ਕੈਂਸਰ ਮਰੀਜ਼ਾਂ ਨੂੰ ਹਸਪਤਾਲ ਦੇ ਮੈਡੀਕਲ ਸਟੋਰਾਂ ਤੋਂ ਹੀ ਦਵਾਈਆਂ ਖਰੀਦਣ ਲਈ ਮਜਬੂਰ ਕਰਨ ਦੇ ਦੋਸ਼, ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ
ਸੁਖਮਿੰਦਰ ਭੰਗੂ
ਲੁਧਿਆਣਾ 27 ਨਵੰਬਰ 2026
ਲੁਧਿਆਣਾ ਹੀਰੋ ਹਾਰਟ ਡੀਐੱਮਸੀ ਹਸਪਤਾਲ ਕੰਪਲੈਕਸ ਵਿੱਚ ਸਥਿਤ ਕੈਂਸਰ ਕੇਅਰ ਸੈਂਟਰ, ਅਮੈਰੀਕਨ ਓਨਕੋਲੋਜੀ ਇੰਸਟੀਚਿਊਟ ਵਿਰੁੱਧ ਮਰੀਜ਼ਾਂ ਨੂੰ ਹਸਪਤਾਲ ਦੇ ਆਪਣੇ ਮੈਡੀਕਲ ਸਟੋਰਾਂ ਤੋਂ ਹੀ ਦਵਾਈਆਂ ਖਰੀਦਣ ਲਈ ਮਜਬੂਰ ਕਰਨ ਦੇ ਗੰਭੀਰ ਦੋਸ਼ ਸਾਹਮਣੇ ਆਏ ਸਨ । ਇਸ ਮਾਮਲੇ ਵਿੱਚ ਰੋਹਿਤ ਸੱਭਰਵਾਲ ਵੱਲੋਂ ਕੀਤੀ ਗਈ ਸ਼ਿਕਾਇਤ ਦਾ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਨੋਟਿਸ ਲੈਂਦਿਆਂ ਇਸ ਨੂੰ ਅਗਲੀ ਕਾਰਵਾਈ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਸਕੱਤਰ ਕੋਲ ਭੇਜ ਦਿੱਤਾ ਹੈ।
20 ਨਵੰਬਰ 2026 ਨੂੰ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸ਼ਿਕਾਇਤ ’ਤੇ ਲੋੜੀਂਦੀ ਕਾਰਵਾਈ ਕਰਨ ਅਤੇ ਕੀਤੀ ਗਈ ਕਾਰਵਾਈ ਬਾਰੇ ਸ਼ਿਕਾਇਤਕਰਤਾ ਨੂੰ ਜਾਣੂ ਕਰਵਾਉਣ ਲਈ ਕਿਹਾ ਹੈ। ਸ਼ਿਕਾਇਤ ਦੀ ਇੱਕ ਕਾਪੀ ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੂੰ ਵੀ ਭੇਜੀ ਗਈ ਹੈ।
ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਾਹਰਲੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਖਰੀਦਣ ਤੋਂ ਰੋਕਿਆ ਜਾਂਦਾ ਹੈ। ਇੱਥੋਂ ਤੱਕ ਕਿ ਬਾਹਰੋਂ ਖਰੀਦੀਆਂ ਦਵਾਈਆਂ ਲੈ ਕੇ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਆ ਕਰਮਚਾਰੀਆਂ ਵੱਲੋਂ ਹਸਪਤਾਲ ਅੰਦਰ ਦਾਖ਼ਲ ਹੋਣ ਤੋਂ ਰੋਕਣ ਦੇ ਵੀ ਦੋਸ਼ ਲਗਾਏ ਗਏ ਹਨ।
ਰੋਹਿਤ ਸੱਭਰਵਾਲ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮਰੀਜ਼ਾਂ ਨੂੰ ਆਪਣੀ ਪਸੰਦ ਦੇ ਕਿਸੇ ਵੀ ਲਾਇਸੈਂਸਸ਼ੁਦਾ ਮੈਡੀਕਲ ਸਟੋਰ ਤੋਂ ਦਵਾਈਆਂ ਖਰੀਦਣ ਦੀ ਆਜ਼ਾਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹਸਪਤਾਲ ਵਿੱਚ ਸੂਚਨਾ ਬੋਰਡ ਲਗਾਉਣ ਦੀ ਮੰਗ ਵੀ ਕੀਤੀ ਹੈ, ਤਾਂ ਜੋ ਮਰੀਜ਼ਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਮਿਲ ਸਕੇ।
ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਇਸ ਸ਼ਿਕਾਇਤ ’ਤੇ ਕੀ ਕਾਰਵਾਈ ਕਰਦਾ ਹੈ। ਹਾਲਾਂਕਿ, ਲਗਾਏ ਗਏ ਦੋਸ਼ਾਂ ਦੀ ਅਸਲੀਅਤ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
- Download Babushahi App
-
-