲਈ ਰਵਾਨਾ ਹੋਣ ਦੀ ਤਿਆਰੀ ਕੀਤੀ ਤਾਂ ਤਿੰਨ ਸ਼ਰਧਾਲੂ ਉੱਥੇ ਮੌਜੂਦ ਨਹੀਂ ਮਿਲੇ। ਇਸ ਤੋਂ ਬਾਅਦ ਉਨ੍ਹਾਂ ਦੇ ਲਾਪਤਾ ਹੋਣ ਦੀ ਜਾਣਕਾਰੀ ਸਾਹਮਣੇ ਆਈ।
ਸੂਤਰਾਂ ਅਨੁਸਾਰ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕੁੱਲ 2339 ਸਿੱਖ ਸ਼ਰਧਾਲੂ ਪਾਕਿਸਤਾਨ ਗਏ ਸਨ। ਇਸੇ ਜਥੇ ਵਿੱਚੋਂ ਤਿੰਨ ਵਿਅਕਤੀਆਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਲਾਪਤਾ ਸ਼ਰਧਾਲੂਆਂ ਦੀ ਪਛਾਣ ਬੀਕਰ ਸਿੰਘ S/o ਗੁਰਦਾਸ ਰਾਮ (ਫਿਲੌਰ ਜ਼ਿਲ੍ਹਾ ਜਲੰਧਰ), ਵਿਕਰਮਜੀਤ ਸਿੰਘ S/o ਕੁੰਦਨ (ਗੁਰੂ ਨਾਨਕ ਕਾਲੋਨੀ, ਤਰਨਤਾਰਨ) ਅਤੇ ਹਰਪ੍ਰੀਤ ਸਿੰਘ S/o ਕਵਲਜੀਤ ਸਿੰਘ (ਸੁਲਤਾਨਵਿੰਡ, ਅੰਮ੍ਰਿਤਸਰ) ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਗੁਰਪੁਰਬ ਮੌਕੇ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅਜੇ ਭਾਰਤ ਵਾਪਸ ਨਹੀਂ ਪਰਤਿਆ ਹੈ। ਇਸ ਦੌਰਾਨ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਪੰਜਾ ਸਾਹਿਬ ਜਾਣ ਸਮੇਂ ਤਿੰਨ ਸ਼ਰਧਾਲੂਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਤਿੰਨੇ ਸ਼ਰਧਾਲੂ ਕਿਹੜੇ ਹਾਲਾਤਾਂ ਵਿੱਚ ਲਾਪਤਾ ਹੋਏ ਹਨ ਅਤੇ ਉਨ੍ਹਾਂ ਦੇ ਲਾਪਤਾ ਹੋਣ ਪਿੱਛੇ ਕੀ ਕਾਰਨ ਹਨ।
ਜਾਣਕਾਰੀ ਅਨੁਸਾਰ ਪਾਕਿਸਤਾਨ ਸਰਕਾਰ ਵੱਲੋਂ ਇਸ ਮੌਕੇ ਕਰੀਬ 3000 ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਸਨ। ਇਸ ਸ਼ਰਧਾਲੂ ਜਥੇ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰ ਰਹੇ ਹਨ। ਇਸ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਰਵਿੰਦਰ ਸਿੰਘ ਖਾਲਸਾ ਤੋਂ ਇਲਾਵਾ ਮੈਂਬਰ ਪਰਮਿੰਦਰ ਕੌਰ, ਗੁਰਨਾਮ ਸਿੰਘ ਜੱਸਲ, ਗੁਰਿੰਦਰ ਕੌਰ ਭੋਲੂਵਾਲਾ ਅਤੇ ਲਖਬੀਰ ਸਿੰਘ ਵੀ ਸ਼ਾਮਲ ਹਨ।
ਪਾਕਿਸਤਾਨ ਵਿੱਚ ਸਿੱਖ ਸ਼ਰਧਾਲੂਆਂ ਦੇ ਪਹੁੰਚਣ 'ਤੇ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਕਮਰ ਜ਼ਮਾਨ, ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ ਸਮੇਤ ਹੋਰ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਸੀ।
ਹਰਮੀਤ ਸਿੰਘ ਕਾਲਕਾ ਨੇ ਪ੍ਰਗਟਾਈ ਚਿੰਤਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਤਿੰਨ ਸਿੱਖ ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਘਟਨਾ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਗੱਲ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਲਾਪਤਾ ਹੋ ਗਏ ਹਨ। ਉਨ੍ਹਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਲਾਪਤਾ ਸ਼ਰਧਾਲੂਆਂ ਬਾਰੇ ਜਲਦ ਜਾਣਕਾਰੀ ਹਾਸਲ ਕਰਨ ਦੀ ਮੰਗ ਕੀਤੀ। ਫਿਲਹਾਲ ਸਿੱਖ ਸੰਗਤ ਵੱਲੋਂ ਤਿੰਨਾਂ ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਲਈ ਚਿੰਤਾ ਪ੍ਰਗਟਾਈ ਜਾ ਰਹੀ ਹੈ।
- Download Babushahi App
-
-